ਕਿਉਂ ਪ੍ਰਵਾਸੀ ਪੰਜਾਬੀਆਂ ਤੋੰ ਖ਼ੋਫ਼ਜਦਾ ਹਨ ਪੰਜਾਬ ਦੇ ਨੇਤਾ? - ਗੁਰਮੀਤ ਸਿੰਘ ਪਲਾਹੀ
ਅਵੇਰ-ਸਵੇਰ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਪੰਜਾਬੀਆਂ ਦੀਆਂ ਬਰੂੰਹਾਂ 'ਤੇ ਹਨ। ਪੰਜਾਬ ਦੀਆਂ ਪੰਜ-ਛੇ ਧਿਰਾਂ ਇਨ੍ਹਾਂ ਚੋਣਾਂ 'ਚ ਆਪਣੀ ਤਾਕਤ ਪਰਖਣ ਲਈ ਜ਼ੋਰ-ਅਜ਼ਮਾਈ ਕਰਨਗੀਆਂ। ਇਨ੍ਹਾਂ ਵਿੱਚੋਂ ਬਹੁਤੀਆਂ ਧਿਰਾਂ ਦਾ ਜ਼ੋਰ ਪ੍ਰਦੇਸ ਵੱਸਦੇ ਪੰਜਾਬੀਆਂ ਨੂੰ ਆਪਣੇ ਵੱਲ ਕਰਨ ਦਾ ਹੈ, ਤਾਂ ਕਿ ਉਹ ਆਪਣੀ ਜਿੱਤ ਯਕੀਨੀ ਬਣਾ ਸਕਣ। ਕਿਉਂਕਿ ਪੰਜਾਬ ਦੇ ਨੇਤਾਵਾਂ ਦੀ ਸਿੱਧੀ-ਪੱਧਰੀ ਸੋਚ ਇਹ ਹੈ ਕਿ ਵਤਨੋ ਪਾਰ ਬੈਠੇ ਪੰਜਾਬੀ ਇਹਨਾਂ ਚੋਣਾਂ 'ਚ ਉਨ੍ਹਾਂ ਦੀ ਜਿੱਤ-ਹਾਰ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ, ਇਸ ਲਈ ਸਾਰੇ ਸਿਆਸੀ ਦਲ ਹੁਣੇ ਤੋਂ ਪਰਵਾਸੀ ਪੰਜਾਬੀਆਂ ਦਾ ਦਿਲ ਜਿੱਤਣ ਲਈ ਪੱਬਾਂ ਭਾਰ ਹੋਏ ਪਏ ਹਨ। ਇਹੋ ਕਾਰਨ ਹੈ ਕਿ ਇਨ੍ਹਾਂ ਦਿਨਾਂ ਵਿੱਚ ਪੰਜਾਬ ਦੀਆਂ ਲੱਗਭੱਗ ਸਾਰੀਆਂ ਪਾਰਟੀਆਂ ਦੇ ਨੇਤਾ ਵਿਦੇਸ਼ੀ ਦੌਰਿਆਂ 'ਤੇ ਹਨ।
ਬਿਨਾਂ ਸ਼ੱਕ ਪਰਵਾਸੀ ਪੰਜਾਬੀਆਂ ਦੀ ਆਪਣੀ ਵੋਟ ਨਹੀਂ ਹੈ, ਜਿਸ ਨਾਲ ਉਹ ਕਿਸੇ ਸਿਆਸੀ ਨੇਤਾ ਨੂੰ ਸਿੱਧੇ ਜਿਤਾ ਸਕਣ, ਪਰ ਉਨ੍ਹਾਂ ਵਿੱਚੋਂ ਬਹੁਤਿਆਂ ਦੀ ਆਪੋ-ਆਪਣੇ ਪਿੰਡਾਂ, ਇਲਾਕਿਆਂ 'ਚ ਚੰਗੀ ਪੈਂਠ ਮੰਨੀ ਜਾਂਦੀ ਹੈ ਅਤੇ ਸਿਆਸੀ ਦਲਾਂ ਦੇ ਲਈ ਚੋਣ ਫ਼ੰਡ ਦਾ ਉਹ ਵੱਡਾ ਜ਼ਰੀਆ ਹਨ।
ਪਰਵਾਸੀ ਪੰਜਾਬੀ, ਜਿਨ੍ਹਾਂ ਦੀਆਂ ਜੜ੍ਹਾਂ ਆਮ ਕਰ ਕੇ ਪੰਜਾਬ ਦੇ ਪਿੰਡਾਂ ਵਿੱਚ ਹਨ, ਪਿੰਡਾਂ ਦੇ ਸਰਪੰਚਾਂ-ਪੰਚਾਂ ਦੀਆਂ ਚੋਣਾਂ ਤੋਂ ਲੈ ਕੇ ਪੰਚਾਇਤ ਸੰਮਤੀਆਂ, ਜ਼ਿਲ੍ਹਾ ਪ੍ਰੀਸ਼ਦਾਂ ਤੇ ਵਿਧਾਨ ਸਭਾ ਦੀਆਂ ਚੋਣਾਂ 'ਚ ਖ਼ਾਸ ਕਰ ਕੇ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ ਦੀ ਵੱਖਰੀ ਕਿਸਮ ਦੀ ਰਾਜਨੀਤੀ ਦੂਰ ਬੈਠਿਆਂ ਵੀ ਪੰਜਾਬ ਦੇ ਗੁਰਦਵਾਰਿਆਂ ਦੀਆਂ ਪ੍ਰਬੰਧਕ ਕਮੇਟੀਆਂ, ਖੇਡ ਕਲੱਬਾਂ, ਸਹਿਕਾਰੀ ਸੁਸਾਇਟੀਆਂ, ਪ੍ਰਾਈਵੇਟ ਸਕੂਲ ਪ੍ਰਬੰਧਕ ਕਮੇਟੀਆਂ ਨੂੰ ਚਲਾਉਣ ਅਤੇ ਸਥਾਨਕ ਨੇਤਾਵਾਂ ਦੀ ਚੜ੍ਹਤ ਅਤੇ ਗਿਰਾਵਟ ਲਈ ਆਮ ਤੌਰ 'ਤੇ ਮੰਨੀ ਜਾਂਦੀ ਹੈ। ਕਿਉਂਕਿ ਸਾਲਾਂ-ਬੱਧੀ ਵਿਦੇਸ਼ ਵਿੱਚ ਰਹਿ ਕੇ ਉਹ ਪਿੰਡੋਂ ਜਿਸ ਧਿਰ ਨਾਲ ਬੱਝੇ ਵਿਦੇਸ਼ઠਵੱਲ ਵਹੀਰਾਂ ਘੱਤਦੇ ਰਹੇ ਹਨ, ਉਸੇ ਧਿਰ ਨਾਲ ਸਾਰੀ ਉਮਰ ਧੜਾ ਪਾਲਦੇ ਹਨ। ਉਸ ਧਿਰ ਨੂੰ ਉਹ ਪਲੋਸਦੇ ਹਨ, ਉਤਸ਼ਾਹਤ ਕਰਦੇ ਹਨ, ਨਰੋਆ ਕਰਦੇ ਹਨ ਅਤੇ ਪੈਸੇ-ਟਕੇ ਦੀ ਮਦਦ ਤੋਂ ਬਿਨਾਂ ਆਪਣੇ ਸ਼ਰੀਕੇ-ਭਾਈਚਾਰੇ ਨੂੰ ਆਪਣੇ ਧੜੇ ਲਈ ਖੜਨ ਵਾਸਤੇ ਟੈਲੀਫੋਨ, ਚਿੱਠੀਆਂ, ਸੁਨੇਹੇ ਭੇਜਦੇ ਰਹਿੰਦੇ ਹਨ। ਇਹ ਸਭ ਕੁਝ ਕਰਦਿਆਂ ਜਿੱਥੇ ਉਹ ਆਪਣੇ ਪਿੰਡ, ਉਸ ਦੇ ਵਿਕਾਸ, ਆਪਣੇ ਧੜੇ, ਉਸ ਦੀ ਸਥਿਰਤਾ ਦਾ ਧਿਆਨ ਰੱਖਦੇ ਹਨ, ਉਥੇ ਆਪਣੀਆਂ ਪੁਰਾਣੀਆਂ ਕਿੜਾਂ ਕੱਢਣ ਅਤੇ ਸਾਂਝਾਂ ਪਾਲਣ ਤੋਂ ਵੀ ਪਿੱਛੇ ਨਹੀਂ ਹਟਦੇ। ਉਹ ਆਪਣੇ ਪਿੰਡ, ਸ਼ਹਿਰ, ਕਸਬੇ, ਸੂਬੇ ਦੀ ਮਾੜੀ ਹਾਲਤ, ਕਨੂੰਨ ਵਿਵਸਥਾ, ਪਿੰਡਾਂ-ਸ਼ਹਿਰਾਂઠ'ਚ ਹੁੰਦੀ ਲੁੱਟ-ਖਸੁੱਟ ਅਤੇ ਸਥਾਨਕ ਪਾਰਟੀਆਂ ਦੇ ਨੇਤਾਵਾਂ ਦੇ ਵਰਤਾਰੇ ਅਤੇ ਧਾਰਮਿਕ ਅਤੇ ਰਾਜਨੀਤਕ ਹਾਲਤਾਂ ਨੂੰ ਨਿਰਖ-ਪਰਖ ਕੇ, ਪਿੱਛੇ ਰਹੇ ਦੋਸਤਾਂ ਤੋਂ ਸੁਣ-ਜਾਣ ਕੇ, ਵਿਦੇਸ਼ ਦੀਆਂ ਦੇਸੀ ਅਖ਼ਬਾਰਾਂ ਤੋਂ ਜਾਣਕਾਰੀ ਲੈ ਕੇ, ਇੰਟਰਨੈੱਟ, ਮੋਬਾਈਲ ਰਾਹੀਂ ਸਮਝ ਕੇ ਉਹ ਉਸ ਦੇਸ਼, ਜਿੱਥੇ ਉਹ ਰਹਿੰਦੇ ਹਨ, ਦੇ ਨਾਲ ਆਪਣੀ ਜਨਮ ਭੂਮੀ ਦਾ ਮੁਕਾਬਲਾ ਕਰਦੇ ਰਹਿੰਦੇ ਹਨ। ਤੇ ਆਪਣੀ ਸਮਝ ਅਨੁਸਾਰ ਉਨ੍ਹਾਂ ਦੀ ਇਹ ਧਾਰਨਾ ਬਣਦੀ ਹੈ ਕਿ ਉਨ੍ਹਾਂ ਦੀ ਪਿਛਲੀ ਜਨਮ ਭੂਮੀ ਵੀ ਇਹੋ ਜਿਹੀ ਹੋਵੇ, ਉਥੇ ਰਹਿੰਦੇ ਉਨ੍ਹਾਂ ਦੇ ਮਿੱਤਰ ਪਿਆਰੇ ਵੀ ਉਹੋ ਜਿਹੀਆਂ ਸਹੂਲਤਾਂ ਮਾਨਣ, ਜਿਹੜੀਆਂ ਉਹ ਮਾਣ ਰਹੇ ਹਨ ਅਤੇ ਸਿੱਟੇ ਵਜੋਂ ਉਹ ਸਮੇਂ-ਸਮੇਂ ਵੋਟਾਂ 'ਚ ਚੰਗੇ ਉਮੀਦਵਾਰਾਂ, ਚੰਗੀਆਂ ਪਾਰਟੀਆਂ, ਸਿਆਣੇ-ਸੁਲਝੇ ਲੋਕਾਂ ਨੂੰ ਅੱਗੇ ਲਿਆਉਣ ਲਈ ਅੱਡੀ-ਚੋਟੀ ਦਾ ਜ਼ੋਰ ਲਾਉਣੋਂ ਵੀ ਨਹੀਂ ਝਿਜਕਦੇ।
ਇੰਝ ਬਣਾਈ ਸੋਚ ਸਦਕਾ ਉਹ ਕਦੇ ਇਕੱਲੇ, ਕਦੇ ਗਰੁੱਪਾਂ ਵਿੱਚ ਇਕੱਠੇ ਹੋ ਕੇ ਇੱਕ ਪ੍ਰਭਾਵਸ਼ਾਲੀ ਆਵਾਜ਼ ਨਾਲ ਆਪਣੀ ਰਾਏ ਹੀ ਪ੍ਰਗਟ ਨਹੀਂ ਕਰਦੇ, ਸਗੋਂ ਇਸ ਆਵਾਜ਼ ਨੂੰ ਹਕੀਕਤ ਵਿੱਚ ਬਦਲਣ ਲਈ ਤਨੋਂ, ਮਨੋਂ, ਧਨੋਂ ਪੂਰਾ ਜ਼ੋਰ ਲਗਾ ਕੇ ਤਬਦੀਲੀ ਲਿਆਉਣ ਦਾ ਉਪਰਾਲਾ ਕਰਦੇ ਹਨ। ਕਈ ਵੇਰ ਇਹ ਆਵਾਜ਼ ਏਨੀ ਸਥਿਰ ਅਤੇ ਸ਼ਕਤੀਸ਼ਾਲੀ ਬਣਦੀ ਹੈ ਕਿ ਪੰਜਾਬ ਦੇ ਹਾਕਮ ਇਸ ਆਵਾਜ਼ ਤੋਂ ਤ੍ਰਹਿੰਦੇ ਹਨ, ਡਰਦੇ ਹਨ। ਹਾਕਮ ਆਪਣੇ ਕੀਤੇ ਕੰਮਾਂ ਨੂੰ ਉਨ੍ਹਾਂ ਤੱਕ ਪਹੁੰਚਾਉਣ ਲਈ ਅਤੇ ਵਿਰੋਧੀ ਧਿਰ ਹਾਕਮਾਂ ਨੂੰ ਨਿੰਦਣ ਅਤੇ ਆਪਣੇ ਨਾਲ ਪਰਵਾਸੀਆਂ ਨੂੰ ਖੜੇ ਕਰਨ ਲਈ ਉਨ੍ਹਾਂ ਤੱਕ ਪਹੁੰਚ ਕਰਦੀ ਹੈ।
ਸਮੇਂ-ਸਮੇਂ 'ਤੇ ਆਜ਼ਾਦੀ ਤੋਂ ਪਹਿਲਾਂ ਦੀਆਂ ਵਤਨੋਂ ਦੂਰ ਉੱਠੀਆਂ ਲਹਿਰਾਂ ਅਤੇ ਉਨ੍ਹਾਂ 'ਚ ਸ਼ਾਮਲ ਪੰਜਾਬੀਆਂ ਨੇ ਆਪਣੀ ਜਨਮ ਭੂਮੀ ਦੀਆਂ ਗ਼ੁਲਾਮੀ ਦੀਆਂ ਜ਼ੰਜੀਰਾਂ ਕੱਟਣ ਲਈ ਵੱਡਾ ਰੋਲ ਅਦਾ ਕੀਤਾ ਸੀ। ਆਜ਼ਾਦੀ ਤੋਂ ਬਾਅਦ ਤੇ ਖ਼ਾਸ ਤੌਰ ਉੱਤੇ ਪਿਛਲੇ ਤਿੰਨ-ਚਾਰ ਦਹਾਕਿਆਂ ਦੌਰਾਨ ਪੰਜਾਬ 'ਚ ਪਰਵਾਸੀ ਪੰਜਾਬੀਆਂ ਨੇ ਧਾਰਮਿਕ, ਸਮਾਜਿਕ ਤੇ ਰਾਜਨੀਤਕ ਖੇਤਰ 'ਚ ਤਬਦੀਲੀ ਲਈ ਅਹਿਮ ਭੂਮਿਕਾ ਨਿਭਾਈ ਹੈ। ਪੰਜਾਬ ਦਾ ਹਰ ਪੱਖੋਂ ਵਿਕਾਸ ਹੋਵੇ, ਚੰਗੇਰਾ ਬੁਨਿਆਦੀ ਢਾਂਚਾ ਉੱਸਰੇ, ਚੰਗੀਆਂ ਸਿੱਖਿਆ, ਸਿਹਤ ਸਹੂਲਤਾਂ ਮਿਲਣ; ਪਰਵਾਸੀ ਪੰਜਾਬੀਆਂ ਨੇ ਇਸੇ ਲਈ ਆਪਣੀ ਕਿਰਤ-ਕਮਾਈ ਵਿੱਚੋਂ ਇੱਥੇ ਸਕੂਲ ਖੋਲ੍ਹੇ, ਹਸਪਤਾਲ ਬਣਾਏ, ਖੇਡ ਸਟੇਡੀਅਮ ਉਸਾਰੇ। ਪਿੰਡਾਂ ਦੀਆਂ ਗਲੀਆਂ-ਨਾਲੀਆਂ ਪੱਕੀਆਂ ਕਰਨ ਤੋਂ ਲੈ ਕੇ ਸੀਵਰੇਜ ਸਿਸਟਮ ਉਸਾਰਨ, ਸੁੰਦਰ ਧਾਰਮਿਕ ਸਥਾਨ ਬਣਾਉਣ ਤੋਂ ਲੈ ਕੇ ਲੋੜਵੰਦ ਵਿਦਿਆਰਥੀਆਂ ਦੀਆਂ ਫੀਸਾਂ ਦੇਣ, ਲੜਕੀਆਂ ਦੇ ਵਿਆਹ ਕਰਨ ਜਿਹੇ ਪਰਉਪਕਾਰੀ ਕੰਮ ਕੀਤੇ ਹਨ। ਇਹੋ ਨਹੀਂ, ਉਨ੍ਹਾਂ ਨੇ ਰੁਜ਼ਗਾਰ ਦੇਣ ਲਈ ਕਈ ਥਾਂਈਂ ਆਪਣੀ ਕਮਾਈ ਪੂੰਜੀ ਵਿੱਚੋਂ ਕਾਰੋਬਾਰ ਵੀ ਖੋਲ੍ਹੇ।
ਪਰ ਪਰਵਾਸੀ ਪੰਜਾਬੀਆਂ ਨੂੰ ਜੋ ਦਿੱਕਤਾਂ ਉਨ੍ਹਾਂ ਦੀ ਪੰਜਾਬ ਵਿੱਚ ਪਈ ਜਾਇਦਾਦ ਦੀ ਸੰਭਾਲ ਲਈ ਆਈਆਂ, ਜਿਵੇਂ ਕਈ ਥਾਂਈਂ ਉਨ੍ਹਾਂ ਦੇ ਰਿਸ਼ਤੇਦਾਰਾਂ, ਸਕੇ-ਸੰਬੰਧੀਆਂ, ਇਥੋਂ ਦੇ ਦਲਾਲ ਕਿਸਮ ਦੇ ਲੋਕਾਂ ਨੇ ਉਨ੍ਹਾਂ ਦੀ ਲੁੱਟ ਕੀਤੀ, ਉਨ੍ਹਾਂ ਨਾਲ ਗ਼ੈਰਾਂ ਜਿਹਾ ਵਿਹਾਰ ਹੋਇਆ, ਉਸ ਦੀ ਚਸਕ ਉਨ੍ਹਾਂ ਦੇ ਮਨਾਂ 'ਤੇ ਚਟਾਕ ਪਾ ਗਈ। ਹਵਾਈ ਅੱਡੇ 'ਤੇ ਉਨ੍ਹਾਂ ਦੀ ਆਉ-ਭਗਤ ਦੀ ਥਾਂ ਉਨ੍ਹਾਂ ਦੀਆਂ ਜੇਬਾਂ ਟਟੋਲਣ ਜਿਹਾ ਅਧਿਕਾਰੀਆਂ ਦਾ ਵਰਤਾਰਾ, ਭੂ-ਮਾਫੀਆ ਵੱਲੋਂ ਉਨ੍ਹਾਂ ਦੀ ਜਾਇਦਾਦ ਦੀ ਵੇਚ-ਵੱਟਤ ਸਮੇਂ ਵੱਡੀਆਂ ਹੇਰਾ-ਫੇਰੀਆਂ, ਪੁਲਸ ਵੱਲੋਂ ਕੁਝ ਸਥਾਨਕ ਨੇਤਾਵਾਂ ਦੀ ਸ਼ਹਿ ਉੱਤੇ ਬਿਨਾਂ ਵਜ੍ਹਾ ਐੱਫ਼ ਆਈ ਆਰ ਦਰਜ ਕਰਨ ਕਾਰਨ ਉਨ੍ਹਾਂ ਦਾ ਪੰਜਾਬ ਪ੍ਰਸ਼ਾਸਨ ਪ੍ਰਤੀ ਮੋਹ ਭੰਗ ਹੋਇਆ ਹੈ।
ਕੇਂਦਰੀ ਤੇ ਸੂਬਾ ਸਰਕਾਰਾਂ ਦਾ ਉਨ੍ਹਾਂ ਪ੍ਰਤੀ ਮਾੜਾ ਰਵੱਈਆ ਉਨ੍ਹਾਂ ਵਿੱਚ ਲਗਾਤਾਰ ਰੋਸਾ ਪੈਦਾ ਕਰਦਾ ਰਿਹਾ ਹੈ। ਇਸ ਰੋਸੇ ਨੂੰ ਦੂਰ ਕਰਨ ਤੇ ਪਰਵਾਸੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਸੂਬਾ ਸਰਕਾਰ ਵੱਲੋਂ ਹਰ ਵਰ੍ਹੇ ਪਰਵਾਸੀ ਸੰਮੇਲਨ ਤੇ ਫਿਰ ਸੰਗਤ ਦਰਸ਼ਨ ਕਰ ਕੇ ਉਨ੍ਹਾਂ ਦਾ ਮਨ ਜਿੱਤਣ ਦਾ ਯਤਨ ਹੋਇਆ ਹੈ, ਉਨ੍ਹਾਂ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ, ਪਰ ਫਿਰ ਵੀ ਉਹਨਾਂ ਦਾ ਪੰਜਾਬ ਪ੍ਰਤੀ, ਇਥੋਂ ਦੀਆਂ ਸਮੇਂ-ਸਮੇਂ ਬਣੀਆਂ ਕਾਂਗਰਸੀ ਤੇ ਅਕਾਲੀ ਸਰਕਾਰਾਂ ਪ੍ਰਤੀ ਗੁੱਸਾ ਸੱਤ ਅਸਮਾਨੇ ਹੈ। ਪੰਜਾਬ 'ਚ ਫੈਲੇ ਨਸ਼ਿਆਂ ਦੇ ਕਾਰੋਬਾਰ ਅਤੇ ਭ੍ਰਿਸ਼ਟਾਚਾਰ ਜਿਹੇ ਮੁੱਦਿਆਂ ਕਾਰਨ ਪਰਵਾਸੀਆਂ ਦਾ ਸਰਕਾਰਾਂ ਪ੍ਰਤੀ ਭਰੋਸਾ ਕਮਜ਼ੋਰ ਹੋਇਆ ਹੈ ਤੇ ਲਗਾਤਾਰ ਹੋ ਰਿਹਾ ਹੈ। ਬਾਹਰ ਬੈਠੇ ਪਰਵਾਸੀ ਪੰਜਾਬ 'ਚ ਸੱਤਾ ਤਬਦੀਲੀ ਦੀ ਤੀਬਰ ਇੱਛਾ ਪਾਲੀ ਬੈਠੇ ਹਨ। ਇਸ ਸਭ ਕੁਝ ਨੂੰ ਵੇਖਦਿਆਂ ਰਾਜਨੀਤਕ ਪਾਰਟੀਆਂ ਪਰਵਾਸੀਆਂ ਨੂੰ ਆਪਣੇ ਵੱਲ ਕਰਨ ਲਈ ਉਨ੍ਹਾਂ ਦੇ ਦਰੀਂ ਢੁੱਕ ਰਹੀਆਂ ਹਨ, ਤਾਂ ਕਿ ਉਨ੍ਹਾਂ ਰਾਹੀਂ ਉਨ੍ਹਾਂ ਦੇ ਸੰਪਰਕਾਂ ਵਾਲੀਆਂ ਇਧਰਲੀਆਂ ਵੋਟਾਂ ਆਪਣੇ ਹੱਕ 'ਚ ਭੁਗਤਾਈਆਂ ਜਾ ਸਕਣ ਅਤੇ ਉਨ੍ਹਾਂ ਤੋਂ ਇਸ ਚੋਣ ਲਈ ਮਾਇਕ ਸਹਾਇਤਾ ਵੀ ਲਈ ਜਾਵੇ।
ਕੋਈ ਤਿੰਨ ਕੁ ਸਾਲ ਪਹਿਲਾਂ ਨਵੀਂ ਸਥਾਪਤ ਹੋਈ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਯੂਰਪ ਦਾ ਦੌਰਾ ਕੀਤਾ। ਸਮਝਿਆ ਜਾਂਦਾ ਹੈ ਕਿ ਲੋਕ ਸਭਾ ਚੋਣਾਂ 'ਚ ਪੰਜਾਬ 'ਚ ਆਮ ਆਦਮੀ ਪਾਰਟੀ ਦੇ ਉਭਾਰ ਵਿੱਚ ਪਰਵਾਸੀ ਪੰਜਾਬੀਆਂ ਦਾ ਵੱਡਾ ਯੋਗਦਾਨ ਸੀ। ਤਦੇ ਆਮ ਆਦਮੀ ਪਾਰਟੀ ਪੰਜਾਬ ਵਿੱਚੋਂ 4 ਲੋਕ ਸਭਾ ਸੀਟਾਂ ਜਿੱਤੀ, ਅਤੇ ਕੁੱਲ ਪੋਲ ਵੋਟਾਂ ਵਿੱਚੋਂ 30 ਫ਼ੀਸਦੀ ਹਾਸਲ ਕਰਨ 'ਚ ਕਾਮਯਾਬ ਹੋਈ। ਅਸਲ ਵਿੱਚ ਪੂਰੇ ਦੇਸ਼ ਵਿੱਚ ਪੰਜਾਬ ਹੀ ਇਹੋ ਜਿਹੀ ਥਾਂ ਸੀ, ਜਿੱਥੇ ਕੇਜਰੀਵਾਲ ਦੀ ਰਾਜਨੀਤਕ ਪਾਰਟੀ ਨੇ ਚੌਕਾ ਮਾਰਿਆ। ਦੱਸਿਆ ਜਾਦਾ ਹੈ ਕਿ ਯੂਰਪ ਦੇ ਇਸ ਦੌਰੇ ਦੌਰਾਨ ਛੋਟੇਪੁਰ ਨੂੰ ਬੇਅੰਤ ਮਾਇਆ ਦੇ ਗੱਫੇ ਮਿਲੇ, ਜਿਸ ਸੰਬੰਧੀ ਪੰਜਾਬ ਦਾ ਮੌਜੂਦਾ ਹਾਕਮ ਅਕਾਲੀ ਦਲ ਤਰਲੋ-ਮੱਛੀ ਹੋ ਗਿਆ। ਹੁਣ ਇੱਕ ਹੋਰ ਨੇਤਾ, ਜੋ ਕੁਝ ਸਮਾਂ ਪਹਿਲਾਂ ਹੀ ਆਪ ਦੇ ਲੜ ਲੱਗਿਆ ਹੈ, ਸੁਖਪਾਲ ਸਿੰਘ ਖਹਿਰਾ 15 ਅਪ੍ਰੈਲ ਤੋਂ ਅਮਰੀਕਾ ਦੇ ਦੌਰੇ 'ਤੇ ਜਾਵੇਗਾ।
ਕਾਂਗਰਸ ਵੀ ਅਕਾਲੀ ਦਲ ਨਾਲ ਨਾਰਾਜ਼ ਪਰਵਾਸੀਆਂ ਨੂੰ ਆਪਣੇ ਵੱਲ ਕਰਨ ਦੇ ਚੱਕਰ ਵਿੱਚ ਹੈ। ਉਸ ਨੂੰ ਖਦਸ਼ਾ ਹੈ ਕਿ ਕਿਧਰੇ ਅਕਾਲੀ ਦਲ ਨਾਲ ਨਾਰਾਜ਼ ਹੋਏ ਪਰਵਾਸੀ ਆਪ ਦੇ ਖੇਮੇ 'ਚ ਨਾ ਚਲੇ ਜਾਣ। ਪਿਛਲੇ ਦਿਨੀਂ ਕਾਂਗਰਸੀ ਸਾਬਕਾ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਨੇ ਆਸਟਰੇਲੀਆ ਅਤੇ ਨਿਊਜ਼ੀਲੈਂਡ ਦਾ ਦੌਰਾ ਕੀਤਾ ਸੀ ਅਤੇ ਹੁਣ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ 19 ਅਪ੍ਰੈਲ 2016 ਤੋਂ ਅਮਰੀਕਾ ਦੇ ਦੌਰੇ 'ਤੇ ਜਾ ਰਹੇ ਹਨ, ਜਿੱਥੇ ਅਕਾਲੀ ਦਲ ਵਿਰੁੱਧ ਪਰਵਾਸੀਆਂ ਦਾ ਵਿਰੋਧ ਚਰਮ-ਸੀਮਾ ਉੱਤੇ ਹੈ। ਉਹ ਵੱਖਰੇ-ਵੱਖਰੇ ਸ਼ਹਿਰਾਂ 'ਚ ਲੋਕਾਂ ਨੂੰ ਮਿਲਣਗੇ। ਕਾਂਗਰਸੀਆਂ ਦਾ ਐੱਨ ਆਰ ਆਈ ਵਿੰਗ ਪਹਿਲਾਂ ਹੀ ਵਿਦੇਸ਼ 'ਚ ਸਰਗਰਮ ਹੈ। ਕਾਂਗਰਸ ਪ੍ਰਧਾਨ ਨੇ ਦੌਰੇ ਤੋਂ ਪਹਿਲਾਂ ਹੀ ਕਹਿ ਦਿੱਤਾ ਹੈ ਕਿ ਪਰਵਾਸੀ ਪੰਜਾਬੀਆਂ ਵੱਲੋਂ ਆਪ ਨੂੰ ਮਿਲ ਰਹੇ ਫ਼ੰਡਾਂ ਨੂੰ ਰੋਕਣਾ ਅਤੇ ਪਰਵਾਸੀਆਂ ਨੂੰ ਆਪਣੇ ਪੱਖ 'ਚ ਕਰਨਾ ਹੀ ਉਨ੍ਹਾ ਦੇ ਇਸ ਦੌਰੇ ਦਾ ਮਕਸਦ ਹੈ। ਪਰਵਾਸੀ ਪੰਜਾਬੀਆਂ ਵਿਚਲੇ ਅਕਾਲੀ ਦਲ ਦੇ ਵਿਰੋਧ ਨੂੰ ਖ਼ਤਮ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਈ ਦੇਸ਼ਾਂ ਵਿੱਚ ਪਾਰਟੀ ਦੀਆਂ ਇਕਾਈਆਂ ਸਥਾਪਤ ਕੀਤੀਆਂ ਹਨ ਅਤੇ ਇਸ ਦੇ ਨਾਲ ਹੀ ਯੂਥ ਵਿੰਗ ਬਣਾਉਣ ਦਾ ਐਲਾਨ ਕੀਤਾ ਹੈ ਅਤੇ ਪ੍ਰਭਾਵਸ਼ਾਲੀ ਪਰਵਾਸੀ ਪੰਜਾਬੀਆਂ ਨੂੰ ਪਾਰਟੀ ਨਾਲ ਜੋੜਿਆ ਹੈ। ਕੇਂਦਰ ਸਰਕਾਰ ਵੱਲੋਂ ਜਾਰੀ ਹੋਈ ਕਾਲੀ ਸੂਚੀ ਵਿੱਚੋਂ ਕਈ ਪਰਵਾਸੀਆਂ ਦੇ ਨਾਮ ਹਟਵਾਏ ਹਨ।
ਪਰ ਇਨ੍ਹਾਂ ਪੁੱਜੇ ਹੋਏ ਨੇਤਾਵਾਂ ਕੋਲ ਜਦੋਂ ਪਰਵਾਸੀ ਸਵਾਲ ਪਾਉਂਦੇ ਹਨ ਅਤੇ ਪੁੱਛਦੇ ਹਨ ਕਿ ਪੰਜਾਬ ਦਾ ਭੈੜਾ ਹਾਲ ਕਿਉਂ ਹੋ ਗਿਆ ਹੈ? ਕਿਉਂ ਇਥੇ ਮਨੁੱਖੀ ਹੱਕਾਂ ਦਾ ਘਾਣ ਹੋ ਰਿਹਾ ਹੈ? ਕਿਉਂ ਪੰਜਾਬ ਨਸ਼ਿਆਂ ਦੀ ਦਲ-ਦਲ 'ਚ ਫਸ ਗਿਆ ਹੈ? ਕਿਉਂ ਪੰਜਾਬ 'ਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੋ ਗਿਆ ਹੈ? ਕਿਉਂ ਪੰਜਾਬ 'ਚ ਕਿਸਾਨ ਖ਼ੁਦਕੁਸ਼ੀ ਕਰਨ ਲਈ ਮਜਬੂਰ ਹੋਇਆ ਹੈ? ਕਿਉਂ ਭੂ-ਮਾਫੀਆ ਪਰਵਾਸੀਆਂ ਦੀਆਂ ਜ਼ਮੀਨਾਂ ਹੜੱਪ ਗਿਆ? ਕਿਉਂ ਪਰਵਾਸੀਆਂ ਉੱਤੇ ਬੇਵਜ੍ਹਾ ਪਰਚੇ ਦਰਜ ਹੋਏ? ਕਿਉਂ ਕਈ ਪਰਵਾਸੀਆਂ ਦੇ ਕਤਲ ਹੋਏ? ਕਿਉਂ ਪੰਜਾਬ ਪ੍ਰਸ਼ਾਸਨ ਪਰਵਾਸੀਆਂ ਦੇ ਮਾਮਲਿਆਂ ਸੰਬੰਧੀ ਬੇ-ਰੁਖ਼ੀ ਧਾਰੀ ਬੈਠਾ ਹੈ? ਕਿਉਂ ਪਰਵਾਸੀਆਂ ਦੇ ਹੱਕ 'ਚ ਬਣਾਏ ਕਨੂੰਨ ਪੂਰੀ ਤਰ੍ਹਾਂ ਲਾਗੂ ਨਹੀਂ ਹੁੰਦੇ? ਕਿਉਂ ਪਰਵਾਸੀਆਂ ਨੂੰ ਪੰਜਾਬ 'ਚ ਜੀ ਆਇਆਂ ਨਹੀਂ ਆਖਿਆ ਜਾਂਦਾ ਤੇ ਉਨ੍ਹਾਂ ਦੀਆਂ ਦੁਕਾਨਾਂ, ਘਰ, ਜ਼ਮੀਨਾਂ-ਜਾਇਦਾਦਾਂ ਸ਼ਰੀਕੇ, ਭਾਈਚਾਰੇ, ਭੂ-ਮਾਫੀਏ ਵੱਲੋਂ ਹੜੱਪੀਆਂ ਜਾਂਦੀਆਂ ਹਨ ਤੇ ਪ੍ਰਸ਼ਾਸਨ ਹੱਥ 'ਤੇ ਹੱਥ ਧਰੀ ਬੈਠਾ ਰਹਿੰਦਾ ਹੈ? ਕਿਉਂ ਪਰਵਾਸੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਏਨਾ ਪੇਚੀਦਾ ਬਣਾ ਦਿੱਤਾ ਗਿਆ ਹੈ ਕਿ ਉਨ੍ਹਾਂ ਤੱਕ ਉਹ ਪੁੱਜਦੀਆਂ ਹੀ ਨਹੀਂ? ਕਿਉਂ ਪੰਜਾਬੀਆਂ ਦੀ ਇੱਕੋ-ਇੱਕ ਆਵਾਜ਼ ਐੱਨ ਆਰ ਆਈ ਸਭਾ ਜਲੰਧਰ ਨੂੰ ਸਰਕਾਰੀ ਅਫ਼ਸਰਾਂ ਦੀ ਝੋਲੀ 'ਚ ਪਾ ਦਿੱਤਾ ਗਿਆ ਹੈ, ਜਦੋਂ ਕਿ ਕਰੋੜਾਂ-ਅਰਬਾਂ ਰੁਪਏ ਇਸ ਦੀ ਇਮਾਰਤ ਉੱਤੇ ਅਤੇ ਫ਼ੰਡ ਰੇਜ਼ਿੰਗ ਲਈ ਪਰਵਾਸੀਆਂ ਨੇ ਖ਼ਰਚੇ ਹਨ? ਤਦ ਇਧਰੋਂ ਗਏ ਨੇਤਾਵਾਂ ਦੇ ਮੂੰਹ 'ਤੇ ਛਿਕੜੀ ਜੰਮ ਜਾਂਦੀ ਹੈ। ਉਨ੍ਹਾਂ ਦੇ ਜਵਾਬ ਵਿੱਚ ਨੇਤਾਵਾਂ ਦੇ ਮੂੰਹ ਹੀ ਨਹੀਂ ਖੁੱਲ੍ਹਦੇ, ਕਿਉਂਕਿ ਪੰਜਾਬ 'ਤੇ ਰਾਜ ਕਰਨ ਵਾਲੀਆਂ ਪਾਰਟੀਆਂ ਤੇ ਰਾਜ ਕਰ ਚੁੱਕੀਆਂ ਪਾਰਟੀਆਂ ਵਾਲੇ ਇੱਕੋ ਥੈਲੀ ਦੇ ਚੱਟੇ-ਵੱਟੇ ਹਨ। ਉਨ੍ਹਾਂ ਨੇ ਪਰਵਾਸੀਆਂ ਦੀਆਂ ਸਮੇਂ-ਸਮੇਂ ਜੇਬਾਂ ਹੀ ਟਟੋਲੀਆਂ ਹਨ। ਉਨ੍ਹਾਂ ਨਾਲ 'ਜੇ ਆਇਆਂ ਤਾਂ ਕੀ ਲੈ ਕੇ ਆਇਆਂ, ਤੇ ਜੇ ਚੱਲਿਆਂ ਤਾਂ ਕੀ ਦੇ ਕੇ ਚੱਲਿਆਂ' ਜਿਹਾ ਵਤੀਰਾ ਹੀ ਅਪਣਾਇਆ ਹੈ। ਇਹੋ ਕਾਰਨ ਹੈ ਕਿ ਉਹ ਅਤੇ ਉਨ੍ਹਾਂ ਦੀ ਔਲਾਦ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਵੇਖਦਿਆਂ ਪੰਜਾਬ ਤੋਂ ਮੁੱਖ ਮੋੜੀ ਬੈਠੀ ਹੈ, ਮੁੜ ਆਪਣੇ ਘਰ ਪੰਜਾਬ ਨੂੰ ਪਰਤਣਾ ਨਹੀਂ ਚਾਹੁੰਦੀ। ਭਾਵੇਂ ਸਮੇਂ ਦੀਆਂ ਸਰਕਾਰਾਂ ਨੇ ਦੇਸ਼ ਪਰਤ ਕੇ ਆਪਣੇ ਕਾਰੋਬਾਰ ਖੋਲ੍ਹਣ ਦਾ ਭਰੋਸਾ ਦਿੱਤਾ, ਪਰ ਜ਼ਮੀਨੀ ਪੱਧਰ ਉੱਤੇ ਉਨ੍ਹਾਂ ਨਾਲ ਹੋਇਆ ਸਰਕਾਰੀ ਬਾਬੂਆਂ, ਅਫ਼ਸਰਾਂ, ਸਥਾਨਕ ਨੇਤਾਵਾਂ ਦਾ ਵਤੀਰਾ ਉਨ੍ਹਾਂ ਨੂੰ ਸਦਾ ਨਿਰਾਸ਼ ਕਰਦਾ ਰਿਹਾ ਹੈ। ਇਹਨਾਂ ਸਾਰੀਆਂ ਗੱਲਾਂ ਤੋਂ ਦੁਖੀ ਉਹ ਪਿਛਲੇ ਦਿਨਾਂ 'ਚ ਹਾਕਮ ਧਿਰ ਨਾਲ ਜੁੜੇ ਨੇਤਾਵਾਂ ਦੇ ਵਿਦੇਸ਼ੀ ਦੌਰਿਆਂ, ਖ਼ਾਸ ਕਰ ਕੇ ਕੈਨੇਡਾ, ਅਮਰੀਕਾ 'ਚ ਉਹ ਉਨ੍ਹਾਂ ਦੀ ਸਰੇਆਮ ਲਾਹ-ਪਾਹ ਕਰਦੇ ਉਥੋਂ ਦੀਆਂ ਸਥਾਨਕ ਅਤੇ ਇਧਰਲੀਆਂ ਅਖ਼ਬਾਰਾਂ ਦੀਆਂ ਸੁਰਖੀਆਂ ਬਣਦੇ ਰਹੇ ਹਨ। ਤੇ ਵਿਰੋਧੀ ਨੇਤਾਵਾਂ ਦੀ ਆਉ-ਭਗਤ ਉਹ ਇਸ ਆਸ ਨਾਲ ਕਰਦੇ ਹਨ ਕਿ ਉਹ ਪੰਜਾਬ ਦੀ ਉਲਝੀ ਤਾਣੀ ਨੂੰ ਸੰਵਾਰ ਦੇਣਗੇ ਅਤੇ ਪੰਜਾਬ ਦੇ ਲੋਕਾਂ ਨੂੰ ਉਹ ਇਨਸਾਫ ਦੇਣਗੇ ਅਤੇ ਪੰਜਾਬ ਮੁੜ ਚਹਿਕੇਗਾ, ਗੁਣਗੁਣਾਏਗਾ, ਨੱਚੇਗਾ, ਟੱਪੇਗਾ ਅਤੇ ਖੁਸ਼ਹਾਲ ਹੋਏਗਾ।
ਪਰਵਾਸ 'ਚ ਰਹਿੰਦਿਆਂ ਪੰਜਾਬੀਆਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ। ਮਾਂ-ਬੋਲੀ ਪੰਜਾਬੀ ਨੂੰ ਬਣਦਾ ਮਾਣ-ਤਾਣ ਦਿਵਾਉਣ ਲਈ ਉਪਰਾਲੇ ਕਰ ਕੇ ਕੈਨੇਡਾ ਜਿਹੇ ਮੁਲਕ ਵਿੱਚ ਤੀਜੀ ਭਾਸ਼ਾ ਹੋਣ ਦਾ ਮਾਣ ਹਾਸਲ ਕਰਵਾਇਆ ਹੈ। ਕੈਨੇਡਾ 'ਚ ਰਾਜਨੀਤਕ ਸ਼ਕਤੀ ਬਣ ਕੇ ਆਪਣੇ 4 ਮੰਤਰੀ ਕੇਂਦਰੀ ਕੈਬਨਿਟ ਵਿੱਚ ਲਿਆਂਦੇ ਹਨ ਤੇ ਡੇਢ ਦਰਜਨ ਦੇ ਕਰੀਬ ਮੈਂਬਰ ਪਾਰਲੀਮੈਂਟ ਚੁਣੇ ਗਏ ਹਨ। ਕਾਰੋਬਾਰ, ਖੇਤੀਬਾੜੀ, ਆਦਿ ਖੇਤਰਾਂ 'ਚ ਮੱਲਾਂ ਤਾਂ ਹਰ ਮੁਲਕ ਵਿੱਚ ਉਨ੍ਹਾਂ ਮਾਰੀਆਂ ਹਨ ਤੇ ਪ੍ਰਸਿੱਧ ਡਾਕਟਰ, ਇੰਜੀਨੀਅਰ, ਵਕੀਲ, ਕਾਰੋਬਾਰੀਏ ਬਣ ਕੇ ਨਾਮਣਾ ਖੱਟਿਆ ਹੈ, ਆਪਣਾ ਨਾਮ ਚਮਕਾਇਆ ਹੈ ਅਤੇ ਵਿਦੇਸ਼ੀ ਸਰ-ਜ਼ਮੀਨ ਉੱਤੇ ਉਥੋਂ ਦੇ ਲੋਕਾਂ ਵਿੱਚ ਆਪਣੀ ਪੈਂਠ ਬਣਾਈ ਹੈ; ਆਪਣੇ ਸੱਭਿਆਚਾਰ, ਬੋਲੀ, ਪਹਿਰਾਵੇ ਨੂੰ ਜਿਉਂਦਾ ਰੱਖਿਆ ਹੈ। ਇਹੋ ਜਿਹੇ ਅਣਖ਼ ਭਰੇ ਕੰਮ ਕਰਦਿਆਂ ਭਲਾ ਜੇ ਉਨ੍ਹਾਂ ਨੂੰ ਜਾਪਣ ਲੱਗ ਪਿਆ ਹੈ ਕਿ ਉਹਨਾਂ ਦੇ ਆਪਣੇ ਮੁਲਕ ਨੂੰ, ਉਸ ਦੇ ਆਪਣੇ ਹੀ ਨਿਘਾਰ ਵੱਲ ਲਿਜਾ ਰਹੇ ਹਨ, ਤਾਂ ਉਨ੍ਹਾਂ ਦਾ ਗੁੱਸਾ ਸੱਤ ਅਸਮਾਨੇ ਤਾਂ ਚੜ੍ਹੇਗਾ ਹੀ, ਅਤੇ ਇਸ ਗੁੱਸੇ ਤੋਂ ਪੰਜਾਬ ਦੇ ਸਵਾਰਥੀ ਨੇਤਾਵਾਂ ਦਾ ਖ਼ੌਫ਼ਜ਼ਦਾ ਹੋਣਾ ਸੁਭਾਵਕ ਹੈ, ਕਿਉਂਕਿ ਉਹ ਜਾਣਦੇ ਹਨ ਕਿ ਪੰਜਾਬੀ ਸਦਾ ਹੱਕ, ਸੱਚ ਤੇ ਇਨਸਾਫ ਲਈ ਪੂਰੇ ਜੋਸ਼ ਨਾਲ ਆਰ-ਪਾਰ ਦੀ ਲੜਾਈ ਲੜਨ ਲਈ ਜਾਣੇ ਜਾਂਦੇ ਹਨ।
19 April 2016