ਜ਼ਹਿਰ ਉਗਲਦੀਆਂ ਬਹਿਸਾਂ - ਸਵਰਾਜਬੀਰ
ਬੁੱਧਵਾਰ ਕਾਂਗਰਸੀ ਨੇਤਾ ਰਾਜੀਵ ਤਿਆਗੀ ਦੀ ਇਕ ਟੈਲੀਵਿਜ਼ਨ ਚੈਨਲ 'ਤੇ ਬਹਿਸ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉਸ ਵੇਲੇ ਤਿਆਗੀ ਇਕ ਹਿੰਦੀ ਚੈਨਲ 'ਤੇ ਭਾਰਤੀ ਜਨਤਾ ਪਾਰਟੀ ਦੇ ਵਕਤਾ ਸੰਬਿਤ ਪਾਤਰਾ ਨਾਲ ਬੰਗਲੌਰ ਵਿਚ ਹੋਈ ਹਿੰਸਾ ਬਾਰੇ ਬਹਿਸ ਕਰ ਰਿਹਾ ਸੀ। ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਟੀਵੀ ਕਲਿਪਿੰਗਜ਼ ਵਿਚ ਸੰਬਿਤ ਪਾਤਰਾ ਨੇ ਉਸ ਨੂੰ ''ਜੈ ਚੰਦ'' ਕਿਹਾ ਅਤੇ ਇਹ ਵੀ ਕਿਹਾ ਕਿ ਸਿਰਫ਼ ਟਿੱਕਾ ਲਾਉਣ ਨਾਲ ਹੀ ਕੋਈ ਚੰਗਾ ਹਿੰਦੂ ਨਹੀਂ ਬਣ ਜਾਂਦਾ (ਰਾਜੀਵ ਤਿਆਗੀ ਨੇ ਬਹਿਸ ਦੌਰਾਨ ਮੱਥੇ 'ਤੇ ਟਿੱਕਾ ਲਗਾਇਆ ਹੋਇਆ ਸੀ)।
ਜੈ ਚੰਦ ਦਾ ਲਕਬ ਪ੍ਰਿਥਵੀ ਰਾਜ ਚੌਹਾਨ ਦੀ ਕਹਾਣੀ ਨਾਲ ਸਬੰਧਿਤ ਹੈ। ਪ੍ਰਿਥਵੀ ਰਾਜ ਚੌਹਾਨ ਨੇ ਬਾਰ੍ਹਵੀਂ ਸਦੀ ਦੇ ਆਖ਼ਰੀ ਦਹਾਕਿਆਂ ਵਿਚ ਦਿੱਲੀ 'ਤੇ ਰਾਜ ਕੀਤਾ ਅਤੇ ਉਸ ਦੇ ਰਾਜ ਵਿਚ ਦਿੱਲੀ ਦੇ ਨਾਲ ਨਾਲ ਅੱਜਕੱਲ੍ਹ ਦੇ ਰਾਜਸਥਾਨ, ਚੜ੍ਹਦੇ ਪੰਜਾਬ, ਲਹਿੰਦੇ ਪੰਜਾਬ, ਹਰਿਆਣਾ, ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸੇ ਵੀ ਸ਼ਾਮਲ ਸਨ। ਚੰਦ ਬਰਦਾਈ ਦੁਆਰਾ ਰਚਿਤ 'ਪ੍ਰਿਥਵੀ ਰਾਜ ਰਾਸੋ' ਵਿਚ ਉਸ ਦੇ ਰਾਜ ਅਤੇ ਬਹਾਦਰੀ ਦਾ ਵਰਣਨ ਹੈ ਜਿਸ ਅਨੁਸਾਰ ਕਨੌਜ ਦੇ ਰਾਜੇ ਜੈ ਚੰਦ ਨੇ ਆਪਣੀ ਪੁੱਤਰੀ ਸੰਯੁਕਤਾ ਦੇ ਸਵੰਬਰ 'ਤੇ ਪ੍ਰਿਥਵੀ ਰਾਜ ਚੌਹਾਨ ਨੂੰ ਨਹੀਂ ਸੀ ਸੱਦਿਆ ਅਤੇ ਬਾਅਦ ਵਿਚ ਚੌਹਾਨ ਸੰਯੁਕਤਾ ਨੂੰ ਭਜਾ ਕੇ ਲੈ ਗਿਆ ਅਤੇ ਉਸ ਨਾਲ ਵਿਆਹ ਕਰ ਲਿਆ। ਇਹ ਵੀ ਦੱਸਿਆ ਜਾਂਦਾ ਹੈ ਕਿ ਜੈ ਚੰਦ ਨੇ ਮੁਹੰਮਦ ਗੌਰੀ ਨੂੰ ਦਿੱਲੀ-ਅਜਮੇਰ ਰਿਆਸਤ (ਪ੍ਰਿਥਵੀ ਰਾਜ ਚੌਹਾਨ ਦਾ ਰਾਜ) 'ਤੇ ਹਮਲਾ ਕਰਨ ਲਈ ਉਕਸਾਇਆ ਅਤੇ ਉਸ ਦਾ ਸਾਥ ਦਿੱਤਾ। ਇਸ ਤਰ੍ਹਾਂ ਰਾਜਸਥਾਨ ਅਤੇ ਉੱਤਰੀ ਭਾਰਤ ਦੀਆਂ ਲੋਕ-ਕਥਾਵਾਂ ਤੇ ਲੋਕ-ਮਨ ਵਿਚ ਜੈ ਚੰਦ ਨੂੰ 'ਗੱਦਾਰ' ਮੰਨਿਆ ਜਾਂਦਾ ਹੈ। ਸਬੰਧਿਤ ਬਹਿਸ ਵਿਚ ਭਾਜਪਾ ਦੇ ਵਕਤਾ ਨੇ ਕਿਹਾ ਸੀ ਕਿ ਭਾਰਤ ਨੂੰ ਆਪਣੇ 'ਜੈ ਚੰਦਾਂ' ਤੋਂ ਖ਼ਤਰਾ ਹੈ।
ਕਾਂਗਰਸ ਦੇ ਵਕਤਾ ਰਣਦੀਪ ਸਿੰਘ ਸੁਰਜੇਵਾਲਾ ਨੇ ਟੈਲੀਵਿਜ਼ਨ ਚੈਨਲਾਂ 'ਤੇ ''ਵਿਸ਼ੈਲੀ ਬਹਿਸ ਅਤੇ ਜ਼ਹਿਰੀਲੇ ਵਕਤਾ'' ਅਤੇ ਟੀਵੀ ਚੈਨਲਾਂ ਦੇ ਬਹੁਤੇ ਦਰਸ਼ਕਾਂ ਨੂੰ ਖਿੱਚਣ ਅਤੇ ਟੀਆਰਪੀ ਵਧਾਉਣ ਦੇ ਰੁਝਾਨ ਬਾਰੇ ਸ਼ਿਕਾਇਤ ਕੀਤੀ ਹੈ। ਉਸ ਨੇ ਟਵੀਟ ਕੀਤੀ ਹੈ- ''ਹਿੰਦੂ-ਮੁਸਲਮਾਨ ਵਿਚਲੀ ਦੁਫੇੜ ਦਾ ਜ਼ਹਿਰ ਕਦ ਤਕ ਇਸ ਦੇਸ਼ ਦੀ ਆਤਮਾ ਨੂੰ ਘੇਰੀ ਰੱਖੇਗਾ।''
ਅਜਿਹੇ ਰੁਝਾਨ ਨੇ ਕੁਝ ਵਰ੍ਹਿਆਂ ਤੋਂ ਜ਼ਿਆਦਾ ਜ਼ੋਰ ਫੜਿਆ ਹੈ। ਚੈਨਲਾਂ ਉੱਤੇ ਬੇਰੁਜ਼ਗਾਰੀ, ਕਿਸਾਨੀ ਸੰਕਟ, ਮਜ਼ਦੂਰਾਂ ਤੇ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ, ਨਸ਼ਿਆਂ ਦਾ ਫੈਲਾਓ, ਅਮੀਰਾਂ ਤੇ ਗ਼ਰੀਬਾਂ ਵਿਚਕਾਰ ਵਧਦਾ ਹੋਇਆ ਆਰਥਿਕ ਪਾੜਾ ਅਤੇ ਅਜਿਹੇ ਹੋਰ ਲੋਕ-ਮੁੱਦਿਆਂ 'ਤੇ ਬਹਿਸ ਤਾਂ ਬਹੁਤ ਘੱਟ ਹੁੰਦੀ ਹੈ ਪਰ ਰੋਜ਼ ਹੀ ਕੋਈ ਨਾ ਕੋਈ ਜਜ਼ਬਾਤੀ ਮੁੱਦਾ ਲੋਕਾਂ ਦੇ ਸਾਹਮਣੇ ਪੇਸ਼ ਕੀਤਾ ਜਾਂਦਾ ਹੈ ਜਿਸ ਵਿਚ ਐਂਕਰ ਵਿਚਾਰ-ਵਟਾਂਦਰਾ ਕਰਨ ਲਈ ਸੱਦੇ ਹੋਏ ਮਾਹਿਰਾਂ ਅਤੇ ਸਿਆਸੀ ਨੁਮਾਇੰਦਿਆਂ ਨੂੰ ਉਤੇਜਿਤ ਕਰਨ ਦੀ ਭੂਮਿਕਾ ਅਦਾ ਕਰਦਾ ਹੈ। ਆਪਣੇ ਆਪ ਨੂੰ ਸਿਆਸੀ ਅਤੇ ਧਾਰਮਿਕ ਮਾਹਿਰ ਅਖਵਾਉਣ ਵਾਲੇ ਸੱਜਣ ਉੱਚੀ ਉੱਚੀ ਚੀਕਦੇ ਹਨ ਜਿਵੇਂ ਹੁਣੇ ਹੀ ਵਿਰੋਧੀ ਨੂੰ ਵਾਲ਼ਾਂ ਤੋਂ ਫੜ ਕੇ ਥੱਲੇ ਸੁੱਟ ਦੇਣਾ ਹੋਵੇ। ਕੁਝ ਸਮਾਂ ਪਹਿਲਾਂ ਕੋਵਿਡ-19 ਬਾਰੇ ਹੋਈਆਂ ਬਹਿਸਾਂ ਵਿਚ ਘੱਟਗਿਣਤੀ ਫ਼ਿਰਕੇ ਨਾਲ ਸਬੰਧਿਤ ਲੋਕਾਂ ਅਤੇ ਪਰਵਾਸੀ ਮਜ਼ਦੂਰਾਂ ਨੂੰ ਕਰੋਨਾਵਾਇਰਸ ਫੈਲਾਉਣ ਲਈ ਜ਼ਿੰਮੇਵਾਰ ਠਹਿਰਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਨੇਪਾਲੀ ਕਵੀ ਵਿਨੋਦ ਵਿਕਰਮ ਕੇਸੀ ਨੇ ਇਸ ਵਰਤਾਰੇ ਨੂੰ 'ਪ੍ਰਾਈਮ ਟਾਈਮ ਦਹਿਸ਼ਤਗਰਦੀ' ਕਿਹਾ ਹੈ।
ਕੁਝ ਵਰ੍ਹਿਆਂ ਤੋਂ ਇਨ੍ਹਾਂ ਬਹਿਸਾਂ ਵਿਚ ਵਰਤੀ ਜਾ ਰਹੀ ਭਾਸ਼ਾ ਲੋਕਾਂ ਦੇ ਮਨਾਂ ਵਿਚ ਲਗਾਤਾਰ ਜ਼ਹਿਰ ਭਰ ਰਹੀ ਹੈ। ਨਾਗਰਿਕਤਾ ਸੋਧ ਕਾਨੂੰਨ ਬਾਰੇ ਹੋਈਆਂ ਬਹਿਸਾਂ ਦੌਰਾਨ ਸ਼ਾਹੀਨ ਬਾਗ ਅਤੇ ਹੋਰ ਥਾਵਾਂ 'ਤੇ ਵਿਰੋਧ ਕਰ ਰਹੇ ਲੋਕਾਂ ਬਾਰੇ ਬਹੁਤ ਸਾਰੇ ਟੀਵੀ ਚੈਨਲਾਂ 'ਤੇ ਇਹ ਪੁੱਛਿਆ ਗਿਆ ਸੀ ਕਿ ਗਲੀਆਂ, ਬਜ਼ਾਰਾਂ ਅਤੇ ਸੜਕਾਂ 'ਤੇ ਉਤਰੇ/ਬੈਠੇ ਹੋਏ ਲੋਕ ਕੀ ਕਰ ਰਹੇ ਹਨ। ਉਨ੍ਹਾਂ ਦੀਆਂ ਗੱਲਾਂ ਹਮਦਰਦੀ ਨਾਲ ਸੁਣਨ ਦੀ ਥਾਂ 'ਤੇ ਉਨ੍ਹਾਂ ਦਾ ਅਜਿਹਾ ਬਿੰਬ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਜਿਵੇਂ ਇਹ ਲੋਕ ਦੂਸਰੇ ਲੋਕਾਂ ਲਈ ਮੁਸ਼ਕਿਲ ਪੈਦਾ ਕਰ ਰਹੇ ਹੋਣ। ਇਸੇ ਤਰ੍ਹਾਂ ਦੀ ਬਹਿਸ ਝੋਨੇ ਦੀ ਵਾਢੀ ਦੌਰਾਨ ਪ੍ਰਦੂਸ਼ਣ ਦੇ ਮੁੱਦੇ 'ਤੇ ਵੀ ਦੇਖੀ ਗਈ। ਸਮੱਸਿਆ ਨੂੰ ਸਮਝਣ ਦੀ ਥਾਂ 'ਤੇ ਸਿਰਫ਼ ਕਿਸਾਨਾਂ ਨੂੰ ਪਰਾਲੀ ਅਤੇ ਝੋਨੇ ਦੇ ਮੁੱਢ ਸਾੜਨ ਲਈ ਅਤੇ ਪ੍ਰਦੂਸ਼ਣ ਫੈਲਾਉਣ ਲਈ ਜ਼ਿੰਮੇਵਾਰ ਠਹਿਰਾਇਆ ਗਿਆ।
ਅਜਿਹੀਆਂ ਬਹਿਸਾਂ ਕਾਰਨ ਇਸ ਸਮੇਂ ਨੂੰ ਐਂਕਰ ਦਾ ਯੁੱਗ ਕਿਹਾ ਜਾ ਰਿਹਾ ਹੈ। ਹੁਣ ਪ੍ਰਾਈਮ ਟਾਈਮ 'ਤੇ ਆਉਣ ਵਾਲੀਆਂ ਖ਼ਬਰਾਂ ਅਤੇ ਬਹਿਸ ਜ਼ਮੀਨੀ ਪੱਧਰ 'ਤੇ ਕੰਮ ਕਰ ਰਹੇ ਪੱਤਰਕਾਰਾਂ ਵੱਲੋਂ ਭੇਜੀਆਂ ਰਿਪੋਰਟਾਂ ਤੈਅ ਨਹੀਂ ਕਰਦੀਆਂ ਸਗੋਂ ਐਂਕਰ ਤੈਅ ਕਰਦਾ ਹੈ ਕਿ ਕਿਸ ਮੁੱਦੇ 'ਤੇ ਬਹਿਸ ਕਰਾਈ ਜਾਣੀ ਹੈ, ਕਿਹੜੇ ਮਾਹਿਰਾਂ ਨੂੰ ਬੁਲਾਇਆ ਅਤੇ ਕਿਨ੍ਹਾਂ ਨੂੰ ਬੋਲਣ ਦਾ ਜ਼ਿਆਦਾ ਮੌਕਾ ਦਿੱਤਾ ਜਾਏ ਅਤੇ ਕਿਨ੍ਹਾਂ ਨੂੰ ਚੁੱਪ ਕਰਾਇਆ ਜਾਏ ਪਰ ਇਸ ਨੂੰ ਐਂਕਰ ਦਾ ਯੁੱਗ ਕਹਿਣਾ ਮੁੱਦੇ ਦਾ ਸਾਧਾਰਨੀਕਰਨ ਕਰਨਾ ਹੋਵੇਗਾ। ਐਂਕਰ ਤਾਂ ਸਿਰਫ਼ ਮਖੌਟਾ ਹੈ। ਉਸ ਦੇ ਪਿੱਛੇ ਹੋਰ ਤਾਕਤਾਂ ਬੈਠੀਆਂ ਹਨ ਜਿਹੜੀਆਂ ਸਭ ਮੁੱਦਿਆਂ ਬਾਰੇ ਮਹੱਤਵਪੂਰਨ ਫ਼ੈਸਲੇ ਲੈਂਦੀਆਂ ਹਨ। ਬਹੁਤ ਸਾਰੇ ਮੀਡੀਆ ਹਾਊਸਾਂ 'ਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਹੈ।
ਅਖ਼ਬਾਰਾਂ ਅਤੇ ਇਲੈਕਟ੍ਰਾਨਿਕ ਮੀਡੀਆ ਦਾ ਕੰਮ ਸਰਕਾਰ ਦੇ ਕੰਮਾਂ ਦੀ ਨਿਰਖ-ਪਰਖ ਕਰ ਕੇ ਉਸ ਵਿਚਲੀ ਢਿੱਲ-ਮੱਠ ਦੀ ਆਲੋਚਨਾ ਕਰਨਾ ਹੁੰਦਾ ਹੈ ਪਰ ਹੁਣ ਟੀਵੀ ਚੈਨਲ ਸਰਕਾਰ ਦੀ ਤਾਰੀਫ਼ ਕਰਦੇ ਹਨ ਅਤੇ ਵਿਰੋਧੀ ਪਾਰਟੀਆਂ ਦੀ ਆਲੋਚਨਾ। ਪਹਿਲਾਂ ਕੋਈ ਵੀ ਅਖ਼ਬਾਰ ਜਾਂ ਟੀਵੀ ਚੈਨਲ ਇਸ ਗੱਲ 'ਤੇ ਮਾਣ ਮਹਿਸੂਸ ਨਹੀਂ ਸੀ ਕਰਦਾ ਕਿ ਉਸ ਨੂੰ ਸਰਕਾਰ ਨਾਲ ਸਹਿਮਤ ਹੋਣ ਵਾਲੀ ਸੰਸਥਾ ਵਜੋਂ ਦੇਖਿਆ ਜਾਏ, ਪਰ ਹੁਣ ਮੀਡੀਆ ਦੀ ਨੁਹਾਰ ਬਦਲ ਗਈ ਹੈ। ਮੀਡੀਆ ਹਾਊਸ ਸਰਕਾਰ ਨਾਲ ਤਰਫ਼ਦਾਰੀ ਕਰਨ ਨੂੰ ਰਾਸ਼ਟਰਵਾਦ ਦੀ ਚਾਸ਼ਣੀ ਵਿਚ ਭਿਉਂ ਕੇ ਪੇਸ਼ ਕਰਦੇ ਹਨ। ਇਸ ਲਈ ਹੁਣ ਕਿਸੇ ਨੂੰ ਵੀ ਹੈਰਾਨੀ ਨਹੀਂ ਹੁੰਦੀ ਕਿ ਟੀਵੀ ਚੈਨਲਾਂ 'ਤੇ ਲੋਕ ਹਿੱਤਾਂ ਦੀ ਗੱਲ ਕਿਉਂ ਨਹੀਂ ਹੁੰਦੀ।
ਅਜਿਹੇ ਵਿਚਾਰ-ਵਟਾਂਦਰੇ ਦੌਰਾਨ ਸਾਰੇ ਆਪਣੇ ਆਪ ਨੂੰ ਰਾਸ਼ਟਰਵਾਦੀ ਸਾਬਤ ਕਰਨ ਦੀ ਕੋਸ਼ਿਸ਼ ਕਰਦੇ ਹਨ। ਉਦਾਰਵਾਦੀਆਂ, ਖੱਬੇ-ਪੱਖੀਆਂ ਅਤੇ ਧਰਮ ਨਿਰਪੱਖਤਾ ਦੇ ਹੱਕ ਵਿਚ ਬੋਲਣ ਵਾਲਿਆਂ ਨੂੰ ਖ਼ਾਸ ਕਰ ਕੇ ਨਿਸ਼ਾਨਾ ਬਣਾਇਆ ਜਾਂਦਾ ਹੈ ਅਤੇ ਉਨ੍ਹਾਂ ਨੂੰ 'ਟੁਕੜੇ ਟੁਕੜੇ ਗੈਂਗ', 'ਦੇਸ਼-ਧ੍ਰੋਹੀ' ਅਤੇ ਹੋਰ ਅਜਿਹੇ ਵਿਸ਼ੇਸ਼ਣਾਂ ਨਾਲ ਨਿਵਾਜਿਆ ਜਾਂਦਾ ਹੈ।
ਸਮੱਸਿਆ ਇਹ ਹੈ ਕਿ ਜਦ ਇਸ ਵੇਲੇ ਕਾਂਗਰਸੀ ਆਗੂ ਇਨ੍ਹਾਂ ਜ਼ਹਿਰੀਲੀਆਂ ਬਹਿਸਾਂ ਬਾਰੇ ਕਿੰਤੂ ਕਰ ਰਹੇ ਹਨ ਤਾਂ ਕਾਂਗਰਸ ਦੇ ਸੋਸ਼ਲ ਮੀਡੀਆ ਵਿੰਗ ਦੇ ਕੋਆਰਡੀਨੇਟਰ ਗੌਰਵ ਪਾਂਧੀ ਨੇ ਭਾਜਪਾ, ਪ੍ਰਧਾਨ ਮੰਤਰੀ ਅਤੇ ਹੋਰਨਾਂ 'ਤੇ ਇਲਜ਼ਾਮ ਲਾਉਂਦੇ ਹੋਏ ਸਾਰਿਆਂ ਨੂੰ "ਜੈ ਚੰਦ'' ਕਿਹਾ ਹੈ। ਪੁਰਾਣੇ ਇਤਿਹਾਸ ਅਤੇ ਮਿਥਿਹਾਸ ਦੇ ਆਧਾਰ 'ਤੇ ਇਕ-ਦੂਸਰੇ ਵਿਰੁੱਧ ਜ਼ਹਿਰ ਉਗਲਣ ਦਾ ਰੁਝਾਨ ਖ਼ਤਰਨਾਕ ਹੈ। ਇਨ੍ਹਾਂ ਸਭ ਵਰਤਾਰਿਆਂ ਕਾਰਨ ਟੈਲੀਵਿਜ਼ਨ ਚੈਨਲਾਂ ਅਤੇ ਸੋਸ਼ਲ ਮੀਡੀਆ 'ਤੇ ਹੋਣ ਵਾਲੀਆਂ ਬਹਿਸਾਂ ਦਾ ਮਿਆਰ ਬਹੁਤ ਹੇਠਾਂ ਡਿੱਗ ਪਿਆ ਹੈ। ਇਨ੍ਹਾਂ ਬਹਿਸਾਂ ਵਿਚ ਨਾ ਨੇਕਨੀਅਤੀ ਹੈ, ਨਾ ਵਿਦਵਤਾ ਅਤੇ ਨਾ ਇਮਾਨਦਾਰੀ। ਇਹ ਬਹਿਸਾਂ ਲੋਕ-ਪੱਖੀ ਨਾ ਹੋ ਕੇ ਫ਼ਿਰਕਾਪ੍ਰਸਤੀ ਅਤੇ ਨਫ਼ਰਤ ਵਧਾਉਣ ਵਾਲੀਆਂ ਹਨ। ਆਪਣੇ ਆਪ ਨੂੰ ਦੇਸ਼ ਭਗਤ ਅਤੇ ਰਾਸ਼ਟਰਵਾਦੀ ਦੱਸਣ ਵਾਲੇ ਆਪਣੇ ਵਿਰੋਧੀਆਂ ਵਿਰੁੱਧ ਜ਼ਹਿਰ ਉਗਲਦੇ ਹਨ। ਇਹ ਵਰਤਾਰਾ ਨਾ ਤਾਂ ਕਿਸੇ ਕਿਸਮ ਦੀ ਦੇਸ਼ ਭਗਤੀ ਹੈ ਅਤੇ ਨਾ ਹੀ ਰਾਸ਼ਟਰਵਾਦ। ਇਹ ਰੁਝਾਨ ਲੋਕਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਹਨ। ਦੇਸ਼ ਵਿਚ ਜਮਹੂਰੀ ਧਿਰਾਂ ਦੀ ਕਮਜ਼ੋਰੀ ਕਾਰਨ ਲੋਕਾਂ ਨੂੰ ਇਹ ਸਮਝ ਵੀ ਨਹੀਂ ਆ ਰਹੀ ਕਿ ਉਹ ਸਿਆਸੀ ਨੈਤਿਕਤਾ ਨੂੰ ਰਾਜਨੀਤੀ ਦੇ ਕੇਂਦਰ ਵਿਚ ਲਿਆਉਣ ਅਤੇ ਅਜਿਹੇ ਜ਼ਹਿਰੀਲੇ ਰੁਝਾਨਾਂ ਨੂੰ ਰੋਕਣ ਲਈ ਕਿਸ ਪਾਸੇ ਵੱਲ ਤੱਕਣ। ਇਹ ਸਮੇਂ ਦੇਸ਼ ਲਈ ਔਖੇ ਸਮੇਂ ਹਨ।