ਮੈਂ ਪੰਜਾਬੀ, ਪੰਜਾਬ ਦੇ ਰਹਿਣ ਵਾਲਾ - ਫ਼ਿਰੋਜ਼ਦੀਨ ਸ਼ਰਫ਼
ਮੈਂ ਪੰਜਾਬੀ, ਪੰਜਾਬ ਦੇ ਰਹਿਣ ਵਾਲਾ,
ਹਾਂ ਮੈਂ ਪੇਂਡੂ ਪਰ ਸ਼ਹਿਰੀਏ ਢੰਗ ਦਾ ਹਾਂ ।
ਸਮਝਾਂ ਫ਼ਾਰਸੀ, ਉਰਦੂ ਵੀ ਖੂਬ ਬੋਲਾਂ,
ਥੋੜੀ ਬਹੁਤ ਅੰਗਰੇਜ਼ੀ ਵੀ ਅੰਗਦਾ ਹਾਂ ।
ਬੋਲੀ ਆਪਣੀ ਨਾਲ ਪਿਆਰ ਰੱਖਾਂ,
ਇਹ ਗੱਲ ਆਖਣੋਂ ਕਦੀ ਨਾਂ ਸੰਗਦਾ ਹਾਂ ।
ਮੋਤੀ ਕਿਸੇ ਸੁਹਾਗਣ ਦੀ ਨੱਥ ਦਾ ਮੈਂ,
ਟੁਕੜਾ ਕਿਸੇ ਪੰਜਾਬਣ ਦੀ ਵੰਗ ਦਾ ਹਾਂ ।
ਮਿਲੇ ਮਾਣ ਪੰਜਾਬੀ ਨੂੰ ਦੇਸ ਅੰਦਰ,
ਆਸ਼ਕ ਮੁੱਢੋਂ ਮੈਂ ਏਸ ਉਮੰਗ ਦਾ ਹਾਂ ।
ਵਾਰਸ ਸ਼ਾਹ ਤੇ ਬੁੱਲ੍ਹੇ ਦੇ ਰੰਗ ਅੰਦਰ
ਡੋਬ-ਡੋਬ ਕੇ ਜ਼ਿੰਦਗੀ ਰੰਗਦਾ ਹਾਂ ।
ਰਵਾਂ ਇੱਥੇ ਤੇ ਯੂ. ਪੀ. 'ਚ ਕਰਾਂ ਗੱਲਾਂ,
ਐਸੀ ਅਕਲ ਨੂੰ ਛਿੱਕੇ ਤੇ ਟੰਗਦਾ ਹਾਂ ।
ਮੈਂ ਪੰਜਾਬੀ, ਪੰਜਾਬੀ ਦਾ ਸ਼ਰਫ਼ ਸੇਵਕ,
ਸਦਾ ਖੈਰ ਪੰਜਾਬੀ ਦੀ ਮੰਗਦਾ ਹਾਂ ।
* * *