ਰੁੱਤ ਦਲ-ਬਦਲੂਆਂ ਦੀ ਆਈ - ਗੁਰਮੀਤ ਸਿੰਘ ਪਲਾਹੀ
ਚੋਣਾਂ ਕੀ ਆਈਆਂ, ਸਵਾਰਥੀ, ਮੌਕਾਪ੍ਰਸਤ ਨੇਤਾਵਾਂ ਦੀਆਂ ਅੱਖਾਂ ਹੀ ਬਦਲ ਗਈਆਂ। ਪਾਰਟੀ ਟਿਕਟ ਦਿਉ ਨਹੀਂ ਤਾਂ ਹੋਰ ਬਥੇਰੇ। ਜਿਵੇਂ ਸਰਕਾਰਾਂ ਬਨਾਉਣ ਵੇਲੇ ਅੜੇ-ਥੁੜੇ ਵਿਧਾਇਕਾਂ ਦੇ ਭਾਅ ਲਗਦੇ ਆ, ਹੁਣ ਵਿਧਾਇਕ ਬਨਣ ਲਈ ਨੇਤਾ ਥੈਲੀਆਂ ਚੁੱਕੀ ਫਿਰਦੇ ਆ। ਸਿਆਣੇ ਲੋਕ ਪੁੱਛਦੇ ਆ ਨੇਤਾਵਾਂ ਤੋਂ, ਭਾਈ ਨੈਤਿਕਤਾ ਕਿੱਥੇ ਗਈ?
ਦਲ ਬਦਲ ਤਾਂ ਹੁਣ ਸਿਆਸੀ ਪਾਰਟੀਆਂ ਦੀ ਨੀਤੀ ਦਾ ਇਕ ਹਿੱਸਾ ਹੀ ਬਣ ਗਿਆ ਹੈ। ਜਿਥੇ ਵੀ, ਜਦੋਂ ਵੀ ਚੋਣਾਂ ਦਾ ਐਲਾਨ ਹੁੰਦਾ ਹੈ, ਦਲ-ਬਦਲ ਦਾ ਦੌਰ ਸ਼ੁਰੂ ਹੋ ਜਾਂਦਾ ਹੈ। ਦਲ-ਬਦਲੂ ਦੀ ਇਸ ਭੈੜੀ ਖੇਡ ਵਿਚ ਵਿਚਾਰ, ਅਨੁਸ਼ਾਸ਼ਨ ਜਾਂ ਸੰਵਿਧਾਨਿਕ ਮੁੱਲਾਂ ਦਾ ਕੋਈ ਅਰਥ ਹੀ ਨਹੀਂ ਰਹਿ ਜਾਂਦਾ।
1985 ਵਿਚ ਬਣਾਇਆ ਦਲ-ਬਦਲੂ ਐਕਟ, ਕਿਸੇ ਨਾ ਕਿਸੇ ਢੰਗ ਨਾਲ ਸਿਆਸੀ ਪਾਰਟੀਆਂ ਆਪਣੇ ਢੰਗ ਨਾਲ ਤੋੜ ਮਰੋੜ ਕੇ ਆਪਣੇ ਹਿੱਤ ਪੂਰ ਲੈਂਦੀਆਂ ਹਨ। ਬਹੁਤੀ ਦੂਰ ਕੀ ਜਾਣਾ ਹੈ, ਪੰਜਾਬ ਦੀ ਹੁਣੇ ਗਈ ਅਸੰਬਲੀ ਇਸ ਦੀ ਵੱਡੀ ਉਦਾਹਰਨ ਹੈ। ਬਹੁਤ ਪਾਰਟੀਆਂ ਪਾਰਟੀਆਂ ਦੇ ਨੇਤਾਵਾਂ ਨੇ ਆਪਣੀਆਂ ਪਾਰਟੀਆਂ ਛੱਡੀਆਂ, ਦੂਜੀਆਂ 'ਚ ਸ਼ਾਮਲ ਹੋਏ, ਪਰ 1985 ਦੇ ਦਲ ਬਦਲੂ ਕਾਨੂੰਨ ਅਨੁਸਾਰ ਉਹਨਾਂ 'ਚੋਂ ਕਿਸੇ ਨੂੰ ਵੀ ਆਪਣੀ ਵਿਧਾਇਕੀ ਤੋਂ ਹੱਥ ਨਹੀਂ ਧੋਣੇ ਪਏ। ਰਾਹ-ਕਾਰ ਸਿਆਸਤਦਾਨਾਂ, ਹਾਕਮਾਂ ਨੇ ਬਥੇਰੇ ਕਾਨੂੰਨੀ ਰਾਹ ਰੱਖੇ ਹੁੰਦੇ ਹਨ, ਜਿਨਹਾਂ ਦੀ ਉਹਨਾਂ ਵਰਤੋਂ ਕੀਤੀ। ਆਮ ਆਦਮੀ ਪਾਰਟੀ ਦੇ ਲਗਭਗ ਅੱਧੇ ਵਿਧਾਇਕ ਛੜੱਪਾ ਮਾਰ ਕੇ ਦੂਜੇ ਪਾਸੇ ਤੁਰ ਗਏ, ਪਰ ਆਖਰੀ ਵੇਲੇ ਤੱਕ ਵੀ ਵਿਧਾਇਕ ਰਹੇ।
ਦਲ-ਬਦਲੂ ਦੀ ਇਬਾਰਤ ਹਰਿਆਣਾ 'ਚ ਲਿਖੀ ਗਈ ਸੀ, ਜਿਥੇ ਲਗਾਤਾਰ ਇਕ ਤੋਂ ਵੱਧ ਵੇਰ ਇਕ ਵਿਧਾਇਕ ਨੇ ਸਿਆਸੀ ਪਾਰਟੀ ਬਦਲੀ ਸੀ ਅਤੇ ਇਕ ਕਹਾਵਤ ਉਸੇ ਗਿਆ ਵਿਧਾਇਕ ਦੇ ਨਾਮ ਹੋ ਗਈ ਸੀ, ''ਆਇਆ ਰਾਮ ਗਿਆ ਰਾਮ'' ਅੱਜ ਵੀ ਲੋਕ ਇਸ ਨੂੰ ਇਕ ਚੁਟਕਲੇ ਵਾਂਗਰ ਯਾਦ ਕਰਦੇ ਹਨ ਅਤੇ ਇਹ ਵੀ ਯਾਦ ਕਰਦੇ ਹਨ।
ਸਾਲ 1967 ਤੋਂ 1973 ਦਰਮਿਆਨ 45 ਸੂਬਾ ਸਰਕਾਰਾਂ ਡਿੱਗੀਆਂ ਜਾਂ ਡੇਗੀਆਂ ਗਈਆਂ। ਇਹਨਾਂ ਸਰਕਾਰਾਂ 'ਚ 2700 ਕੇਸ ਦਲ ਬਦਲੀ ਦੇ ਸਨ। ਇਸ ਦਲ ਬਦਲ ਦੇ ਰੁਝਾਨ ਨੂੰ ਰੋਕਣ ਲਈ ਹੀ 1985 'ਚ ਦਲ-ਬਦਲ ਕਾਨੂੰਨ ਬਣਾਇਆ ਗਿਆ।
ਹਰਿਆਣਾ ਅਤੇ ਪੰਜਾਬ 'ਚ ਬਦ ਬਦਲ ਦੀਆਂ ਘਟਨਾਵਾਂ ਨਿਰੰਤਰ ਵੇਖਣ ਨੂੰ ਮਿਲਦੀਆਂ ਰਹੀਆਂ ਹਨ ਅਤੇ ਇਹ ਹੁਣ ਪੂਰੇ ਜ਼ੋਰਾਂ ਉੱਤੇ ਹਨ। ਦਲ ਬਦਲ ਦੀ ਇਹ ਸ਼ੁਰੂਆਤ ਕਾਂਗਰਸ ਨੇ 60ਵਿਆਂ 'ਚ ਕੀਤੀ ਸੀ। 1962 ਅਤੇ 1966 'ਚ ਅਕਾਲੀ ਦਲ ਅਤੇ ਅਜ਼ਾਦ ਵਿਧਾਇਕ ਪੁੱਟ ਕੇ ਸਰਕਾਰਾਂ ਤੋੜੀਆਂ ਗਈਆਂ ਸਨ। ਜਿਥੇ ਹਰਿਆਣਾ 'ਚ ਭਜਨ ਲਾਲ ਦੀ ਸਰਕਾਰ ਦਲ ਬਦਲ ਦਾ ਸਿੱਟਾ ਸੀ, ਉਥੇ ਜਸਟਿਸ ਗੁਰਨਾਮ ਸਿੰਘ ਅਤੇ ਲਛਮਣ ਸਿੰਘ ਗਿੱਲ ਦੀਆਂ ਪੰਜਾਬ ਵਿਚਲੀਆਂ ਸਰਕਾਰਾਂ ਦਾ ਡਿਗਣਾ ਵੀ ਦਲ-ਬਦਲ ਦੀ ਹੀ ਉਪਜ ਸਨ।
ਦਲ ਬਦਲ ਦੀਆਂ ਇਹਨਾਂ ਖੇਡਾਂ 'ਚ ਸ਼ਾਮਲ ਨੇਤਾ ਸਿਰਫ਼ ਕਾਂਗਰਸ ਨਾਲ ਹੀ ਸ਼ਾਮਲ ਨਹੀਂ ਸਨ। ਸਗੋਂ ਕਾਂਗਰਸ ਦੇ ਵਿਰੋਧ 'ਚ ਬਣੇ ਯੂਨਾਈਟਿਡ ਫਰੰਟ ਨੇ ਵੀ ਇਸ 'ਚ ਵੱਡਾ ਰੋਲ ਅਦਾ ਕੀਤਾ।
ਸਾਲ 1967 ਵਿਚ ਲਛਮਣ ਸਿੰਘ ਗਿੱਲ ਅਤੇ 16 ਹੋਰ ਵਿਧਾਇਕਾਂ ਦੀ ਦਲ ਬਦਲੀ ਕਰਵਾ ਕੇ ਅਕਾਲੀ ਦਲ ਦੀ ਜਸਟਿਸ ਗੁਰਨਾਮ ਸਿੰਘ ਦੀ ਵਜ਼ਾਰਤ ਤੋੜੀ ਗਈ ਸੀ। ਇਸ ਦਲ ਬਦਲ 'ਚ ਰੀਪਬਲਿਕਨ ਪਾਰਟੀ, ਅਕਾਲੀ ਦਲ (ਸੰਤ ਫਤਿਹ ਸਿੰਘ), ਅਕਾਲੀ ਦਲ (ਮਾਸਟਰ ਤਾਰਾ ਸਿੰਘ) ਨਾਲ ਸਬੰਧਤ ਅਤੇ ਅਜ਼ਾਦ ਵਿਧਾਇਕ ਸ਼ਾਮਲ ਸਨ।
ਸਾਲ 1967-71 ਦੌਰਾਨ ਪੰਜਾਬ ਵਿਚ ਜਸਟਿਸ ਗੁਰਨਾਮ ਸਿੰਘ ਦੀ ਸਰਕਾਰ ਦੋ ਵੇਰ ਤੋੜੀ ਗਈ। ਇਕ ਵੇਰ ਲਛਮਣ ਸਿੰਘ ਗਿੱਲ ਨੂੰ ਗੱਦੀ ਤੋਂ ਲਾਹਿਆ ਗਿਆ। ਪ੍ਰਕਾਸ਼ ਸਿੰਘ ਬਾਦਲ ਵੱਲੋਂ ਬਣਾਈ ਗਈ ਸਰਕਾਰ ਵੀ ਕੁਝ ਮਹੀਨੇ ਹੀ ਕੱਢ ਸਕੀ। ਮੁੱਖ ਤੌਰ ਤੇ ਸੂਬਿਆਂ 'ਚ ਦਲ ਬਦਲ ਦੀਆਂ ਘਟਨਾਵਾਂ ਲਈ ਕੇਂਦਰ ਉੱਤੇ ਰਾਜ ਕਰ ਰਹੀ ਕਾਂਗਰਸ ਹੀ ਦੋਸ਼ੀ ਰਹੀ ਹੈ, ਕਿਉਂਕਿ ਉਸ ਨੂੰ ਇਹ ਸੁਖਾਵਾਂ ਨਹੀਂ ਸੀ ਕਿ ਸੂਬਿਆਂ ਵਿਚ ਵਿਰੋਧੀ ਧਿਰ ਜਾਂ ਸਥਾਨਕ ਪਾਰਟੀਆਂ ਦੀਆਂ ਸਰਕਾਰਾਂ ਰਾਜ ਕਰਨ। ਕਾਂਗਰਸ ਦੇ ਦੇਸ਼ 'ਚ ਕਮਜ਼ੋਰ ਹੋਣ ਉਪਰੰਤ ਜਦੋਂ ਬਾਜੀ ਭਾਜਪਾ ਦੇ ਹੱਥ ਆਈ ਤਾਂ ਉਸ ਵੱਲੋਂ ਵੱਡੀ ਪੱਧਰ ਉੱਤੇ ਦਲ-ਬਦਲ ਦੀ ਖੇਡ ਖਾਸ ਤੌਰ 'ਤੇ ਉਹਨਾਂ ਸੂਬਿਆਂ 'ਚ ਖੇਡੀ ਗਈ ਜਿੱਥੇ ਕਾਂਗਰਸ ਦੀਆਂ ਸਰਕਾਰਾਂ ਸਨ। ਮੰਤਵ ਸੀ ਦੇਸ਼ ਨੂੰ ਕਾਂਗਰਸ ਮੁਕਤ ਕਰਨਾ ਹੈ, ਜਿਸ ਅਧੀਨ ਜਿਥੇ ਚੋਣਾਂ 'ਚ ਕਾਂਗਰਸ ਨੂੰ ਹਰਾਉਣ ਦਾ ਬਿਗਲ ਰਾਸ਼ਟਰੀ ਪਾਰਟੀ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਵਜਾਇਆ, ਉਥੇ ਜਿਥੇ ਉਹਨਾਂ ਨੇ ਜਿੱਤ ਪ੍ਰਾਪਤ ਕੀਤੀ ਜਾਂ ਜਿੱਤ ਪ੍ਰਾਪਤ ਕਰਨ ਦੇ ਨੇੜੇ ਗਏ, ਉਥੇ ਉਹਨਾਂ ਨੂੰ ਜਾਂ ਤਾਂ ਸਰਕਾਰ ਬਨਾਉਣ ਹੀ ਨਾ ਦਿੱਤੀ ਗਈ ਜਾਂ ਫਿਰ ਉਹਨਾਂ ਦੀਆਂ ਬਣੀਆਂ ਸਰਕਾਰਾਂ ਤੋੜ ਦਿੱਤੀਆਂ ਗਈਆਂ। ਮੱਧ ਪ੍ਰਦੇਸ਼ ਕਾਂਗਰਸ ਸਰਕਾਰ ਦਾ ਦਲ ਬਦਲੂਆਂ ਨੂੰ ਉਤਸ਼ਾਹਤ ਕਰਕੇ ਤੋੜਿਆ ਜਾਣਾ ਇਕ ਵੱਡੀ ਉਦਾਹਰਨ ਬਣੀ।
ਇਥੇ ਹੀ ਬੱਸ ਨਹੀਂ ਪੱਛਮੀ ਬੰਗਾਲ ਚੋਣਾਂ ਤੋਂ ਪਹਿਲਾਂ ਵੱਡੀ ਪੱਧਰ ਉੱਤੇ ਉਸੇ ਢੰਗ ਨਾਲ ਦਲ ਬਦਲੂਆਂ ਨੂੰ ਉਤਸ਼ਾਹਿਤ ਕਰਕੇ ਭਾਜਪਾ ਨੇ ਆਪਣੀ ਪਾਰਟੀ ਦਾ ਅਕਾਰ ਵੱਡਾ ਕੀਤਾ, ਜਿਵੇਂ ਅੱਜਕਲ੍ਹ ਪੰਜਾਬ 'ਚ ਉਸ ਵੇਲੇ ਕੀਤਾ ਜਾ ਰਿਹਾ ਹੈ। ਵੱਖ-ਵੱਖ ਸਿੱਖ ਚਿਹਰੇ, ਬੁਧੀਜੀਵੀ, ਹਰੇਕ ਪਾਰਟੀ ਦੇ ਉਹ ਰੁਸੇ ਹੋਏ ਨੇਤਾ, ਜਿਹੜੇ ਆਪੋ ਆਪਣੀਆਂ ਪਾਰਟੀਆਂ 'ਚ ਵਿਧਾਇਕੀ ਲਈ ਟਿਕਟਾਂ ਨਹੀਂ ਲੈ ਜਾ ਰਹੇ, ਭਾਜਪਾ ਦਾ ਖਾਜਾ ਬਣ ਰਹੇ ਹਨ। ਇਸ ਸਾਰੀ ਖੇਡ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਉਹਨਾਂ ਦਾ ਸਾਥ ਦੇ ਰਹੇ ਹਨ, ਜਿਨ੍ਹਾਂ ਨੂੰ ਕਾਂਗਰਸ ਵਿਚੋਂ ਆਪਣੀ ਕੁਰਸੀ ਛੱਡਣੀ ਪਈ ਅਤੇ ਜਿਹੜੇ ਆਪਣੇ ਆਪ ਨੂੰ ਉਹਨਾਂ ਤੋਂ ਕਾਂਗਰਸ ਹਾਈ ਕਮਾਂਡ ਵੱਲੋਂ ਮਾੜੇ ਢੰਗ ਨਾਲ ਕੁਰਸੀ ਖੋਹੇ ਜਾਣ 'ਤੇ ਬੇਇੱਜ਼ਤ ਮਹਿਸੂਸ ਕਰ ਰਹੇ ਹਨ।
ਇਥੇ ਇਹ ਗੱਲ ਵਰਨਣ ਕਰਨੀ ਕਿਸੇ ਤਰ੍ਹਾਂ ਵੀ ਗਲਤ ਨਹੀਂ ਹੋਵੇਗੀ ਕਿ ਜਿਵੇਂ ਭਾਜਪਾ ਨੇ ਪੱਛਮੀ ਬੰਗਾਲ ਵਿਚ ਸੂਬਾ ਚੋਣਾਂ ਹਾਰਨ ਤੋਂ ਬਾਅਦ ਆਪਣੀ ਵੋਟ ਗਿਣਤੀ 'ਚ ਵਾਧਾ ਕੀਤਾ ਹੈ, ਉਵੇਂ ਹੀ ਉਹ ਪੰਜਾਬ ਵਿਚ ਆਪਣੀ ਵੋਟ ਗਿਣਤੀ 'ਚ ਵੱਡਾ ਵਾਧਾ ਕਰਕੇ ਇਹ ਦਰਸਾਉਣ ਦੇ ਰਾਹ ਤੇ ਹੈ ਕਿ ਪੰਜਾਬ ਵਿਚ ਉਸਦਾ ਆਧਾਰ ਵਧਿਆ ਹੈ ਅਤੇ ਤਿੰਨ ਖੇਤੀ ਕਾਨੂੰਨ ਸਿਰਫ਼ ਤੇ ਸਿਰਫ਼ ਕੁਝ ਲੋਕਾਂ ਦੇ ਵਿਰੋਧ ਕਾਰਨ ਹੀ ਕੇਂਦਰੀ ਹਕੂਮਤ ਨੇ ਵਾਪਿਸ ਲਏ ਹਨ।
ਭਾਜਪਾ ਆਪਣੇ ਗੱਠਜੋੜ ਵਾਲੇ ਸਾਥੀਆਂ ਅਮਰਿੰਦਰ ਸਿੰਘ ਪੰਜਾਬ ਲੋਕ ਕਾਂਗਰਸ ਅਤੇ ਸੁਖਦੇਵ ਸਿੰਘ ਢੀਂਡਸਾ ਸੰਯੁਕਤ ਅਕਾਲੀ ਦਲ ਦੇ ਸਹਿਯੋਗ ਨਾਲ 117 ਸੀਟਾਂ ਉੱਤੇ ਜੇਤੂ ਨਹੀਂ ਬਣ ਸਕਦੀ, ਪਰ ਉਸ ਵੇਲੇ ਸਿੱਖ ਚਿਹਰਿਆਂ ਨੂੰ ਆਪਣੇ ਨਾਲ ਜੋੜ ਕੇ, ਇਕ ਵੱਖਰੀ ਕਿਸਮ ਦਾ ਘੱਟ ਗਿਣਤੀਆਂ ਨਾਲ ਖੜਨ ਦਾ ਪ੍ਰਭਾਵ ਦਿੱਤਾ ਜਾ ਰਿਹਾ ਹੈ।
ਕਾਂਗਰਸ ਵਿਚਲੇ ਬਹੁਤੇ ਲੋਕ ਜਿਹਨਾਂ ਨੂੰ ਵਿਧਾਇਕੀ ਟਿਕਟਾਂ ਤੋਂ ਨਾਂਹ ਹੋ ਗਈ ਹੈ, ਉਹ ਵਫਾਦਾਰੀਆਂ ਬਦਲਣ ਲੱਗ ਪਏ ਹਨ। ਬਹੁਤੇ ਨਿਰਾਸ਼ ਕਾਂਗਰਸੀ ਨੇਤਾ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ, ਪਰ ਕੁਝ ਕੈਪਟਨ ਅਮਰਿੰਦਰ ਸਿੰਘ ਨਾਲ ਜੁੜ ਰਹੇ ਹਨ।
ਭਾਜਪਾ ਨੇ ਹਾਲੀ ਤੱਕ ਆਪਣੇ ਸਾਥੀਆਂ ਨਾਲ ਰਲ ਕੇ ਵਿਧਾਇਕੀ ਵਾਲੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ। ਹਾਲੀ ਭਾਜਪਾ ਪਰ ਤੋਲ ਰਹੀ ਹੈ। ਫਿਰੋਜ਼ਪੁਰ ਦੀ ਪ੍ਰਧਾਨ ਮੰਤਰੀ ਦੀ ਰੈਲੀ ਫੇਲ੍ਹ ਹੋਣ ਉਪਰੰਤ ਹੁਣ ਭਾਜਪਾ ਵਰਚੁਅਲ ਤੌਰ 'ਤੇ ਤਿੰਨ ਲੱਖ ਵਰਕਰਾਂ ਨਾਲ ਪ੍ਰਧਾਨ ਮੰਤਰੀ ਅਤੇ ਹੋਰ ਨੇਤਾਵਾਂ ਦੀ ਵਰਚੁਅਲ ਰੈਲੀ ਕਰ ਰਹੀ ਹੈ, ਮੰਤਵ ਹਰ ਹੀਲੇ ਪੰਜਾਬ ਵਿਚ ਆਪਣੀ ਤਾਕਤ, ਸਮਰੱਥਾ, ਗਿਣਤੀ ਅਤੇ ਹੋਂਦ ਦਾ ਪ੍ਰਗਟਾਵਾ ਕਰਨਾ ਹੈ। ਉਸ ਵੱਲੋਂ ਯਤਨ ਇਹ ਹੈ ਕਿ ਜੇਕਰ ਉਹ ਆਪਣੇ ਸਹਿਯੋਗੀਆਂ ਨਾਲ ਰਲਕੇ ਪੰਜਾਬ ਦੀ ਤਾਕਤ ਹਥਿਆ ਨਾ ਵੀ ਸਕੇ, ਪਰ ਉਹ ਆਉਣ ਵਾਲੀ ਵਜ਼ਾਰਤ ਦੇ ਗਠਨ 'ਚ ਮੋਹਰੀ ਰੋਲ ਅਦਾ ਕਰਨ ਜੋਗੀਆਂ ਸੀਟਾਂ ਜ਼ਰੂਰ ਪ੍ਰਾਪਤ ਕਰ ਸਕੇ, ਜਿਸ ਤੋਂ ਬਾਅਦ ਜੋੜ-ਤੋੜ, ਦਲ-ਬਦਲ ਨਾਲ ਉਹ ਸਿੱਧੇ-ਅਸਿੱਧੇ ਤੌਰ 'ਤੇ ਪੰਜਾਬ ਉੱਤੇ ਕਾਬਜ਼ ਹੋ ਸਕੇ।
ਦਲ ਬਦਲ ਦੇ ਇਸ ਰੰਗ-ਮੰਚ 'ਚ ਆਮ ਆਦਮੀ ਪਾਰਟੀ ਵੀ ਆਪਣੇ ਵੱਲੋਂ ਪੱਤੇ ਖੇਡ ਰਹੀ ਹੈ। ਆਪਣੀਆਂ ਜਾਰੀ ਨੀਤੀਆਂ ਲਗਭਗ ਸਾਰੀਆਂ ਸੀਟਾਂ ਵਿਚੋਂ ਲਗਭਗ ਤਿਹਾਈ ਬਾਹਰਲੀਆਂ ਪਾਰਟੀਆਂ ਵਿਚੋਂ ਆਏ ਹੋਏ ਨੇਤਾ ਹਨ। ਸ਼੍ਰੋਮਣੀ ਅਕਾਲੀ ਦਲ (ਬ) ਵਿਚ ਵੀ ਕਈ ਕਾਂਗਰਸੀ ਨੇਤਾ ਪੁੱਜ ਗਏ ਹਨ।
ਦਲ ਬਦਲੂਆਂ ਕਾਰਨ ਬਿਨਾਂ ਸ਼ੱਕ ਪਾਰਟੀਆਂ ਦਾ ਅੰਦਰੂਨੀ ਸੰਤੁਲਿਨ ਵਿਗੜਦਾ ਹੈ। ਪਾਰਟੀਆਂ ਦੇ ਉਹ ਨਿਸ਼ਕਾਮ ਵਰਕਰ, ਨੇਤਾ ਜਿਹੜੇ ਵਰ੍ਹਿਆਂਬੱਧੀ ਆਪਣੀ ਪਾਰਟੀ ਲਈ ਕੰਮ ਕਰਦੇ ਹਨ, ਉਹਨਾਂ ਦਾ ਹੱਕ ਮਾਰਿਆ ਜਾਂਦਾ ਹੈ। ਉਹਨਾਂ ਦੀ ਆਵਾਜ਼ ਦੱਬੀ ਜਾਂਦੀ ਹੈ। ਪਾਰਟੀਆਂ ਦੇ ਨਿਯਮ ਭੰਗ ਹੁੰਦੇ ਹਨ, ਉਹਨਾਂ ਦਾ ਵਿਧਾਨ ਟੁੱਟਦਾ ਹੈ। ਪੈਰਾਸ਼ੂਟ ਨਾਲ ਉਪਰੋਂ ਆਏ ਆਪਣੇ ਨੇਤਾਵਾਂ ਕਾਰ ਨਹੀ ਇਹ ਵਰਕਰ ਪਹਿਲਾਂ ਪ੍ਰੇਸ਼ਾਨ ਸਨ, ਪਰ ਹੁਣ ਤਾਂ ਦੂਹਰੀ ਮਾਰ ਉਹਨਾਂ ਨੂੰ ਪੈ ਰਹੀ ਹੈ ਕਿ ਦੂਜੀਆਂ ਪਾਰਟੀਆਂ ਦੇ ਨੇਤਾ ਵੀ ਉਹਨਾਂ ਅੱਗੇ ਆ ਖੜੋਂਦੇ ਹਨ।
ਅਸਲ ਵਿਚ ਦਲ ਬਦਲ ਨੇ ਭਾਰਤ ਦੀ ਸਿਆਸਤ ਹੀ ਬਦਲ ਦਿੱਤੀ ਹੈ। ਕੁਰਸੀ ਦੀ ਹੋੜ ਨੇ ਨੈਤਿਕ ਕਦਰਾਂ-ਕੀਮਤਾਂ ਨੂੰ ਢਾਅ ਲਾਈ ਹੈ। ਦੇਸ਼ ਦੇ ਲੋਕਤੰਤਰ ਦੀੇ ਚੰਗੀ ਸਿਹਤ ਲਈ ਦਲ-ਬਦਲੂਆਂ ਵਰਗੇ ਵਰਤਾਰੇ ਰੋਕੇ ਜਾਣ ਦੀ ਜ਼ਰੂਰਤ ਹੈ, ਤਦ ਹੀ ਦੇਸ਼ ਦੇ ਲੋਕ ਹਕੂਮਤ ਤੋਂ ਸਵੱਛ ਪ੍ਰਸਾਸ਼ਨ ਦੀ ਆਸ ਕਰ ਸਕਣਗੇ।