ਸਿਹਤ ਸੇਵਾਵਾਂ ਦੇ ਮਾਮਲੇ 'ਚ ਵਿਗੜ ਰਹੀ ਹੈ ਭਾਰਤ ਦੀ ਸਿਹਤ - ਗੁਰਮੀਤ ਸਿੰਘ ਪਲਾਹੀ
ਵੱਧਦੀ ਜਨਸੰਖਿਆ, ਗਰੀਬੀ ਅਤੇ ਸਿਹਤ ਖੇਤਰ ਦੇ ਕਮਜ਼ੋਰ ਢਾਂਚੇ ਦੇ ਕਾਰਨ ਭਾਰਤ ਦੇਸ਼ ਨੂੰ ਕਈ ਪੱਛੜੇ ਦੇਸ਼ਾਂ ਤੋਂ ਵੀ ਜਿਆਦਾ ਸਮੱਸਿਆਵਾਂ ਝੱਲਣੀਆਂ ਪੈ ਰਹੀਆਂ ਹਨ। ਕੋਵਿਡ-19 ਸਮੇਂ ਦੇਸ਼ ਦੀਆਂ ਸਿਹਤ ਸੇਵਾਵਾਂ ਜਿਵੇਂ ਬੁਰੀ ਤਰ੍ਹਾਂ ਚਰਮਰਾ ਗਈਆਂ ਇਹ ਇੱਕ ਉਦਾਹਰਣ ਹੈ। ਭਾਰਤੀ ਸਿਹਤ ਸੇਵਾਵਾਂ ਉਤੇ ਦੁਨੀਆਂ ਭਰ ਵਿੱਚ ਉਦੋਂ ਹੋ-ਹੱਲਾ ਮੱਚ ਗਿਆ ਜਦੋ ਵਿਸ਼ਵ ਸਿਹਤ ਸੰਗਠਨ ਤੋਂ ਇੱਕ ਰਿਪੋਰਟ ਆਈ, ਜੋ ਕਹਿੰਦੀ ਹੈ ਕਿ ਭਾਰਤ ਸਰਕਾਰ ਕੋਵਿਡ-19 ਨਾਲ ਹੋ ਰਹੀਆਂ ਮੌਤਾਂ ਦੇ ਅੰਕੜੇ ਲੁਕਾ-ਛੁਪਾ ਰਹੀ ਹੈ ਅਤੇ ਮੌਤਾਂ ਦੇ ਅਸਲੀ ਅੰਕੜੇ ਰਿਪੋਰਟ ਕੀਤੀਆਂ ਮੌਤਾਂ ਤੋਂ ਦਸ ਗੁਣਾ ਹਨ।
ਸਿਹਤ ਸੇਵਾਵਾਂ ਨਾਲ ਜੁੜੇ ਹਰੇਕ ਪੈਮਾਨੇ ਉਤੇ ਅਸੀਂ ਦੁਨੀਆਂ ਦੇ ਅਤਿ ਪੱਛੜੇ ਦੇਸ਼ਾਂ ਦੀ ਕਤਾਰ ਵਿਚ ਖੜੇ ਦਿਖਾਈ ਦੇ ਰਹੇ ਹਾਂ। ਭਾਰਤ ਵਿਚ ਜਨਮ ਸਮੇਂ ਹੋਣ ਵਾਲੇ ਛੋਟੇ ਬੱਚਿਆਂ ਦੀਆਂ ਪ੍ਰਤੀ ਹਜ਼ਾਰ ਵਿੱਚ ਮੌਤਾਂ ਦੀ ਗਿਣਤੀ 52 ਹੈ ਜਦਕਿ ਭੁੱਖਮਰੀ ਦੀ ਕਤਾਰ ਵਿੱਚ ਖੜੇ ਦੇਸ਼ ਸ਼੍ਰੀਲੰਕਾ ਦੇ ਲੋਕਾਂ 'ਚ ਇਹ ਗਿਣਤੀ 51 ਹੈ। ਗਰੀਬ ਦੇਸ਼ ਨੇਪਾਲ ਚ ਇਹ ਗਿਣਤੀ 38 ਹੈ। ਜਦਕਿ ਭੂਟਾਨ ਵਿੱਚ 41 ਅਤੇ ਛੋਟੇ ਜਿਹੇ ਦੇਸ਼ ਮਾਲਦੀਪ ਚ ਇਹ ਗਿਣਤੀ 20 ਹੈ। ਇਸ ਤਰਾਂ ਵਿਕਸਤ ਦੇਸ਼ਾਂ ਵਿਚ ਪ੍ਰਤੀ ਹਜ਼ਾਰ ਲੋਕਾਂ ਲਈ ਹਸਪਤਾਲਾਂ ਵਿੱਚ ਬਿਸਤਰਿਆਂ ਦੀ ਗਿਣਤੀ 23 ਹੈ ਜਦਕਿ ਭਾਰਤ ਵਿਚ ਪ੍ਰਤੀ ਹਜ਼ਾਰ ਪਿੱਛੇ 0.7 ਹੀ ਹੈ। ਜਦਕਿ ਭਾਰਤ ਦੇ ਗੁਆਂਢੀ ਦੇਸ਼ ਚੀਨ ਚ ਇਹ ਅੰਕੜਾ 3.8 ਅਤੇ ਸ਼੍ਰੀਲੰਕਾ ਵਿੱਚ 2.6 ਹੈ।
ਪਿਛਲੀ ਲੱਗਭਗ ਪੌਣੀ ਸਦੀ ਚ ਬੇਹਤਰ ਸਿਹਤ ਸੇਵਾਵਾਂ ਦੇਣ ਦੇ ਨਾਂਅ ਉੱਤੇ ਭਾਰਤ 'ਚ ਪ੍ਰਾਈਵੇਟ ਸਿਹਤ ਸੁਵਿਧਾ ਉਦਯੋਗ ਵਧ ਫੁਲ ਰਿਹਾ ਹੈ। ਇਹ ਉਦਯੋਗ ਦੇਸ਼ ਵਿਚ ਚੱਲ ਰਹੀਆਂ ਜਨ ਸਿਹਤ ਸੇਵਾਵਾਂ ਨੂੰ ਮਿੱਧਕੇ ਅੱਗੇ ਵਧਣ ਦਾ ਕੰਮ ਕਰ ਰਿਹਾ ਹੈ। ਵੱਡੇ-ਵੱਡੇ ਮਹਿੰਗੇ ਨਿੱਜੀ ਹਸਪਤਾਲ ਖੜੇ ਹੋ ਗਏ ਹਨ। ਪਰ ਦੂਜੇ ਪਾਸੇ ਤਹਿਸੀਲ ਅਤੇ ਬਲਾਕ ਪੱਧਰ ਉੱਤੇ ਜੋ ਸਰਕਾਰੀ ਹਸਪਤਾਲ ਹੈ, ਉੱਥੇ ਨਾ ਸਪੈਸ਼ਲਿਸਟ ਡਾਕਟਰ ਹਨ, ਨਾ ਸਿਹਤ ਕਰਮਚਾਰੀ ਹਨ ਅਤੇ ਨਾ ਹੀ ਹੋਰ ਜ਼ਰੂਰੀ ਸਿਹਤ ਸਹੂਲਤਾਂ ਹਨ। ਉਂਜ ਦਵਾਈਆਂ ਵੀ ਇਹੋ ਜਿਹੀਆਂ ਮਿਲਦੀਆਂ ਹਨ, ਜੋ ਮਰੀਜ਼ ਨੂੰ ਠੀਕ ਕਰਨ ਦੀ ਵਿਜਾਏ ਹੋਰ ਬੀਮਾਰੀਆਂ ਪੈਦਾ ਕਰਦੀਆਂ ਹਨ। ਦੂਜੀ ਗੱਲ ਇਹ ਵੀ ਹੈ ਕਿ ਪਿੰਡਾਂ ਵਿੱਚ ਐਲੋਪੈਥੀ ਹਸਪਤਾਲਾਂ ਤੋਂ ਇਲਾਵਾ ਚੱਲਣ ਵਾਲੇ ਹੋਮਿਓਪੈਥੀ, ਯੂਨਾਨੀ ਅਯੁਰਵੈਦਿਕ, ਕੁਦਰਤੀ ਚਿਕਤਸਾ ਅਤੇ ਯੋਗ ਜਿਹੀਆਂ ਕਾਰਗਰ ਚਿਕਿੱਤਸਾਵਾਂ ਵਾਲੇ ਸਰਕਾਰੀ ਹਸਪਤਾਲਾਂ ਦੀ ਵੀ ਵੱਡੀ ਕਮੀ ਹੈ। ਇੱਥੋਂ ਤੱਕ ਕਿ ਪੇਂਡੂ ਖੇਤਰਾਂ ਦੇ ਸਿਹਤ ਕੇਂਦਰਾਂ ਅਤੇ ਉਨ੍ਹਾਂ ਸਿਹਤ ਕੇਂਦਰਾਂ ਨੂੰ ਨਾ ਵਿਸਥਾਰ ਦੇਣ ਦਾ ਕੋਈ ਯਤਨ ਹੋ ਰਿਹਾ ਹੇ ਅਤੇ ਨਾ ਹੀ ਇਹਨਾਂ ਦੀਆਂ ਖਾਮੀਆਂ ਦੂਰ ਕੀਤੀਆਂ ਜਾਂਦੀਆ ਹਨ। ਸਿੱਟੇ ਵਜੋਂ ਇਹਨਾ ਸਿਹਤ ਕੇਂਦਰਾਂ ਵਿੱਚ ਗਰੀਬ ਆਦਮੀ ਦਾ ਇਲਾਜ ਵੀ ਹੋ ਨਹੀਂ ਸਕਦਾ।
ਪਿਛਲੇ ਬਜ਼ਟ ਸਮੇਂ ਇਹ ਤਹਿ ਕੀਤਾ ਗਿਆ ਸੀ ਕਿ ਭਾਰਤ ਸਰਕਾਰ ਆਮ ਆਦਮੀ ਲਈ ਬਣਾਈ ਸਿਹਤ ਬੀਮਾ ਯੋਜਨਾ, ਆਯੂਸ਼ਮਾਨ ਯੋਜਨਾ ਦਾ ਵਿਸਥਾਰ ਕਰੇਗੀ ਅਤੇ 40 ਕਰੋੜ ਹੋਰ ਲੋਕਾਂ ਨੂੰ ਇਸ ਸਕੀਮ ਵਿੱਚ ਸ਼ਾਮਿਲ ਕੀਤਾ ਜਾਵੇਗਾ। ਇਸ ਤਰ੍ਹਾਂ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਇਸ ਨਾਲ ਦੇਸ਼ ਦੀ ਅਬਾਦੀ ਦੇ ਵੱਡੇ ਹਿੱਸੇ ਨੂੰ ਸਕੀਮ ਦਾ ਫ਼ਾਇਦਾ ਹੋਏਗਾ ਲੇਕਿਨ ਸਵਾਲ ਇਹ ਹੈ ਕਿ ਕੀ ਇਸ ਯੋਜਨਾ ਦੇ ਵਿਸਥਾਰ ਨਾਲ ਆਮ ਆਦਮੀ ਦੀਆਂ ਸਿਹਤ ਸਬੰਧੀ ਪ੍ਰੇਸ਼ਾਨੀਆਂ ਦੂਰ ਹੋਣਗੀਆਂ ਜਾਂ ਘੱਟ ਜਾਣਗੀਆਂ?
ਧਿਆਨਯੋਗ ਹੈ ਕਿ 50 ਕਰੋੜ ਲੋਕ ਆਯੂਸ਼ਮਾਨ ਯੋਜਨਾ ਦੇ ਦਾਇਰੇ 'ਚ ਹਨ, ਭਾਵ ਕਿਹਾ ਜਾ ਰਿਹਾ ਹੈ ਕਿ ਦਸ ਕਰੋੜ ਚੌਹੱਤਰ ਲੱਖ ਪਰਿਵਾਰ ਇਸ ਯੋਜਨਾ ਦਾ ਲਾਭ ਲੈ ਰਹੇ ਹਨ ਅਤੇ ਪ੍ਰਤੀ ਸਾਲ ਪੰਜ ਲੱਖ ਰੁਪਏ ਦੀ ਬੀਮਾ ਸੁਰੱਖਿਆ ਇਹਨਾ ਨੂੰ ਮਿਲੀ ਹੋਈ ਹੈ। ਪਰ ਇਹ ਯੋਜਨਾ, ਭਾਰਤ ਦੀਆਂ ਹੋਰ ਬਹੁ ਚਰਚਿਤ ਯੋਜਨਾਵਾਂ ਵਾਂਗਰ ਵੱਡੇ ਘਪਲਿਆਂ ਦਾ ਸ਼ਿਕਾਰ ਹੋ ਚੁੱਕੀ ਹੈ। ਪ੍ਰਾਈਵੇਟ ਹਸਪਤਾਲ ਵਾਲੇ ਇਸ ਯੋਜਨਾ ਤਹਿਤ ਮਰੀਜ਼ ਦਾਖ਼ਲ ਕਰਦੇ ਹਨ, ਵੱਡੇ ਬਿੱਲ ਬਨਾਉਂਦੇ ਹਨ ਅਤੇ ਸਰਕਾਰ ਨੂੰ ਚੂਨਾ ਲਗਾਉਂਦੇ ਹਨ।
ਆਯੂਸ਼ਮਾਨ ਭਾਰਤ ਬਾਰੇ ਕਿਹਾ ਜਾਂਦਾ ਹੈ ਕਿ ਇਹ ਯੋਜਨਾ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਸੁਰੱਖਿਆ ਯੋਜਨਾ ਹੈ। ਪਰ 2018-19 'ਚ ਇਹ ਯੋਜਨਾ ਅਧੀਨ 2000 ਕਰੋੜ ਬਜ਼ਟ 'ਚ ਰੱਖੇ ਗਏ। ਜਿਵੇਂ ਕਿ ਕਿਹਾ ਜਾ ਰਿਹਾ ਹੈ ਕਿ ਇਹ ਸਿਹਤ ਬੀਮਾ ਯੋਜਨਾ ਦੇਸ਼ ਦੇ 50 ਕਰੋੜ ਲੋਕਾਂ ਜਾਂ 10,000 ਪਰਿਵਾਰਾਂ ਲਈ ਹੈ, ਇਸ ਅਨੁਸਾਰ ਪ੍ਰਤੀ ਪਰਿਵਾਰ 1000 ਰੁਪਏ ਜਾਂ ਪ੍ਰਤੀ ਵਿਅਕਤੀ 200 ਰੁਪਏ ਇੱਕ ਸਾਲ 'ਚ ਮਿਲਣ ਦਾ ਪ੍ਰਾਵਾਧਾਨ ਹੈ। ਪਰ ਕੀ ਇੱਕ ਪਰਿਵਾਰ ਉਤੇ ਸਿਹਤ ਸੁਰੱਖਿਆ, ਜਾਂ ਬੀਮਾਰੀਆਂ ਤੇ ਖ਼ਰਚਾ ਸਿਰਫ਼ 1000 ਰੁਪਏ ਹੀ ਆਉਂਦਾ ਹੈ? ਅਸਲ ਵਿੱਚ ਆਯੂਸ਼ਮਾਨ ਯੋਜਨਾ 'ਚ ਵਾਧੇ ਦੀਆਂ ਗੱਲਾਂ "ਅੱਗਾ ਦੌੜ, ਪਿੱਛਾ ਚੌੜ" ਵਾਲੀਆਂ ਹਨ ਅਤੇ ਆਪਣੀ ਵੋਟ ਬੈਂਕ ਵਧਾਉਣ ਲਈ ਇੱਕ ਵੱਡਾ ਪਰਪੰਚ ਹਨ।
ਨੈਸ਼ਨਲ ਹੈਲਥ ਅਥਾਰਿਟੀ(ਐਨ.ਐਚ.ਏ.) ਦੇ ਮੁਤਾਬਿਕ ਆਯੂਸ਼ਮਾਨ ਭਾਰਤ ਅਤੇ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ ਨੂੰ ਨਵੇਂ ਕਦਮ ਨਾਲ ਵਿਸਥਾਰ ਮਿਲੇਗਾ । ਲੇਕਿਨ ਸਵਾਲ ਇਹ ਹੈ ਕਿ ਸਮਾਜ ਵਿੱਚ ਵਧਦੀ ਨਾ ਬਰਾਬਰੀ ਅਤੇ ਗਰੀਬਾਂ ਦੀ ਗਿਣਤੀ ਦੀ ਹਿਸਾਬ ਨਾਲ , ਕੀ ਮੌਜੂਦਾ ਕੇਂਦਰ ਅਤੇ ਸੂਬਾ ਪੱਧਰੀ ਸਿਹਤ ਸੇਵਾਵਾਂ ਜਨ ਸਿਹਤ ਦਾ ਮਿਖਿਆ ਟੀਚਾ ਹਾਸਲ ਕਰ ਸਕੇਗਾ? ਆਯੂਸ਼ਮਾਨ ਭਾਰਤ ਸਕੀਮ ਸਮਾਜ ਦੇ 40 ਫ਼ੀਸਦੀ ਲੋਕਾਂ ਨੂੰ ਸਿਹਤ ਸੁਰੱਖਿਆ ਦੇਣ ਦੀ ਗੱਲ ਕਰਦੀ ਹੈ। ਅੰਕੜਿਆਂ ਮੁਤਾਬਕ ਸੂਬਿਆਂ ਦੀਆਂ ਹੋਰ ਯੋਜਨਾਵਾਂ , ਸਮਾਜਿਕ ਸੁਰੱਖਿਆ ਯੋਜਨਾਵਾਂ ਅਤੇ ਨਿੱਜੀ ਬੀਮਾ ਯੋਜਨਾਵਾਂ ਨੂੰ ਵੀ ਜੇ ਜੋੜ ਲਿਆ ਜਾਵੇ ਤਾਂ ਵੀ ਇਹ 70 ਫ਼ੀਸਦੀ ਤੋਂ ਵੱਧ ਨਹੀਂ ਬਣਦਾ, ਜੋ ਸਿਹਤ ਸੁੱਖਿਆ ਯੋਜਨਾਵਾਂ ਦੇ ਘੇਰੇ ਚ ਆਉਂਦੀਆਂ ਹਨ। ਭਾਵ 30 ਫ਼ੀਸਦੀ ਫਿਰ ਵੀ ਇਹਨਾ ਯੋਜਨਾਵਾਂ ਤੋਂ ਵੰਚਿਤ ਹਨ । ਜਿਸ ਤਰ੍ਹਾਂ ਲੋਕ ਦਿਨ ਪ੍ਰਤੀ ਨਵੀਆਂ ਤੇ ਪੁਰਾਣੀਆਂ ਬੀਮਾਰੀਆਂ ਦੀ ਲਪੇਟ ਚ ਆਕੇ ਪ੍ਰੇਸ਼ਾਨ ਹੋ ਰਹੇ ਹਨ, ਕੀ ਇਹ ਸਿਹਤ ਨੀਤੀ ਇਹਨਾ ਲੋਕਾਂ ਨੂੰ ਆਪਣੇ ਕਲਾਵੇ ਚ ਲੈਣ ਦੇ ਯੋਗ ਹੈ?
ਸਿਹਤ ਖੇਤਰ ਦਾ ਮੌਜੂਦਾ ਢਾਂਚਾ ਉਹਨਾ ਵਿਅਕਤੀਆਂ ਤੱਕ ਸਿਹਤ ਸਹੂਲਤਾਂ ਪਹੁੰਚਾਉਣ ਦੇ ਸਮਰੱਥ ਨਹੀਂ ਹੈ ਜੋ ਸਿਹਤ ਮਸਲਿਆਂ ਪ੍ਰਤੀ ਜਾਗਰੂਕ ਨਹੀਂ ਹੈ । ਅਸਲ ਵਿੱਚ ਸਿਹਤ ਸੇਵਾਵਾਂ ਦੇ ਢਾਂਚੇ, ਧਨ ਦੀ ਉਪਲੱਬਧਤਾ ਈਮਾਨਦਾਰੀ ਨਾਲ ਵਰਤੋਂ ਅਤੇ ਜਨ ਜਾਗਰੂਕਤਾ ਤਿੰਨ ਪੱਧਰਾਂ ਉਤੇ ਵੱਡੇ ਪ੍ਰਸ਼ਨ ਉੱਠ ਰਹੇ ਹਨ।
ਦੇਸ਼ ਵਿੱਚ ਡਾਕਟਰਾਂ ਦੀ ਕਮੀ ਹੈ। ਦੇਸ਼ 'ਚ ਡਾਕਟਰੀ ਸਿੱਖਿਆ ਮਹਿੰਗੀ ਹੈ। ਸਿੱਟੇ ਵਜੋਂ ਸਸਤੀ ਸਿੱਖਿਆ ਪ੍ਰਾਪਤੀ ਲਈ ਵਿਦਿਆਰਥੀ ਯੂਕਰੇਨ, ਰੂਸ ਆਦਿ ਦੇਸ਼ਾਂ 'ਚ ਜਾਂਦੇ ਹਨ। ਭਾਰਤ ਵਿੱਚ ਪ੍ਰਤੀ ਇੱਕ ਹਜ਼ਾਰ ਪਿੱਛੇ ਡਾਕਟਰਾਂ ਦੀ ਗਿਣਤੀ 0.7 ਹੈ ਜਦਕਿ ਵਿਸ਼ਵ ਪੱਧਰੀ ਔਸਤ 1.3 ਹੈ। ਦੇਸ਼ ਵਿੱਚ ਚਾਰ ਲੱਖ ਡਾਕਟਰਾਂ, ਲਗਭਗ 40 ਲੱਖ ਨਰਸਾਂ ਦੀ ਘਾਟ ਹੈ। ਇਸ ਤੋਂ ਵੀ ਅਗਲੀ ਗੱਲ ਇਹ ਹੈ ਕਿ ਭਾਰਤ 'ਚ ਸਿਹਤ ਸੇਵਾਵਾਂ ਨਿੱਜੀ ਖੇਤਰ ਵਿੱਚ 70 ਫ਼ੀਸਦੀ ਹਨ, ਜਦਕਿ ਵਿਸ਼ਵ ਪੱਧਰੀ ਔਸਤ 38 ਫ਼ੀਸਦੀ ਹੈ।
"ਸਰਕਾਰੇ ਹਿੰਦ" ਅਤੇ ਸੂਬਾ ਸਰਕਾਰਾਂ ਦੇ ਇਹ ਦਾਅਵੇ ਹਨ ਕਿ ਭਾਰਤ 'ਚ ਸਿਹਤ ਸੇਵਾਵਾਂ ਨਿਰੰਤਰ ਸੁਧਰ ਰਹੀਆਂ ਹਨ। ਪਰ ਅੰਕੜਿਆਂ 'ਚ ਹਕੀਕਤ ਇਹ ਹੈ ਕਿ ਦੇਸ਼ ਦੇ 86 ਫ਼ੀਸਦੀ ਲੋਕਾਂ ਨੂੰ ਆਪਣੀ ਜੇਬ ਵਿਚੋਂ ਹੀ ਸਿਹਤ ਸਜੂਲਤਾਂ ਪ੍ਰਾਪਤ ਕਰਨ ਲਈ ਖ਼ਰਚ ਕਰਨਾ ਪੈਂਦਾ ਹੈ ਅਤੇ ਇਹ ਕਿਸੇ ਤੋਂ ਲੁਕਿਆ ਨਹੀਂ ਹੈ ਕਿ ਗੈਰ-ਸਰਕਾਰੀ ਹਸਪਤਾਲ ਮਨਮਰਜ਼ੀ ਦੇ ਖ਼ਰਚੇ, ਮਰੀਜ਼ਾਂ ਤੋਂ ਬਿਹਤਰ ਇਲਾਜ ਦੇ ਨਾ ਉਤੇ ਵਸੂਲਦੇ ਹਨ। ਕਰੋਨਾ ਕਾਲ 'ਚ ਇਹਨਾ ਹਸਪਤਾਲਾਂ ਅਤੇ ਦਵਾਈਆਂ ਵਾਲੀ ਕੰਪਨੀਆਂ ਨੇ ਚੰਮ ਦੀਆਂ ਚਲਾਈਆਂ ਅਤੇ ਮਰੀਜ਼ਾਂ ਦੀ ਸ਼ਰੇਆਮ ਲੁੱਟ ਕੀਤੀ ਅਤੇ ਸਰਕਾਰ ਚੁੱਪ ਚਾਪ ਤਮਾਸ਼ਾ ਵੇਖਦੀ ਰਹੀ। ਇਸ ਤੋਂ ਵੀ ਸ਼ਰਮਨਾਕ ਗੱਲ ਇਹ ਕਿ ਸਰਕਾਰੀ ਅਣਗਿਹਲੀ ਅਤੇ ਬੇਰੁਖ਼ੀ ਕਾਰਨ ਉਹ ਮਰੀਜ਼ ਮਰ ਗਏ ਜਿਹਨਾ ਪੱਲੇ ਧੇਲਾ ਨਹੀਂ ਸੀ ਅਤੇ ਉਹ ਬਚ ਗਏ ਜਿਹਨਾ ਦੀ ਜੇਬ 'ਚ ਚਾਰ ਛਿੱਲੜ ਸਨ। ਕੋਈ ਛੋਟੀ ਗੱਲ ਨਹੀਂ ਹੈ ਕਿ ਕਰੋਨਾ ਦੇ ਭਿਆਨਕ ਦੌਰ 'ਚ ਆਕਸੀਜਨ ਅਤੇ ਦਵਾਈਆਂ ਦੀ ਘਾਟ ਨਾਲ ਹਸਪਤਾਲਾਂ ਦੇ ਦਰਵਾਜਿਆਂ 'ਚ ਲੋਕ ਦਮ ਤੋਂੜ ਗਏ। ਗੰਗਾ ਵਿੱਚ ਉਹਨਾ ਲੋਕਾਂ ਦੀਆਂ ਲਾਸ਼ਾਂ ਦੇ ਦ੍ਰਿਸ਼ ਹੁਣ ਵੀ ਭੁਲਾਉਣੇ ਔਖੇ ਹਨ ਅਤੇ ਨਾ ਹੀ ਭੁੱਲਣ ਯੋਗ ਹਨ ਗੰਗਾ ਦੇ ਕਿਨਾਰੇ ਉਹ ਰੇਤਲੀਆਂ ਕਬਰਾਂ , ਜਿਥੇ ਮੁਰਦਾ ਸਰੀਰ ਸੁੱਟ ਦਿੱਤੇ ਗਏ ਸਨ।
ਦੇਸ਼ ਦੇ ਸਿਹਤ ਬਜ਼ਟ ਵਿੱਚ ਹਰ ਸਾਲ ਕਈ ਸਾਲਾਂ ਤੋਂ ਵਾਧਾ ਕੀਤਾ ਜਾ ਰਿਹਾ ਹੈ। ਪਰ ਇਹ ਸਮਝਣਾ ਔਖਾ ਹੈ ਕਿ ਇਨ੍ਹਾਂ ਖ਼ਰਚ ਕਰਨ ਦੇ ਬਾਵਜੂਦ ਵੀ ਸਾਡੇ ਦੇਸ਼ ਵਿੱਚ ਜਨ ਸਿਹਤ ਸੇਵਾਵਾਂ ਦੇ ਹਾਲਾਤ ਬਿਹਤਰ ਨਹੀਂ ਹੋ ਰਹੇ।
ਜਨਸਿਹਤ ਸੇਵਾਵਾਂ ਦਾ ਅਰਥ ਤਾਂ ਇਹ ਹੈ ਕਿ ਸਿਹਤ ਸੇਵਾਵਾਂ ਦੇਸ਼ ਦੇ ਹਰ ਉਸ ਨਾਗਰਿਕ ਨੂੰ ਮਿਲਣ ਜੋ ਇਸ ਤੋਂ ਵਿਰਵਾ ਹੈ। ਸਰਕਾਰੀ ਸੰਸਥਾਵਾਂ 'ਚ ਮਿਲਣ ਵਾਲੀਆਂ ਸੁਵਿਧਾਵਾਂ ਹਰ ਨਾਗਰਿਕ ਦੇ ਪੱਲੇ ਪੈਣ ਬਿਨ੍ਹਾਂ ਕਿਸੇ ਭੇਦ ਭਾਵ ਦੇ। ਉਹਨਾ ਨਾਲ ਸਰਕਾਰੀ ਹਸਪਤਾਲਾਂ, ਸੰਸਥਾਵਾਂ ਵਿੱਚ ਇਕੋ ਜਿਹਾ ਨਿੱਘਾ ਵਰਤਾਰਾ ਹੋਵੇ, ਜਿਹੋ ਜਿਹਾ ਵਰਤਾਰਾ ਮਰੀਜ਼ ਨੂੰ ਨਿੱਜੀ ਹਸਪਤਾਲਾਂ 'ਚ ਮਿਲਦਾ ਹੈ ਭਾਵ ਬਿਹਤਰ ਦੇਖਭਾਲ, ਰੋਗੀ ਨਾਲ ਸਹਿਜ ਬੋਲਚਾਲ ਅਤੇ ਪੂਰੀਆਂ ਸਹੂਲਤਾਂ। ਪਰ ਦੇਸ਼ ਹਾਲੀ ਤੱਕ ਮੁਢਲੀਆਂ ਸਿਹਤ ਸਹੂਲਤਾਂ ਦੇਣ ਦੇ ਯੋਗ ਵੀ ਨਹੀਂ ਹੋ ਸਕਿਆ। ਇਹ ਸਿਹਤ ਸਹੂਲਤਾਂ ਤਾਂ ਗਿਣੇ-ਚੁਣੇ ਕੁਝ ਸਰਕਾਰੀ ਸ਼ਹਿਰਾਂ ਦੇ ਵੱਡੇ ਹਸਪਤਾਲਾਂ ਜਾਂ ਪੰਜ ਤਾਰਾ, ਤਿੰਨ ਤਾਰਾ ਨਿੱਜੀ ਹਸਪਤਾਲਾਂ 'ਚ ਹੀ ਵੱਡੇ ਲੋਕਾਂ ਲਈ ਉਪਲੱਬਧ ਹਨ, ਜਿਥੇ ਇਲਾਜ ਕਰਨ ਦਾ ਸੁਪਨਾ ਸਮਾਜ ਦੇ ਹੇਠਲੇ ਪਾਇਦਾਨ ਤੇ ਖੜੇ ਵਿਅਕਤੀ ਵਲੋਂ ਲਿਆ ਹੀ ਨਹੀਂ ਜਾ ਸਕਦਾ।
-ਗੁਰਮੀਤ ਸਿੰਘ ਪਲਾਹੀ
-9815802070