1-2 ਅਕਤੂਬਰ ਨੂੰ ਗ਼ਦਰੀ ਬਾਬਿਆਂ ਨੂੰ ਸਮਰਪਿਤ ਸਮਾਗਮ 'ਤੇ ਵਿਸ਼ੇਸ਼ : ਗ਼ਦਰੀ ਯੋਧਿਆਂ ਦੀਆਂ ਕੁਰਬਾਨੀਆਂ ਅਤੇ ਅੱਜ ਦਾ ਭਾਰਤ - ਡਾ ਗੁਰਵਿੰਦਰ ਸਿੰਘ
ਉੱਤਰੀ ਅਮਰੀਕਾ ਦੀ ਧਰਤੀ 'ਤੇ ਪੰਜਾਬੀ ਵੀਹਵੀਂ ਸਦੀ ਦੇ ਆਰੰਭ ਵਿੱਚ ਵਸਣੇ ਸ਼ੁਰੂ ਹੋਏ। ਬੇਸ਼ੱਕ ਉਨ੍ਹਾਂ ਦਾ ਆਉਣਾ ਰੋਜ਼ੀ-ਰੋਟੀ ਦੀ ਭਾਲ ਦਾ ਮਸਲਾ ਬਣਿਆ, ਪਰ ਕੈਨੇਡਾ ਅਤੇ ਅਮਰੀਕਾ ਆ ਕੇ ਉਨ੍ਹਾਂ ਮਿਹਨਤ-ਮੁਸ਼ੱਕਤ ਨਾਲ ਨਵੇਂ ਇਤਿਹਾਸ ਸਿਰਜ ਦਿੱਤੇ। ਪੈਸੇਫਿਕ ਰੇਲਵੇ ਲਈ ਲਾਈਨਾਂ ਵਿਛਾਉਣ, ਖਾਣਾਂ ਵਿਚੋਂ ਧਾਤਾਂ ਲਈ ਖੁਦਾਈ ਕਰਨ ਅਤੇ ਜੰਗਲ ਕੱਟਣ ਆਦਿ ਦੇ ਸਖ਼ਤ ਕੰਮਾਂ ਨੂੰ ਪੰਜਾਬੀਆਂ ਨੇ ਚੁਣੌਤੀ ਸਹਿਤ ਅਪਣਾਇਆ। ਉਨ੍ਹਾਂ ਆਪਣੀ ਰਿਹਾਇਸ਼ ਘੋੜਿਆਂ ਦੀਆਂ ਬਾਰਨਾਂ ਅਤੇ ਬੰਕ ਹਾਊਸਾਂ ਵਿਚ ਕੀਤੀ ਅਤੇ ਅਨੇਕਾਂ ਮੁਸ਼ਕਿਲਾਂ ਦੇ ਬਾਵਜੂਦ ਹੌੌਂਸਲਾ ਨਾ ਹਾਰਿਆ। ਨਸਲਵਾਦ ਅਤੇ ਬਸਤੀਵਾਦੀ ਦੈਂਤ ਨਾਲ ਲੜਦਿਆਂ ਹੋਇਆਂ ਵੀ ਉਨ੍ਹਾਂ ਕਦੇ ਦਿਲ ਨਾ ਛੱਡਿਆ ਅਤੇ ਸਦਾ ਚੜ੍ਹਦੀ ਕਲਾ ਵਿੱਚ ਰਹੇ। ਨਿੱਕੀਆਂ ਨਿੱਕੀਆਂ ਕੁੱਲੀਆਂ ਵਿਚ ਵਸਦੇ ਪੰਜਾਬੀਆਂ ਨੇ ਮਿਹਨਤ ਮੁਸ਼ੱਕਤ ਦੇ ਨਾਲ-ਨਾਲ, ਧਾਰਮਿਕ ਭਾਵਨਾ ਦੀ ਪੂਰਤੀ ਲਈ ਗੁਰਬਾਣੀ ਦਾ ਓਟ ਆਸਰਾ ਲੈ ਕੇ ਕਿਰਤ ਕਰਨ, ਵੰਡ ਛਕਣ ਅਤੇ ਨਾਮ ਜਪਣ ਦਾ ਉਪਦੇਸ਼ ਵਿਦੇਸ਼ਾਂ ਵਿਚ ਰਹਿੰਦਿਆਂ ਵੀ ਹਿਰਦੇ ਵਿਚ ਵਸਾਇਆ ਹੋਇਆ ਸੀ। ਤਨ ਦੀ ਖ਼ੁਰਾਕ ਲਈ ਜਿੱਥੇ ਰੁੱਖੀ-ਸੁੱਖੀ ਖਾ ਕੇ ਵੀ ਸਦਾ ਚੜ੍ਹਦੀ ਕਲਾ ਵਿਚ ਰਹਿੰਦੇ, ਉੱਥੇ ਆਤਮਾ ਦੀ ਖ਼ੁਰਾਕ ਵਜੋੋਂ ਗੁਰਬਾਣੀ ਦਾ ਆਸਰਾ ਲੈਣ ਲਈ ਭਾਈ ਅਰਜੁਨ ਸਿੰਘ ਮਲਿਕ ਵੱਲੋੋਂ 1904 ਵਿਚ ਕੈਨੇਡਾ ਦੀ ਧਰਤੀ ਤੇ ਪਹਿਲੀ ਵਾਰ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਲਿਆ ਕੇ ਕੌਮੀ ਉਪਕਾਰ ਕੀਤਾ ਗਿਆ।ਹੁਣ ਉਨ੍ਹਾਂ ਇਕ ਅਜਿਹੀ ਸਾਂਝੀ ਜੱਥੇਬੰਦੀ ਦੀ ਲੋੜ ਮਹਿਸੂਸ ਕੀਤੀ, ਜਿਸ ਰਾਹੀਂ ਧਾਰਮਿਕ ਭਾਵਨਾਵਾਂ ਦੇ ਨਾਲ-ਨਾਲ ਸਭਿਆਚਾਰਕ ਰਿਸ਼ਤਿਆਂ, ਸਮਾਜਿਕ ਸੰਬੰਧਾਂ ਅਤੇ ਭਾਸ਼ਾਈ ਸਾਂਝ ਦੀਆਂ ਲੋੜਾਂ ਪੂਰੀਆਂ ਕੀਤੀਆਂ ਜਾ ਸਕਣ।
22 ਜੁਲਾਈ 1906 ਨੂੰ ਕੈਨੇਡਾ ਦੀ ਧਰਤੀ ਤੇ "ਖਾਲਸਾ ਦੀਵਾਨ ਸੁਸਾਇਟੀ" ਵੈਨਕੂਵਰ ਜੱਥੇਬੰਦੀ ਦੀ ਨੀਂਹ ਰੱਖੀ ਗਈ, ਜਿਸ ਨੇ ਅੱਗੇ ਜਾ ਕੇ ਨਾ ਸਿਰਫ਼ ਸਿੱਖਾਂ ਲਈ ਧਾਰਮਿਕ ਮੰਚ ਹੀ ਪ੍ਰਦਾਨ ਕੀਤਾ, ਸਗੋਂ ਵਿਦੇਸ਼ਾਂ ਦੀ ਧਰਤੀ ਤੋੋਂ ਅਨਿਆਂ, ਜ਼ੁਲਮ, ਧੱਕੇਸ਼ਾਹੀ, ਬੇਇਨਸਾਫ਼ੀ ਅਤੇ ਅਣਮਨੁੱਖੀ ਵਰਤਾਰੇ ਖਿਲਾਫ਼ ਇਤਿਹਾਸਕ ਸੰਘਰਸ਼ ਨੂੰ ਵੀ ਜਨਮ ਦਿੱਤਾ। ਇੱਥੇ ਇਹ ਦੱਸਣਾ ਵਾਜਬ ਹੋਏਗਾ ਕਿ ਖ਼ਾਲਸਾ ਦੀਵਾਨ ਸੰਸਥਾਂਵਾਂ ਦਾ ਜਨਮ ਸਿੰਘ ਸਭਾ ਲਹਿਰ ਦੇ ਵਿੱਚੋਂ ਹੋਇਆ ਹੈ। ਅੱਜ ਤੋਂ ਡੇਢ ਸੌ ਸਾਲ ਪਹਿਲਾਂ ਸੰਨ 1873 ਨੂੰ ਸਿੰਘ ਸਭਾ ਲਹਿਰ, ਸਿੱਖਾਂ ਦੀ ਪੁਨਰ-ਸੁਰਜੀਤੀ ਦੇ ਰੂਪ ਵਿੱਚ ਆਰੰਭ ਹੋਈ, ਜਿਸ ਨੇ ਸਮੇਂ ਦੇ ਈਸਾਈ ਮਿਸ਼ਨਰੀਆਂ ਅਤੇ ਆਰੀਆ ਸਮਾਜੀਆਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਦਿਆਂ, ਸਿੱਖਾਂ ਨੂੰ ਆਪਣੇ ਇਤਿਹਾਸ, ਵਿਰਸੇ ਅਤੇ ਗੁਰਬਾਣੀ ਨਾਲ ਜੁੜਨ ਲਈ ਉਤਸ਼ਾਹਤ ਕੀਤਾ। ਸਿੰਘ ਸਭਾ ਲਹਿਰ ਵਿੱਚੋਂ ਜਨਮੀਆਂ ਸੰਸਥਾਵਾਂ ਵਿੱਚੋਂ ਇੱਕ ਪ੍ਰਮੁੱਖ ਸੰਸਥਾ 'ਖ਼ਾਲਸਾ ਦੀਵਾਨ' ਸੀ, ਜਿਸ ਨੇ ਵਿੱਦਿਆ ਦਾ ਪ੍ਰਚਾਰ ਕੀਤਾ ਅਤੇ ਵਿਦੇਸ਼ਾਂ ਵਿੱਚ ਗੁਰਦੁਆਰੇ ਕਾਇਮ ਕਰਨ ਵਿਚ ਵੱਡੀ ਭੂਮਿਕਾ ਨਿਭਾਈ। ਵੀਹਵੀਂ ਸਦੀ ਦੇ ਆਰੰਭ ਵਿੱਚ ਕੈਨੇਡਾ, ਅਮਰੀਕਾ, ਹਾਂਗਕਾਂਗ ਸਮੇਤ ਵੱਖ-ਵੱਖ ਦੇਸ਼ਾਂ 'ਚ ਸਥਾਪਤ ਹੋਏ ਮੁੱਢਲੇ ਗੁਰਦੁਆਰਿਆਂ ਦੇ ਨਾਂ 'ਖ਼ਾਲਸਾ ਦੀਵਾਨ' ਹੀ ਮਿਲਦੇ ਹਨ। ਇਹ ਗੁਰਦੁਆਰੇ ਅੱਗੇ ਜਾ ਕੇ ਦੇਸ਼ ਦੀ ਗੁਲਾਮੀ ਦੀਆਂ ਜ਼ੰਜੀਰਾਂ ਕੱਟਣ ਦਾ ਆਧਾਰ ਬਣੇ। ਇਹ ਵੀ ਸੱਚ ਹੈ ਕਿ ਸਿੰਘ ਸਭਾ ਲਹਿਰ 'ਚੋਂ ਪੈਦਾ ਹੋਏ ਇਕ ਧੜੇ ਦੀ ਸਰਕਾਰ ਪੱਖੀ ਸੋਚ ਅਤੇ ਚੀਫ਼ ਖ਼ਾਲਸਾ ਦੀਵਾਨ ਦੀ ਅੰਗਰੇਜ਼ਾਂ ਪੱਖੀ ਪਹੁੰਚ ਦਾ, ਕੈਨੇਡਾ ਅਮਰੀਕਾ ਆਦਿ ਦੀਆਂ ਖ਼ਾਲਸਾ ਦੀਵਾਨ ਜਥੇਬੰਦੀਆਂ ਨੇ ਸਖ਼ਤ ਵਿਰੋਧ ਕੀਤਾ ਸੀ।
ਖ਼ਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਦੇ ਸੇਵਾਦਾਰਾਂ ਵੱਲੋਂ, ਸਮੇਂ-ਸਮੇਂ ਦੀਆਂ ਸਰਕਾਰਾਂ ਖ਼ਿਲਾਫ਼ ਸਿੱਖ ਸੰਘਰਸ਼ ਦੇ ਯੋਧਿਆਂ ਦੀ, ਕੁਰਬਾਨੀ ਦੀ ਵਿਰਾਸਤ ਤੋਂ ਸੇਧ ਲੈ ਕੇ, ਵਤਨ ਨੂੰ ਅੰਗਰੇਜ਼ਾਂ ਦੀ ਗ਼ੁਲਾਮੀ ਤੋੋਂ ਮੁਕਤ ਕਰਵਾਉਣ ਲਈ ਜਨ-ਸ਼ਕਤੀ ਅਤੇ ਮਾਲੀ ਸਹਾਇਤਾ ਰਾਹੀਂ, ਆਜ਼ਾਦੀ ਦੀਆਂ ਲਹਿਰਾਂ ਦੀ ਅਗਵਾਈ ਕੀਤੀ ਜਾਂਦੀ ਰਹੀ। ਇਸ ਵਿਚ ਕੋਈ ਅਤਿਕਥਨੀ ਨਹੀਂ ਕਿ ਸੰਨ 1906 ਵਿਚ ਵੈਨਕੂਵਰ ਸ਼ਹਿਰ ਅੰਦਰ ਪਹਿਲੀ ਕੇਂਦਰੀ ਸੰਸਥਾ 'ਖ਼ਾਲਸਾ ਦੀਵਾਨ ਸੁਸਾਇਟੀ' ਦੀ ਸਥਾਪਨਾ ਨੇ ਅਜਿਹੇ ਬੀਜ ਬੀਜੇ, ਜਿਨ੍ਹਾਂ ਸਦਕਾ ਮਗਰੋਂ ਗ਼ਦਰ ਪਾਰਟੀ, ਗ਼ਦਰ ਅਖ਼ਬਾਰ ਅਤੇ ਗ਼ਦਰ ਲਹਿਰ ਸਥਾਪਤ ਹੋਏ। ਦੂਸਰੇ ਸ਼ਬਦਾਂ ਵਿਚ ਕੈਨੇਡਾ ਦੇ ਮੋਢੀ ਸਿੱਖਾਂ ਦੀ ਪ੍ਰੇਰਨਾ ਸਦਕਾ ਹੀ ਅਮਰੀਕਾ ਵਿਚ ਅੱਧਾ ਦਹਾਕਾ ਮਗਰੋਂ ਗ਼ਦਰ ਲਹਿਰ ਦਾ ਮੁੱਢ ਬੱਝਿਆ। ਇੱਥੇ ਵਿਚਾਰਨ ਵਾਲੀ ਵੱਡੀ ਗੱਲ ਇਹ ਹੈ ਕਿ ਕਈ ਇਤਿਹਾਸਕਾਰ ਕੈਨੇਡਾ ਤੋਂ ਗੁਰਬਾਣੀ ਅਤੇ ਸਿੱਖ ਵਿਰਾਸਤ ਤੋਂ ਸੇਧ ਲੈ ਕੇ ਸ਼ੁਰੂ ਹੋਏ, ਨਸਲਵਾਦ ਅਤੇ ਬਸਤੀਵਾਦ ਵਿਰੋਧੀ ਅਤੇ ਆਜ਼ਾਦੀ ਦੇ ਹੱਕ ਦੇ ਸੰਘਰਸ਼ ਨੂੰ, ਗ਼ਦਰ ਪਾਰਟੀ ਦਾ ਸੰਘਰਸ਼ ਕਹਿ ਕੇ ਬਿਆਨਦੇ ਹਨ, ਜਦ ਕਿ ਗ਼ਦਰ ਪਾਰਟੀ ਤਾਂ ਉਸਤੋਂ ਕਈ ਵਰ੍ਹੇ ਮਗਰੋਂ ਕਾਇਮ ਹੁੰਦੀ ਹੈ।
ਅਸੀਂ ਇਹ ਤਾਂ ਕਹਿ ਸਕਦੇ ਹਾਂ ਕਿ ਗ਼ਦਰ ਲਹਿਰ ਤੇ ਗ਼ਦਰ ਪਾਰਟੀ ਦੇ ਪ੍ਰੇਰਨਾ-ਸਰੋਤ ਕੈਨੇਡਾ ਦੇ ਸਿੱਖ ਯੋਧੇ ਸਨ, ਪਰ ਇਹ ਕਹਿਣਾ ਉਚਿਤ ਨਹੀਂ ਹੋਏਗਾ ਕਿ ਗ਼ਦਰ ਲਹਿਰ ਤੋਂ ਮੋਢੀ ਸਿੱਖ ਅਤੇ ਆਜ਼ਾਦੀ ਘੁਲਾਟੀਏ ਪ੍ਰੇਰਿਤ ਅਤੇ ਪ੍ਰਭਾਵਿਤ ਹੋਏ।ਇਹ ਆਪਣੇ ਆਪ ਵਿੱਚ ਅਗਿਆਨਤਾ ਭਰੀ ਗੱਲ ਕਹੀ ਜਾ ਸਕਦੀ ਹੈ। ਕੈਨੇਡਾ ਵਿੱਚ ਨਸਲਵਾਦ ਅਤੇ ਬਸਤੀਵਾਦ ਖ਼ਿਲਾਫ਼ ਲੜਨ ਵਾਲੇ ਮੋਢੀ ਯੋਧੇ ਭਾਈ ਭਾਗ ਸਿੰਘ ਭਿੱਖੀਵਿੰਡ, ਭਾਈ ਬਲਵੰਤ ਸਿੰਘ ਖੁਰਦਪੁਰ, ਭਾਈ ਮੇਵਾ ਸਿੰਘ ਲੋਪੋਕੇ, ਭਾਈ ਬਦਨ ਸਿੰਘ ਦਲੇਲ ਸਿੰਘ ਵਾਲਾ, ਬਾਬੂ ਹਰਨਾਮ ਸਿੰਘ ਸਾਹਰੀ, ਬੱਬਰ ਕਰਮ ਸਿੰਘ ਦੌਲਤਪੁਰ, ਭਾਈ ਈਸ਼ਰ ਸਿੰਘ ਢੁੱਡੀਕੇ, ਭਾਈ ਜਗਤ ਸਿੰਘ ਸੁਰ ਸਿੰਘ, ਬੱਬਰ ਹਰੀ ਸਿੰਘ ਸੂੰਢ, ਭਾਈ ਬੀਰ ਸਿੰਘ ਬਾਹੋਵਾਲ, ਬੱਬਰ ਕਰਮ ਸਿੰਘ ਝਿੰਗੜਾਂ, ਭਾਈ ਜਵੰਦ ਸਿੰਘ ਨੰਗਲ, ਭਾਈ ਉਤਮ ਸਿੰਘ ਹਾਂਸ ਅਤੇ ਭਾਈ ਮਿੱਤ ਸਿੰਘ ਪੰਡੋਰੀ ਸਮੇਤ ਅਨੇਕਾਂ ਸੂਰਮੇ, ਵੀਹਵੀਂ ਸਦੀ ਦੇ ਪਹਿਲੇ ਦਹਾਕੇ ਤੋਂ ਹੀ ਬਿ੍ਟਿਸ਼ ਸਾਮਰਾਜ ਦੀ ਗੁਲਾਮੀ ਅਤੇ ਵਿਦੇਸ਼ਾਂ 'ਚ ਹੋ ਰਹੇ ਨਸਲੀ ਵਿਤਕਰੇ ਖ਼ਿਲਾਫ਼ ਜੂਝਦੇ ਰਹੇ। ਉਨ੍ਹਾਂ ਬਰਾਬਰੀ ਤੇ ਆਜ਼ਾਦੀ ਲਈ ਸਰਕਾਰੀ ਜਬਰ ਨਾਲ ਟੱਕਰ ਲੈਂਦਿਆਂ ਆਜ਼ਾਦੀ ਦਾ ਮੁੱਢ ਬੰਨਿਆ |
ਨਸਲਵਾਦ ਦੀਆਂ ਅਮਰੀਕਾ ਅੰਦਰ ਵਾਪਰਨ ਵਾਲੀਆਂ ਪ੍ਰਮੁੱਖ ਘਟਨਾਵਾਂ 'ਚੋਂ ਬੈਿਲੰਗਹੈਮ 'ਚ ਭਾਰਤੀਆਂ 'ਤੇ ਯੋਜਨਾਬੱਧ ਹਮਲਾ ਕਰਕੇ, ਸੈਂਕੜਿਆਂ ਦੀ ਗਿਣਤੀ 'ਚ ਉਨ੍ਹਾਂ ਨੂੰ ਸ਼ਹਿਰੋਂ ਬਾਹਰ ਕੱਢਣਾ ਅਤੇ ਪੋਰਟਲੈਂਡ ਨੇੜਲੀ ਸੈਂਟਜ਼ੋਨ ਮਿੱਲ 'ਚ ਅਮਰੀਕੀ ਮਜ਼ਦੂਰਾਂ ਵੱਲੋਂ ਹਮਲਾ ਕੀਤਾ ਜਾਣਾ ਅਤੇ ਪੁਲਿਸ ਵੱਲੋਂ ਰੱਖਿਆ ਦੇ ਪ੍ਰਬੰਧ ਨਾ ਕਰਨਾ ਆਜ਼ਾਦੀ ਲਈ ਹਲੂਣਾ ਪੈਦਾ ਕਰਨ ਵਾਲੇ ਤੱਤ ਕਹੇ ਜਾ ਸਕਦੇ ਹਨ | ਇਕ ਹੋਰ ਘਟਨਾ, ਜਿਸ ਦਾ ਜ਼ਿਕਰ ਗ਼ਦਰ ਪਾਰਟੀ ਦੇ ਪ੍ਰਧਾਨ ਬਾਬਾ ਸੋਹਨ ਸਿੰਘ ਭਕਨਾ ਆਪਣੀ ਆਤਮਕਥਾ 'ਜੀਵਨ ਸੰਗਰਾਮ' ਵਿਚ ਵੀ ਕਰਦੇ ਹਨ, ਅਨੁਸਾਰ ਇਕ ਵਾਰ ਸੰਤ ਤੇਜਾ ਸਿੰਘ ਮਸਤੂਆਣਾ ਕੈਨੇਡਾ ਤੋਂ ਅਮਰੀਕਾ ਉਨ੍ਹਾਂ ਕੋਲ ਪੁੱਜੇ | ਪੋਰਟਲੈਂਡ ਸ਼ਹਿਰ ਵਿਚ ਉਹ ਦੋਵੇਂ 'ਅਮਰੀਕਨ' ਹੋਟਲ 'ਚ ਖਾਣਾ ਖਾਣ ਪੁੱਜੇ, ਪਰ ਹੋਟਲ ਵਾਲਿਆਂ ਉਨ੍ਹਾਂ ਨੂੰ ਦਾਖ਼ਲ ਨਾ ਹੋਣ ਦਿੱਤਾ | ਇਸ ਤਰ੍ਹਾਂ ਹੀ ਉਹ ਕਿਸੇ ਮਿੱਲ 'ਚ ਕੰਮ ਲੈਣ ਵਾਸਤੇ ਗਏ ਤਾਂ ਸੁਪਰਡੈਂਟ ਨੇ ਕਿਹਾ, 'ਕੰਮ ਤਾਂ ਬਹੁਤ ਹੈ ਪਰ ਤੁਹਾਡੇ ਲਈ ਨਹੀਂ' | ਇਸ ਦਾ ਕਾਰਨ ਪੁੱਛਣ 'ਤੇ ਉਸ ਨੇ ਭਾਰਤ ਦੇਸ਼ ਦੀ ਆਬਾਦੀ ਬਾਰੇ ਪੁੱਛ ਲਿਆ | ਬਾਬਾ ਭਕਨਾ ਵਲੋਂ ਇਸ ਦਾ ਉੱਤਰ '30 ਕਰੋੜ' ਦਿੱਤੇ ਜਾਣ 'ਤੇ ਅੱਗਿਉਂ ਉਸ ਨੇ ਦੁਬਾਰਾ ਪੁੱਛਿਆ, '30 ਕਰੋੜ ਆਦਮੀ ਹਨ ਜਾਂ ਭੇਡਾਂ? ਜੇ ਤੁਸੀਂ 30 ਕਰੋੜ ਹੁੰਦੇ ਤਾਂ ਗੁਲਾਮ ਕਿਸ ਤਰ੍ਹਾਂ ਰਹਿੰਦੇ?' ਦਰਅਸਲ ਇਨ੍ਹਾਂ ਘਟਨਾਵਾਂ ਨੇ ਹੀ ਅਜਿਹੇ ਹਾਲਾਤ ਪੈਦਾ ਕੀਤੇ ਕਿ ਉੱਤਰੀ ਅਮਰੀਕਾ 'ਚ ਖੁਸ਼ਹਾਲ ਜੀਵਨ ਜਿਊਣ ਲਈ ਆਏ ਗ਼ਦਰੀ ਬਾਬਿਆਂ ਨੇ ਆਪਣੇ ਸੁੱਖ-ਆਰਾਮ ਤਿਆਗ ਕੇ ਆਜ਼ਾਦੀ ਦੇ ਸੰਘਰਸ਼ ਦਾ ਰਾਹ ਅਪਣਾ ਲਿਆ |
ਕੈਨੇਡਾ ਦੀਆਂ ਇਨਕਲਾਬੀ ਜੱਥੇਬੰਦੀਆਂ ਵੱਲੋਂ ਸਮੇਂ-ਸਮੇਂ ਕੱਢੇ ਗਏ ਪਰਚਿਆਂ ਤੋਂ ਪ੍ਰੇਰਨਾ ਲੈ ਕੇ ਅਤੇ ਵਿਸ਼ੇਸ਼ ਕਰ ਕੇ ਖ਼ਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਦੀ ਇਤਿਹਾਸਕ ਦੇਣ ਅਤੇ ਜਾਗਰੂਕ ਲਹਿਰ ਤੋਂ ਸੇਧ ਲੈ ਕੇ, ਅਮਰੀਕਾ ਵਿਚ ਅਜਿਹੇ ਅਮਲ ਅਧੀਨ ਬਾਬਾ ਬਿਸਾਖਾ ਸਿੰਘ ਦਦੇਹਰ ਅਤੇ ਬਾਬਾ ਜਵਾਲਾ ਸਿੰਘ ਠੱਠੀਆਂ ਨੇ ਉਥੇ ਵਸਦੇ ਇਨਕਲਾਬੀਆਂ ਨੂੰ ਜੱਥੇਬੰਦ ਕਰਨਾ ਆਰੰਭ ਕਰ ਦਿੱਤਾ। ਖ਼ਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਦੀ ਤਰਜ਼ ਤੇ ਹੀ ਅਮਰੀਕਾ ਵਿੱਚ ਸਿੱਖਾਂ ਦੀ ਪਹਿਲੀ ਸੰਸਥਾ 24 ਅਕਤੂਬਰ 1912 ਵਿਚ, ਪੈਸੇਫਿਕ ਕੋਸਟ "ਖ਼ਾਲਸਾ ਦੀਵਾਨ ਸੁਸਾਇਟੀ" ਸਟੌਕਟਨ ਗੁਰਦੁਆਰਾ ਸਾਹਿਬ ਦੀ ਸਥਾਪਨਾ ਕੀਤੀ ਗਈ। ਸਿੱਖੀ ਵਿਰਸੇ, ਗੁਰਬਾਣੀ ਦੀ ਪ੍ਰੇਰਨਾ ਅਤੇ ਜ਼ੁਲਮ ਖ਼ਿਲਾਫ਼ ਲੜਨ ਦੀ ਭਾਵਨਾ ਗਦਰੀ ਬਾਬਿਆਂ ਨੂੰ ਆਰੰਭ ਵਿਚ ਇੱਥੋਂ ਹੀ ਮਿਲੀ, ਜਿਸ ਨੇ ਅੱਗੇ ਜਾ ਕੇ ਗ਼ਦਰ ਲਹਿਰ ਨੂੰ ਜਨਮ ਦਿੱਤਾ। ਇਉਂ ਗ਼ਦਰ ਪਾਰਟੀ, ਗ਼ਦਰ ਲਹਿਰ ਅਤੇ ਗ਼ਦਰ ਅਖ਼ਬਾਰ ਦੀ ਪ੍ਰੇਰਨਾ-ਸਰੋਤ ਖ਼ਾਲਸਾ ਦੀਵਾਨ ਸੁਸਾਇਟੀ ਸਟੌਕਟਨ ਹੋ ਨਿਬੜਦੀ ਹੈ।
ਵੈਨਕੂਵਰ ਵਰਗੀ ਕੌਮੀ ਜੱਥੇਬੰਦੀ ਖਾਲਸਾ ਦੀਵਾਨ ਸੁਸਾਇਟੀ ਕਾਇਮ ਹੋਣ ਮਗਰੋਂ, ਬਾਬਾ ਸੋਹਣ ਸਿੰਘ ਭਕਨਾ ਨੇ ਹੋਰਨਾਂ ਦੇਸ਼- ਭਗਤਾਂ ਨਾਲ ਮਿਲ ਕੇ ਅਤੇ ਆਜ਼ਾਦੀ- ਪਸੰਦ ਸਮੂਹ ਭਾਈਚਾਰਿਆਂ ਨੂੰ ਇਕ ਸੂਤਰ ਵਿਚ ਪਰੋਦਿਆਂ, 21 ਅਪ੍ਰੈਲ 1913 ਨੂੰ ਆਸਟਰੀਆ ਵਿਖੇ ‘ਹਿੰਦੀ ਐਸੋਸੀਏਸ਼ਨ ਆਫ਼ ਪੈਸੇਫਿਕ ਕੋਸਟ' ਨਾਂ ਦੀ ਜੱਥੇਬੰਦੀ ਕਾਇਮ ਕੀਤੀ, ਜਿਸ ਦਾ ਅੱਗੇ ਜਾ ਕੇ ਨਾਂ ‘ਗ਼ਦਰ ਪਾਰਟੀ ਮਸ਼ਹੂਰ ਹੋਇਆ। ਗ਼ਦਰ ਪਾਰਟੀ ਦੇ ਮੁੱਖ ਮੰਤਵ ਬਾਰੇ ਭਾਈ ਹਰਨਾਮ ਸਿੰਘ ਟੁੰਡੀਲਾਟ ਲਿਖਦੇ ਹਨ ਕਿ ਅੰਗਰੇਜ਼ਾਂ ਨੂੰ ਭਾਰਤ 'ਚੋਂ ਕੱਢ ਕੇ, ਧਰਮ ਨਿਰਪੱਖ ਤੇ ਜਮਹੂਰੀ ਰਾਜ ਸਥਾਪਤ ਕਰਨਾ ਗ਼ਦਰ ਪਾਰਟੀ ਦਾ ਉਦੇਸ਼ ਸੀ ਜਿਸ ਵਿਚ ਕਿਸਾਨ, ਜਗੀਰਦਾਰੀ ਤੇ ਸਰਮਾਏਦਾਰੀ ਦੇ ਆਪਸੀ ਆਰਥਿਕ ਵਿਤਕਰਿਆਂ ਨੂੰ ਖ਼ਤਮ ਕਰਨਾ, ਉਪਰੰਤ ਲੋਕ ਭਲਾਈ ਕਾਰਜਾਂ ਨੂੰ ਪਹਿਲ ਦੇਣਾ ਸੀ | ਪਾਰਟੀ ਦੇ ਨਿਯਮਾਂ ਅਨੁਸਾਰ ਇਸ ਦਾ ਦਾਇਰਾ ਏਨਾ ਵਿਸ਼ਾਲ ਸੀ ਕਿ ਆਜ਼ਾਦੀ ਦਾ ਹਰ ਪ੍ਰੇਮੀ, ਬਿਨਾਂ ਜਾਤਪਾਤ ਜਾਂ 'ਦੇਸ਼ ਕੌਮ' ਦੇ ਲਿਹਾਜ਼ ਨਾਲ ਇਸ ਵਿਚ ਸ਼ਾਮਿਲ ਹੋ ਸਕਦਾ ਹੈ |
ਗ਼ਦਰ ਪਾਰਟੀ ਦੇ ਕੌਮਾਂਤਰੀ ਰਾਜਨੀਤੀ 'ਚ ਸਥਾਨ ਦਾ ਮੁਲਾਂਕਣ ਇਸ ਦੇ ਫ਼ਰਜ਼ਾਂ ਅਤੇ ਬੁਨਿਆਦੀ ਢਾਂਚੇ ਦੇ ਇਸ ਆਧਾਰ 'ਤੇ ਹੋ ਸਕਦਾ ਹੈ ਕਿ 'ਦੁਨੀਆ ਦੇ ਕਿਸੇ ਵੀ ਹਿੱਸੇ 'ਚ ਜਿੱਥੇ ਕਿਤੇ ਗ਼ੁਲਾਮੀ ਵਿਰੁੱਧ ਜੰਗ ਛਿੜੇ, ਤਾਂ ਗ਼ਦਰ ਪਾਰਟੀ ਦੇ ਸਿਪਾਹੀ ਦਾ ਫ਼ਰਜ਼ ਬਣਦਾ ਹੋਵੇਗਾ ਕਿ ਉਹ ਆਜ਼ਾਦੀ ਤੇ ਬਰਾਬਰੀ ਦੇ ਹਾਮੀਆਂ ਦੀ ਹਰ ਤਰ੍ਹਾਂ ਸਹਾਇਤਾ ਕਰੇ | ਪ੍ਰੋ: ਜਗਜੀਤ ਸਿੰਘ 'ਗ਼ਦਰ ਪਾਰਟੀ ਲਹਿਰ' ਵਿਚ ਲਿਖਦੇ ਹਨ ਕਿ ਗ਼ਦਰ ਪਾਰਟੀ ਨੇ ਹੀ 'ਪੰਚਾਇਤੀ ਰਾਜ' ਦੇ ਨਿਸ਼ਾਨੇ ਨੂੰ ਸਾਰੀ ਦੁਨੀਆ ਵਿਚ ਅਸਲੀ ਵਰਤੋਂ ਵਿਚ ਆਉਣ ਵਾਲਾ ਅਗਾਂਹ-ਵਧੂ ਰਾਜਸੀ ਆਦਰਸ਼ ਪ੍ਰਵਾਨ ਕੀਤਾ | ਜੇਕਰ ਭਾਰਤ ਦੇ ਸਮਕਾਲੀ ਰਾਸ਼ਟਰੀ ਨੇਤਾ, ਗ਼ਦਰ ਪਾਰਟੀ ਵਾਂਗ ਇਨਕਲਾਬੀ ਰਾਹ ਫੜਦੇ, ਤਾਂ ਆਜ਼ਾਦੀ ਦੀ ਲਹਿਰ ਜ਼ਿਆਦਾ ਅਸਰਪਾਊ ਹੋ ਸਕਦੀ ਸੀ |
ਗ਼ਦਰ ਪਾਰਟੀ ਨੇ ਸ਼ਬਦ ‘ਗ਼ਦਰ' ਨੂੰ ਇਨਕਲਾਬੀ ਸਰੂਪ ਅਤੇ ਵਿਆਪਕ ਅਰਥਾਂ ਵਾਲਾ ਮੰਨਿਆ ਹੈ। ‘ਗ਼ਦਰ' ਦੇ ਛਪਣ ਤੋਂ ਪਹਿਲਾਂ ਕੈਨੇਡਾ ਦੇ ਸਮਾਚਾਰ ਪੱਤਰਾਂ ਵਿਚ ਬਾਗ਼ੀ ਸੋਚ ਮੌਜੂਦ ਸੀ। ਗ਼ਦਰ ਪਾਰਟੀ ਨੇ ਸਿਧਾਂਤਕ ਰੂਪ ਵਿਚ, ਸੰਸਾਰ ਭਰ ਦੀਆਂ ਇਨਕਲਾਬੀ ਲਹਿਰਾਂ ਅਤੇ ਕ੍ਰਾਂਤੀਕਾਰੀ ਸੰਘਰਸ਼ ਨੂੰ 'ਗ਼ਦਰ' ਕਹਿ ਕੇ ਪ੍ਰਵਾਨ ਕੀਤਾ ਹੈ।1 ਨਵੰਬਰ 1913 ਨੂੰ ਸਾਨਫਰਾਂਸਿਸਕੋ ਤੋਂ ਹਫ਼ਤਾਵਾਰੀ ਉਰਦੂ ਸਮਾਚਾਰ ਪੱਤਰ ‘ਗ਼ਦਰ' ਨਿਕਲਿਆ। ਗੁਰਮੁਖੀ ਵਿਚ ਪੰਜਾਬੀ ਦਾ ਹਫ਼ਤਾਵਾਰੀ ‘ਗ਼ਦਰ' ਦਸੰਬਰ 1913 ਵਿਚ ਸ਼ੁਰੂ ਹੋਇਆ। 'ਗ਼ਦਰ ਪ੍ਰੈੱਸ' ਛਾਪੇ ਖਾਨੇ ਤੋਂ ਪ੍ਰਕਾਸ਼ਿਤ ਅਤੇ 'ਯੁਗਾਂਤਰ ਆਸ਼ਰਮ' ਤੋਂ ਨਿਕਲੇ 'ਗ਼ਦਰ ਅਖ਼ਬਾਰ' ਨੇ ਨਾ ਸਿਰਫ਼ ਭਾਰਤੀਆਂ ਨੂੰ ਹੀ, ਬਲਕਿ ਦੁਨੀਆ ਭਰ ਦੇ ਇਨਕਲਾਬੀਆਂ ਨੂੰ ਮਨੁੱਖੀ ਹੱਕਾਂ ਲਈ ਲੜਨ ਅਤੇ ਆਜ਼ਾਦੀ ਹਾਸਲ ਕਰਨ ਲਈ ਪ੍ਰੇਰਿਤ ਕੀਤਾ | ਪੰਜਾਬੀ ਭਾਸ਼ਾ ਤੇ ਗੁਰਮੁਖੀ ਲਿੱਪੀ 'ਚ ਨਿਕਲਣ ਵਾਲੇ ਹਫ਼ਤਾਵਾਰੀ 'ਗ਼ਦਰ' ਦਾ ਸੰਪਾਦਨ ਕਾਰਜ ਕਰਦਿਆਂ ਨੌਜਵਾਨ ਗ਼ਦਰੀ ਯੋਧੇ ਸ: ਕਰਤਾਰ ਸਿੰਘ ਸਰਾਭਾ ਨੇ ਪਾਠਕਾਂ ਨੂੰ ਏਨਾ ਪ੍ਰਭਾਵਿਤ ਕੀਤਾ ਕਿ 'ਗ਼ਦਰ' ਵਿਚਲੀਆਂ ਲਿਖਤਾਂ ਪੜ੍ਹਨ ਲਈ ਕੈਨੇਡਾ ਤੇ ਅਮਰੀਕਾ ਰਹਿੰਦੇ ਸਿਰਫ਼ ਪੰਜਾਬੀਆਂ ਨੇ ਹੀ ਗੁਰਮੁਖੀ ਲਿੱਪੀ ਨਹੀਂ ਸਿੱਖੀ, ਸਗੋਂ ਭਾਰਤ ਅੰਦਰ ਹੋਰਨਾਂ ਬੋਲੀਆਂ ਵਾਲੇ ਪਾਠਕ ਵੀ ਪੰਜਾਬੀ ਭਾਸ਼ਾ ਨਾਲ ਜੁੜ ਗਏ | ਸਹੀ ਅਰਥਾਂ 'ਚ 'ਗ਼ਦਰ' ਪੰਜਾਬੀ ਅਖ਼ਬਾਰ ਹੱਕ, ਸੱਚ ਤੇ ਆਜ਼ਾਦੀ ਦੇ ਸੰਕਲਪ ਨੂੰ ਪੇਸ਼ ਕਰਨ ਵਾਲਾ, ਪੰਜਾਬੀ ਪੱਤਰਕਾਰੀ ਦਾ ਥੰਮ ਕਿਹਾ ਜਾ ਸਕਦਾ ਹੈ।
ਪੰਜਾਬੀ ਹਫ਼ਤਵਾਰੀ ‘ਗ਼ਦਰ' ਦੇ ਸ਼ੁਰੂ ਦੇ ਅੰਕਾਂ ਵਿਚ ਗੁਰਬਾਣੀ ਦੀ ਪੰਕਤੀ ਨੂੰ, ਕੁਝ ਕੁ ਬਦਲਵੇਂ ਰੂਪ 'ਚ "ਜੇ ਚਿਤ ਪ੍ਰੇਮ ਖੇਲਣ ਦਾ ਚਾਓ, ਸਿਰ ਧਰ ਤਲੀ ਗਲੀ ਮੇਰੀ ਆਓ॥" ਵਿਚਕਾਰ ਲਿਖ ਕੇ ਦੋਹਾਂ ਨੁੱਕਰਾਂ ਉੱਤੇ ‘ਬੰਦੇ' ਅਤੇ ‘ਮਾਤਰਮ' ਲਿਿਖਆ ਮਿਲਦਾ ਹੈ। ਇਹ ਉਸ ਸਮੇਂ ਦੇ ਅੰਕ ਹਨ, ਜਦੋਂ ਪੰਜਾਬੀ ਸਮਾਚਾਰ ਪੱਤਰ ਦੇ ਸੰਪਾਦਕ ਸ਼ਹੀਦ ਕਰਤਾਰ ਸਿੰਘ ਸਰਾਭਾ ਸਨ। ਕੁਝ ਸਮੇਂ ਮਗਰੋਂ ਗ਼ਦਰੀ ਯੋਧਿਆਂ ਦੇ ਦੇਸ਼ ਜਾ ਕੇ ਕੁਰਬਾਨੀ ਕਰਨ ਲਈ ਤੱਤਪਰ ਹੁੰਦਿਆਂ ਸ਼ਹੀਦੀਆਂ ਪਾਈਆਂ ਜਾਂ ਲੰਮੀਆਂ ਸਜ਼ਾਵਾਂ ਕੱਟੀਆਂ। ਇਨ੍ਹਾਂ ਯੋਧਿਆਂ ਤੋਂ ਮਗਰੋਂ ‘ਗ਼ਦਰ' ਦੀ ਦਿਖ 'ਚ ਵੱਡੀਆਂ ਤਬਦੀਲੀਆਂ ਕੀਤੀਆਂ ਗਈਆਂ ਅਤੇ ਇਸ ਦਾ ਮੁੱਖ ਪੰਨੇ ਬਦਲ ਦਿੱਤਾ ਗਿਆ। ਗੁਰਬਾਣੀ ਦੀ ਤੁਕ ਹਟਾ ਕੇ, ਉਸ ਦੀ ਜਗ੍ਹਾ ‘ਐ ਮਰਦਾਨੋ ਹਿੰਦੀ ਜਵਾਨੋੋ ਜਲਦੀ ਲੋ ਹਥਿਆਰ' ਲਿਖ ਦਿੱਤੀ ਗਈ। ‘ਗ਼ਦਰ' ਸਮਾਚਾਰ ਪੱਤਰ ਦੇ ਮੁੱਖ ਪੰਨੇ ਅਤੇ ਰੂਪ ਵਿਚ ਅਜਿਹੀਆਂ ਤਬਦੀਲੀਆਂ ਸੁਭਾਵਿਕ ਨਹੀਂ ਹੋਈਆਂ, ਸਗੋਂ ਯੋਜਨਾਬੱਧ ਢੰਗ ਨਾਲ ਲਿਆਦੀਆਂ ਗਈਆਂ। ਰਾਮ ਚੰਦਰ ਨੇ ਪਹਿਲੇ ਸਫ਼ੇ 'ਤੇ ਸੰਪਾਦਕ ਵਜੋਂ ਆਪਣਾ ਨਾਂ ਵੀ ਲਿਖਣਾ ਸ਼ੁਰੂ ਕਰ ਦਿੱਤਾ ਤੇ ਮਗਰੋਂ ਪਾਰਟੀ ਤੋਂ ਅਲਹਿਦਾ ਹੋ ਕੇ, ਪਾਰਟੀ ਦੇ ਪਰਚੇ ਦੇ ਸਮਾਨਾਂਤਰ, ਉਸੇ ਹੀ ਨਾਂ 'ਤੇ ਵੱਖਰਾ ਹਿੰਦੁਸਤਾਨ ਗ਼ਦਰ ਵੀ ਕੱਢਿਆ। ਆਰੰਭ 'ਚ ਇਸ ਅਖ਼ਬਾਰ ਨਾਲ ਸੰਬੰਧਿਤ ਹੋਣ ਵਾਲੇ ‘ਗ਼ਦਰ' ਸਮਾਚਾਰ ਪੱਤਰ ਦੇ ਪੰਜਾਬੀ ਅੰਕ ਦੇ ਸੰਪਾਦਕ ਕਰਤਾਰ ਸਿੰਘ ਸਰਾਭਾ ਰਹੇ ਤੇ ਹੋਰਨਾਂ ਇਨਕਲਾਬੀ ਲਿਖਾਰੀਆਂ 'ਚ ਹਰਨਾਮ ਸਿੰਘ ਟੁੰਡੀਲਾਟ, ਭਾਈ ਸੰਤੋਖ ਸਿੰਘ ਧਰਦਿਓ, ਭਗਵਾਨ ਸਿੰਘ ਪ੍ਰੀਤਮ, ਮੁਨਸ਼ਾ ਸਿੰਘ ਦੁਖੀ, ਕਰਤਾਰ ਸਿੰਘ ਲਤਾੜਾ, ਬਸੰਤ ਸਿੰਘ ਚੌਂਦਾ, ਮਹਿਬੂਬ ਅਲੀ, ਇਨਾਇਤ ਖਾਂ, ਰਾਮ ਚੰਦਰ, ਖੇਮ ਚੰਦ ਦਾਸ, ਮੋਹਨ ਲਾਲ, ਪਿਰਥੀ ਸਿੰਘ ਆਜ਼ਾਦ, ਬਿਸ਼ਨ ਸਿੰਘ ਸਦਾ ਸਿੰਘ ਵਾਲਾ ਅਤੇ ਨਿਧਾਨ ਸਿੰਘ ਮਹੇਸ਼ਰੀ ਵੀ ਸਮੇਂ-ਸਮੇਂ ‘ਗ਼ਦਰ ਨਾਲ ਜੁੜੇ ਰਹੇ। ਜ਼ਿਆਦਾਤਰ ਲਿਖਾਰੀ ਆਪਣੇ ਉਪਨਾਮ ਜਾਂ ਤਖ਼ੱਲਸ ਆਦਿ ਦੀ ਵਰਤੋਂ ਹੀ ਕਰਦੇ ਸਨ। ਉਨ੍ਹਾਂ ਦੀ ਦੁਖੀਆ, ਗ਼ਦਰ ਦਾ ਸਿਪਾਹੀ, ਪ੍ਰੀਤਮ, ਫ਼ਕੀਰ, ਪੰਜਾਬੀ ਸਿੰਘ, ਸੇਵਕ, ਬਾਗ਼ੀ, ਜਾਚਕ, ਇਕਬਾਲ, ਹਮਦਮ, ਅਜ਼ਾਦ, ਯਕਦਮ, ਨਾਸਤਕ, ਸੱਚ, ਹਿੰਦ ਸੇਵਕ ਅਤੇ ਨਿਧੜਕ ਆਦਿ ਫ਼ਰਜ਼ੀ ਨਾਮਾਂ ਅਧੀਨ ‘ਗ਼ਦਰ' ਵਿਚਲੀ ਰਚਨਾ ਦਾ ਉਦੇਸ਼ ਜਿੱਥੇ ਇਕ ਪਾਸੇ ਵਿਅਕਤੀਗਤ ਪ੍ਰਸਿੱਧੀ ਦੀ ਥਾਂ, ਲਹਿਰ ਦੇ ਮਨੋਰਥ ਨੂੰ ਉਜਾਗਰ ਕਰਨਾ ਸੀ, ਉੱਥੇ ਦੂਜੇ ਪਾਸੇ ਰਾਜਸੀ ਹਾਲਤਾਂ ਨੂੰ ਸਮਝਦਿਆਂ ਗ਼ਦਰੀਆਂ ਦੀ ਪਛਾਣ ਗੁਪਤ ਰੱਖਣਾ ਸੀ। ਇਨ੍ਹਾਂ ਲਿਖਾਰੀਆਂ ਦਾ ਉਦੇਸ਼ ਪਰਵਾਸੀ ਭਾਰਤੀਆਂ ਵਿਚ ਰਾਜਨੀਤਕ ਚੇਤਨਾ ਪੈਦਾ ਕਰਕੇ ਆਜ਼ਾਦੀ ਦੀ ਲੜਾਈ ਲਈ ਮਾਹੌਲ ਪੈਦਾ ਕਰਨਾ ਸੀ।
‘ਗ਼ਦਰ' ਦੇ ਪਰਚੇ ਪੱਤਰਕਾਰੀ ਵਿਚ ਅਜਿਹੇ ਮਹੱਤਵ ਦੇ ਲਖਾਇਕ ਹਨ, ਜੋ ਅਗਲੀਆਂ ਪੀੜ੍ਹੀਆਂ ਅੰਦਰ ਚੇਤਨਾ ਪੈਦਾ ਕਰਨ ਲਈ ਮੀਲ ਪੱਥਰ ਸਾਬਤ ਹੋਏ। ‘ਗ਼ਦਰ' ਸਮਾਚਾਰ ਪੱਤਰ ਦਾ ਇਕੋ-ਇਕ ਨਿਸ਼ਾਨਾ ਆਜ਼ਾਦੀ ਸੀ ਅਤੇ ਇਸ ਦੀ ਪ੍ਰਾਪਤੀ ਲਈ ਗ਼ਦਰ ਨੇ ਦੁਨੀਆਂ ਭਰ ਦੇ ਆਜ਼ਾਦੀ ਪਸੰਦ ਭਾਰਤੀਆਂ ਨੂੰ ਜਥੇਬੰਦ ਕੀਤਾ।‘ਗ਼ਦਰ' ਸਮਾਚਾਰ ਪੱਤਰ ਰਾਹੀਂ ਲਹਿਰ ਕੇਵਲ ਅਮਰੀਕਾ ਜਾਂ ਕੈਨੇਡਾ ਤੱਕ ਸੀਮਤ ਨਾ ਰਹਿ ਕੇ ਦੁਨੀਆਂ ਦੇ ਕੋਨੇ-ਕੋਨੇ ਤੱਕ ਫੈਲ ਗਈ। ਜਿਉਂ ਹੀ ਗ਼ਦਰ ਲਹਿਰ ਵਧੀ ਤੇ ਜਨਤਾ ਵਿਚ ਇਨਕਲਾਬ ਆਇਆ, ਸਮਾਚਾਰ ਪੱਤਰ ਦੀ ਖਪਤ ਵਧਦੀ ਗਈ, ਸਮਾਚਾਰ ਪੱਤਰ ਦੇ ਉਰਦੂ ਤੇ ਪੰਜਾਬੀ ਤੋਂ ਇਲਾਵਾ ਹਿੰਦੀ, ਗੁਜਰਾਤੀ, ਬੰਗਾਲੀ, ਪਸਤੋ, ਨੇਪਾਲੀ ਵਿਚ ਵੀ ਸਪੈਸ਼ਲ ਨੰਬਰ ਨਿਕਲਣ ਲੱਗੇ ਪਏ, ਸਮਾਚਾਰ ਪੱਤਰ ਕਈ ਹਜ਼ਾਰਾਂ ਦੀ ਗਿਣਤੀ ਵਿਚ ਛਾਪਿਆ ਤੇ ਵੰਡਿਆ ਜਾਣ ਲੱਗਾ, ਕਿਹਾ ਜਾਂਦਾ ਹੈ ਕਿ 1916 ਵਿਚ ਇਹ ਹਫ਼ਤੇ ਦਾ ਦਸ ਲੱਖ ਛਪਣ ਲੱਗ ਪਿਆ ਸੀ।
ਅੰਤਰਰਾਸ਼ਟਰੀ ਪੱਧਰ 'ਤੇ ਬਰਾਬਰੀ ਤੇ ਮਾਨਵੀ ਹੱਕਾਂ ਦੀ ਪਹਿਰੇਦਾਰ ਗ਼ਦਰੀ ਬਾਬਿਆਂ ਦੀ ਯਾਦ ਵਿੱਚ ਸੈਮੀਨਾਰ ਅਤੇ ਸਮਾਗਮ ਕਰਨੇ ਸ਼ਲਾਘਾਯੋਗ ਉਪਰਾਲੇ ਹਨ। 2013 ਵਿਚ ਗ਼ਦਰ ਅਖ਼ਬਾਰ ਅਤੇ ਗ਼ਦਰ ਲਹਿਰ ਦੀ ਸ਼ਤਾਬਦੀ ਦੇ ਮੌਕੇ 'ਤੇ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਹੋਣ ਦੇ ਸੁਭਾਗ ਤੋਂ ਬਾਅਦ, ਹੁਣ ਇੱਕ ਵਾਰ ਫੇਰ ਪਹਿਲੀ ਅਤੇ ਦੂਜੀ ਅਕਤੂਬਰ ਨੂੰ ਗ਼ਦਰੀ ਬਾਬਿਆਂ ਦੀ ਯਾਦ ਵਿਚ ਦੋ ਦਿਨਾ ਸਮਾਗਮ 'ਚ ਸ਼ਮੂਲੀਅਤ ਦਾ ਮੌਕਾ ਮਿਲਿਆ ਹੈ। 'ਬਾਬਾਣੀਆਂ ਕਹਾਣੀਆਂ ਪੁੱਤ ਸਪੁੱਤ ਕਰੇਨ' ਦੇ ਮਹਾਂਵਾਕ ਅਨੁਸਾਰ ਵੱਡਿਆਂ ਦੇ ਦਿਨ ਮਨਾਉਣੇ ਅਤੇ ਉਨ੍ਹਾਂ ਦੀ ਮਹਾਨ ਦੇਣ ਦੀ ਗੱਲ ਕਰਨੀ ਜਿਥੇ ਵੱਡਾ ਮਹੱਤਵ ਰੱਖਦੀ ਹੈ, ਉਥੇ ਇਹ ਵੀ ਵਿਚਾਰਨ ਦੀ ਲੋੜ ਹੈ ਕਿ ਗ਼ਦਰੀ ਬਾਬਿਆਂ ਨੇ ਜਿਸ ਮੰਤਵ ਲਈ ਕੁਰਬਾਨੀਆਂ ਦਿੱਤੀਆਂ ਸਨ, ਉਹ ਅਜੇ ਵੀ ਸੰਪੂਰਨ ਨਹੀਂ ਹੋਇਆ | ਇਸ ਦੀ ਪ੍ਰਤੱਖ ਮਿਸਾਲ ਗ਼ਦਰ ਪਾਰਟੀ ਦੇ ਬਾਨੀ ਪ੍ਰਧਾਨ ਬਾਬਾ ਸੋਹਣ ਸਿੰਘ ਭਕਨਾ ਦੇ 'ਆਜ਼ਾਦ ਭਾਰਤ' 'ਚ ਕਹੇ ਇਨ੍ਹਾਂ ਸ਼ਬਦਾਂ ਤੋਂ ਹੋ ਜਾਂਦੀ ਹੈ ਕਿ ਮੇਰੀ ਪਿੱਠ 'ਚ ਅੰਗਰੇਜ਼ ਕੁੱਬ ਨਹੀਂ ਪਾ ਸਕੇ, ਪਰ ਆਪਣਿਆਂ ਨੇ ਜ਼ਰੂਰ ਪਾ ਦਿੱਤਾ। ਸਾਮਰਾਜੀ ਤਾਕਤਾਂ, ਫ਼ਿਰਕਾਪ੍ਰਸਤੀ, ਪਰਿਵਾਰਵਾਦ, ਭਿ੍ਸ਼ਟਾਚਾਰ, ਡੰਡਾ-ਤੰਤਰ ਅਤੇ ਬੁਰਜ਼ੂਆ ਢਾਂਚਾ ਕਿਸੇ ਨਾ ਕਿਸੇ ਰੂਪ ਵਿਚ ਕਾਇਮ ਹੈ | ਪੰਚਾਇਤੀ ਰਾਜ ਦੀ ਥਾਂ ਭਾਈ-ਭਤੀਜਾਵਾਦ ਨੇ ਮੱਲੀ ਹੋਈ ਹੈ | ਅਜੇ ਵੀ ਗ਼ਦਰੀ ਬਾਬਿਆਂ ਦੇ ਪਰਿਵਾਰਾਂ ਨੂੰ ਉਹ ਜੱਦੀ ਸੰਪਤੀਆਂ ਮੋੜੀਆਂ ਨਹੀਂ ਗਈਆਂ, ਜੋ ਅੰਗਰੇਜ਼ਾਂ ਵੇਲੇ ਸਰਕਾਰਾਂ ਵੱਲੋਂ ਕੁਰਕ ਕੀਤੀਆਂ ਗਈਆਂ ਸਨ | ਗ਼ਦਰੀ ਯੋਧਿਆਂ ਦੇ ਪਿੰਡ ਪੱਧਰ 'ਤੇ ਅਜਿਹੇ ਯਾਦਗਾਰੀ ਸਥਾਨ ਨਜ਼ਰ ਨਹੀਂ ਆਉਂਦੇ, ਜੋ ਉਨ੍ਹਾਂ ਦੀ ਘਾਲਣਾ ਬਾਰੇ ਅਗਲੀਆਂ ਪੀੜ੍ਹੀਆਂ ਨੂੰ ਉਤਸ਼ਾਹਿਤ ਕਰ ਸਕਣ | ਵਿਦੇਸ਼ਾਂ ਜਾਂ ਦੇਸ਼ ਅੰਦਰ ਸਰਕਾਰੀ ਇਮਾਰਤਾਂ ਅੰਦਰ ਢੁਕਵੇਂ ਰੂਪ 'ਚ ਗ਼ਦਰੀ ਯੋਧਿਆਂ ਦੀਆਂ ਤਸਵੀਰਾਂ ਨਜ਼ਰ ਨਹੀਂ ਆਉਂਦੀਆਂ | ਗ਼ਦਰੀ ਬਾਬਿਆਂ 'ਚੋਂ 90 ਫ਼ੀਸਦੀ ਪੰਜਾਬੀ ਤੇ ਵਿਸ਼ੇਸ਼ ਕਰਕੇ ਸਿੱਖ ਹੋਣ ਦੇ ਬਾਵਜੂਦ, ਉਨ੍ਹਾਂ ਨੂੰ ਸਿੱਖ ਵਿਰਸੇ, ਇਤਿਹਾਸ, ਸਿੱਖ ਸੱਭਿਆਚਾਰ ਅਤੇ ਗੁਰਬਾਣੀ ਤੋਂ ਵੱਖ ਕਰਕੇ ਨਿਰੇ ਖੱਬੀ ਪੱਖੀ ਅਤੇ ਮਾਰਕਸੀ ਧਾਰਨਾ ਦੇ ਪਾਂਧੀ ਬਣਾ ਕੇ ਪੇਸ਼ ਕਰਨਾ ਇਤਿਹਾਸ ਨਾਲ ਖਿਲਵਾੜ ਵੀ ਹੈ ਅਤੇ ਆਪਣੀ ਵਿਰਾਸਤ ਨਾਲ ਧ੍ਰੋਹ ਕਮਾਉਣਾ ਵੀ। ਇਸ ਤੋਂ ਵੀ ਖ਼ਤਰਨਾਕ ਗੱਲ ਇਹ ਹੈ ਕਿ ਅੱਜ ਭਾਰਤ ਫਾਸ਼ੀਵਾਦ ਦੀ ਜਿਸ ਮੋੜ 'ਤੇ ਪਹੁੰਚ ਚੁੱਕਿਆ ਹੈ, ਉਹ ਅੰਗਰੇਜ਼ ਸਾਮਰਾਜ ਤੋਂ ਵੀ ਖ਼ਤਰਨਾਕ ਹੈ। ਅੰਗਰੇਜ਼ਾਂ ਅੱਗੇ ਮੁਆਫ਼ੀਆਂ ਮੰਗਣ ਵਾਲੇ ਸਾਵਰਕਰ ਨੂੰ ਅੱਜ ਦੇਸ਼ ਭਗਤ ਕਰਾਰ ਦਿੱਤਾ ਜਾ ਰਿਹਾ ਹੈ, ਜਦਕਿ ਮਨੁੱਖੀ ਹੱਕਾਂ ਲਈ ਲੜਨ ਵਾਲੇ ਯੋਧਿਆਂ ਦੇ ਵਾਰਿਸ ਜੇਲ੍ਹਾਂ 'ਚ ਬੰਦ ਹਨ।
ਗ਼ਦਰੀ ਬਾਬਿਆਂ ਨੇ ਭਾਰਤ ਨੂੰ ਧਰਮ-ਨਿਰਪੱਖ ਦੇਸ਼ ਬਣਾਉਣ ਦਾ ਸੁਪਨਾ ਲਿਆ ਸੀ, ਪਰ ਅੱਜ ਸਾਵਰਕਰੀ ਸੋਚ ਦੇ ਪਾਂਧੀ ਭਾਰਤ ਨੂੰ 'ਹਿੰਦੂ ਰਾਸ਼ਟਰ' ਬਣਾਉਣ ਲਈ ਬਜ਼ਿੱਦ ਹਨ। ਅਜਿਹੀ ਫ਼ਿਰਕੂ ਸੋਚ ਦਾ ਹੀ ਨਤੀਜਾ ਸੀ ਕਿ ਪੰਜਾਬ ਸੰਤਾਲੀ ਵੇਲੇ ਉਜਾੜਿਆ ਗਿਆ ਅਤੇ ਦੋ ਟੋਟਿਆਂ ਵਿੱਚ ਵੰਡ ਦਿੱਤਾ ਗਿਆ। ਦੱਸ ਲੱਖ ਤੋਂ ਵੱਧ ਲੋਕਾਂ ਦੀਆਂ ਜਾਨਾਂ ਗਈਆਂ, ਜਿਨ੍ਹਾਂ ਵਿਚ ਸਮੂਹ ਪੰਜਾਬੀ ਸਨ ਜ਼ਿਆਦਾਤਰ ਸਿੱਖ, ਮੁਸਲਮਾਨ ਅਤੇ ਹਿੰਦੂ ਭਾਈਚਾਰੇ ਨਾਲ ਵੀ ਸਬੰਧਿਤ ਸਨ। ਇਕ ਪਾਸੇ ਮੁਸਲਮਾਨਾਂ ਨੂੰ ਉਨ੍ਹਾਂ ਦਾ ਰਾਸ਼ਟਰ ਅਤੇ ਦੂਜੇ ਪਾਸੇ ਵੱਡੀ ਗਿਣਤੀ 'ਚ ਹਿੰਦੂਆਂ ਨੂੰ ਅਸਿੱਧੇ ਤੌਰ 'ਤੇ 'ਹਿੰਦੂ ਰਾਸ਼ਟਰ' ਸੌਂਪਿਆ ਗਿਆ, ਜੋ ਕਿ ਅੱਜ ਪ੍ਰਤੱਖ ਰੂਪ ਚ ਨਜ਼ਰ ਆ ਰਿਹਾ ਹੈ। ਸਭ ਤੋਂ ਵੱਡੇ ਧੱਕੇ ਦਾ ਸ਼ਿਕਾਰ ਹੋਏ ਸਭ ਤੋਂ ਵੱਧ ਸ਼ਹੀਦੀਆਂ ਦੇਣ ਵਾਲੇ ਕਾਲੇ ਪਾਣੀਆਂ ਦੀਆਂ ਸਜ਼ਾਵਾਂ ਕੱਟਣ ਵਾਲੀ ਜੇਲ੍ਹਾਂ ਚ ਬੰਦ ਰਹਿਣ ਵਾਲੇ ਸਿੱਖ। ਗ਼ਦਰੀ ਬਾਬਿਆਂ ਦੀ ਗੱਲ ਕਰਦਿਆਂ ਇਹ ਦਰਦ ਮਹਿਸੂਸ ਹੋ ਰਿਹਾ ਹੈ ਕਿ ਅੱਜ ਕਹਿਣ ਨੂੰ ਤਾਂ ਭਾਰਤ ਆਜ਼ਾਦ ਹੈ, ਪਰ ਹਿੰਦ ਰਾਸ਼ਟਰ ਵਿੱਚ ਘੱਟਗਿਣਤੀਆਂ ਗੁਲਾਮ ਹਨ। ਉਨ੍ਹਾਂ ਵਿੱਚੋਂ ਸਿੱਖਾਂ ਦੀ ਤ੍ਰਾਸਦੀ ਇਹ ਹੈ ਕਿ ਵੱਡੀਆਂ ਕੌਮਾਂ ਨੇ ਤਾਂ ਆਪਣੇ ਦੇਸ਼ ਬਣਾ ਲਏ, ਪਰ ਸਿੱਖ ਬੇਘਰੇ ਰੁਲ ਰਹੇ ਹਨ। ਗਾਇਕ ਅਤੇ ਗੀਤਕਾਰ ਰਾਜ ਕਾਕੜਾ ਦੇ ਸੀਨੇ ਨੂੰ ਧੂਹ ਪਾਉਣ ਵਾਲੇ ਇਨ੍ਹਾਂ ਬੋਲਾਂ ਨਾਲ ਹੀ ਵਿਚਾਰ ਸਮੇਟਦੇ ਹਾਂ :
"ਜਦੋਂ ਭਰਾਵਾਂ ਵੰਡੀਆਂ ਪਾਈਆਂ,
ਸਾਡੇ ਹਿੱਸੇ ਫਾਂਸੀਆਂ ਆਈਆਂ।
ਹਰ ਕੋਈ ਆਪਣਾ ਹਿੱਸਾ ਲੈ ਗਿਆ,
ਸਾਡਾ ਹਿੱਸਾ ਕਿੱਥੇ ਰਹਿ ਗਿਆ?
ਉਨ੍ਹਾਂ ਲੈ ਲਏ ਤਖ਼ਤ ਹਜ਼ਾਰੇ,
ਬਲਖ ਬੁਖਾਰੇ, ਮਹਿਲ ਮੁਨਾਰੇ।
ਸਾਡੇ ਹਿੱਸੇ ਘੱਲੂਘਾਰੇ
ਕਾਲੇ ਤਾਰੇ, ਨੀਲੇ ਤਾਰੇ।
ਲੜ ਲੜ ਮਰ ਗਏ ਪਰ ਨੀ ਬਣਿਆ,
ਮੇਰੀ ਕੌਮ ਦਾ ਘਰ ਨਹੀਂ ਬਣਿਆ
ਮੇਰੀ ਕੌਮ ਦਾ ਘਰ ਨਹੀਂ ਬਣਿਆ!"