ਪੰਜਾਬ: ਬੜ੍ਹਕ ਨਾ ਮੜਕ : ਪੰਜਾਬ ਦੀ ਤ੍ਰਾਸਦੀ ਦੀ ਰੜਕ - ਉਜਾਗਰ ਸਿੰਘ

ਕਮਲਜੀਤ ਸਿੰਘ ਬਨਵੈਤ ਦੀ ਪੁਸਤਕ ‘ਪੰਜਾਬ:ਬੜ੍ਹਕ ਨਾ ਮੜਕ’ ਦਬੰਗ ਤੇ ਦਲੇਰ ਪੱਤਰਕਾਰੀ ਦਾ ਵਿਲੱਖਣ ਦਸਤਾਵੇਜ਼ ਹੈ। ਇਕ ਕਿਸਮ ਨਾਲ ਉਨ੍ਹਾਂ ਇਸ ਪੁਸਤਕ ਵਿਚਲੇ 44 ਲਘੂ ਲੇਖਾਂ ਵਿੱਚ ਵਰਤਮਾਨ ਪੰਜਾਬ ਦੀ ਤਸਵੀਰ ਖਿਚਕੇ ਪਾਠਕਾਂ ਨੂੰ ਜਾਗਰੂਕ ਕੀਤਾ ਹੈ। ਇਸ ਪੁਸਤਕ ਦੇ ਸਾਰੇ ਲੇਖਾਂ ਦੇ ਵਿਸ਼ਿਆਂ ਅਨੁਸਾਰ ਢੁਕਵਾਂ ਨਾਮ ਹੈ। ਭਾਵ ਪੰਜਾਬ ਸਰਕਾਰਾਂ ਦੀ ਬੇਰੁੱਖੀ ਕਰਕੇ ਆਰਥਿਕ ਤੌਰ ‘ਤੇ ਖੋਖਲਾ ਹੋ ਗਿਆ ਹੈ। ਨਿਰਪੱਖ ਪੱਤਰਕਾਰੀ ਜੋਖ਼ਮ ਭਰਿਆ ਕਿੱਤਾ ਹੈ। ਕੋਈ ਵੀ ਸਿਆਸਤਦਾਨ, ਅਧਿਕਾਰੀ ਅਤੇ ਕਰਮਚਾਰੀ ਆਪਣੀ ਅਸਫਲਤਾ ਲੋਕਾਂ ਸਾਹਮਣੇ ਆਉਣ ਨਹੀਂ ਦੇਣਾ ਚਾਹੁੰਦਾ। ਲੇਖਕ ਨੇ ਅਖ਼ਬਾਰਾਂ ਲਈ ਲਿਖੇ ਆਪਣੇ ਲੇਖਾਂ ਦੀ ਇਹ ਪੁਸਤਕ ਪ੍ਰਕਾਸ਼ਤ ਕਰਕੇ ਪੰਜਾਬ ਵਿੱਚ ਵਾਪਰ ਰਹੀਆਂ ਘਟਨਾਵਾਂ ਨੂੰ ਪੁਸਤਕ ਰੂਪ ਦੇ ਕੇ ਆਪਣਾ ਮਨ ਹੌਲਾ ਕਰ ਲਿਆ ਹੈ, ਸੱਚੇ ਸੁੱਚੇ ਲੇਖਕ ਜੇਕਰ ਲੋਕ ਹਿਤਾਂ ‘ਤੇ ਪਹਿਰਾ ਨਾ ਦੇਣ ਤਾਂ ਉਨ੍ਹਾਂ ਨੂੰ ਮਾਨਸਿਕ ਤਕਲੀਫ਼ ਝੱਲਣੀ ਪੈਂਦੀ ਹੈ। ਉਨ੍ਹਾਂ ਦੇ ਲੇਖ ਵੱਖ-ਵੱਖ ਸਮਿਆਂ ਵਿੱਚ ਵਾਪਰੀਆਂ ਘਟਨਾਵਾਂ ਅਤੇ ਚਲੰਤ ਮਸਲਿਆਂ ਬਾਰੇ ਹਨ। ਸਮੇਂ ਦੇ ਸੱਚ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਉਪਰਾਲਾ ਚੋਣਵੇਂ ਲੇਖਕ ਹੀ ਕਰਦੇ ਹਨ। ਕਮਲਜੀਤ ਸਿੰਘ ਬਨਵੈਤ ਦੀ ਇਕ ਹੋਰ ਖ਼ੂਬੀ ਹੈ, ਉਹ ਆਪਣੇ ਲੇਖਾਂ ਵਿੱਚ ਤੱਥਾਂ ‘ਤੇ ਅਧਾਰਤ ਲਿਖਦਾ ਹੈ। ਤੱਥਾਂ ਦੇ ਸੋਮੇਂ ਵੀ ਉਹ ਨਾਲ ਲਿਖਦਾ ਹੈ, ਜਿਸ ਕਰਕੇ ਲੇਖਾਂ ਦੀ ਸਾਰਥਿਕਤਾ ਬਣ ਜਾਂਦੀ ਹੈ। ਪੰਜਾਬ ਵਿੱਚ ਬੰਦੀ ਸਿੰਘਾਂ ਵਾਲੇ ਲੇਖ ਵਿੱਚ ਲਗਪਗ ਸਾਰੇ ਉਨ੍ਹਾਂ ਬੰਦੀ ਸਿੰਘਾਂ ਬਾਰੇ ਸੰਖੇਪ ਵਿੱਚ ਪ੍ਰੰਤੂ ਸਹੀ ਜਾਣਕਾਰੀ ਦਿੱਤੀ ਹੈ। ਲੇਖਕ ਨੇ ਇਨ੍ਹਾਂ ਲੇਖਾਂ ਵਿੱਚ ਕੋਈ ਅਜਿਹਾ ਪੱਖ ਨਹੀਂ ਛੱਡਿਆ ਜਿਸ ਦਾ ਪ੍ਰਭਾਵ ਪੰਜਾਬ ਦੀ ਸਮਾਜਿਕ, ਸਭਿਆਚਾਰਕ ਅਤੇ ਆਰਥਿਕ ਹਾਲਤ ਨੂੰ ਪ੍ਰਭਾਵਤ ਕਰਦਾ ਹੋਵੇ। ਪੰਜਾਬ ਦੇ ਕੁਝ ਅਜਿਹੇ ਸਿਆਸੀ ਪਰਿਵਾਰ ਹਨ, ਜਿਹੜੇ ਸਿਆਸਤ ਦੇ ਆਪਣਾ ਜੱਦੀ ਅਧਿਕਾਰ ਸਮਝਦੇ ਹਨ, ਉਨ੍ਹਾਂ ਬਾਰੇ ਲੇਖਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕਿਵੇਂ ਪੁਸ਼ਤ ਦਰ ਪੁਸ਼ਤ ਆਪਣੀ ਪ੍ਰਭੁਸਤਾ ਬਣਾਈ ਬੈਠੇ ਹਨ। ਮਿਆਰੀ ਸਿਖਿਆ ਦੇ ਦਮਗਜ਼ੇ ਮਾਰਨ ਵਾਲੀਆਂ ਸਰਕਾਰਾਂ ਦੇ ਸਬੂਤਾਂ ਨਾਲ ਪਾਜ ਉਘੇੜ ਦਿੱਤੇ ਹਨ। ਸਿਹਤ ਸੇਵਾਵਾਂ ਬਾਰੇ ਕਮਾਲ ਦੀ ਜਾਣਕਾਰੀ ਉਪਲਭਧ ਕਰਵਾਈ ਹੈ ਕਿ ਕਿਤਨੀਆਂ ਸਿਹਤ  ਸੰਸਥਾਵਾਂ ਬੰਦ ਹੋਣ ਦੇ ਕਿਨਾਰੇ ਹਨ ਅਤੇ ਕਿਤਨਾ ਸਟਾਫ ਘੱਟ ਹੈ।  ਮੁਹੱਲਾ ਕਲਿਨਕਾਂ ਦੇ ਪ੍ਰਚਾਰ ‘ਤੇ 30 ਕਰੋੜ ਰੁਪਿਆ ਖ਼ਰਚ ਦਿੱਤਾ ਹੈ ਪ੍ਰੰਤੂ ਦਵਾਈਆਂ ਤੇ ਘੱਟ ਖ਼ਰਚਿਆ ਹੈ। ਅਧਿਕਾਰੀਆਂ ਨੂੰ ਧਮਕਾਉਣ ਲਈ ਸੁਖਬੀਰ ਸਿੰਘ ਬਾਦਲ ਦੀ ਲਾਲ ਡਾਇਰੀ ਅਤੇ ਹੋਰ ਸਿਆਸਤਦਾਨਾਂ ਦੀਆਂ ਚਾਲਾਂ ਨੂੰ ਵੀ ਦਰਸਾਇਆ ਹੈ। ਕਾਂਗਰਸ ਪਾਰਟੀ ਦੇ ਨੇਤਾ ਕਿਵੇਂ ਸਿਆਸੀ ਤਾਕਤ ਹੜੱਪਣ ਲਈ ਬਿੱਲੀਆਂ ਵਾਂਗ ਲੜਦੇ ਹਨ।  ਭਗਵੰਤ ਸਿੰਘ ਮਾਨ ਦੀ ਭਰਿਸ਼ਟਾਚਾਰ ਵਿਰੁੱਧ ਮੁਹਿੰਮ ਦੀ ਪ੍ਰਸੰਸਾ ਕੀਤੀ ਹੈ ਕਿ ਉਹ ਇਸ ਖੇਤਰ ਵਿੱਚ ਅਜੇ ਤੱਕ ਚੰਗਾ ਕੰਮ ਕਰ ਰਿਹਾ ਹੈ। ਮਾਪਿਆਂ ਦੀ ਅਣਵੇਖੀ, ਮਾਰ ਕੁਟਾਈ ਅਤੇ ਬਿਰਧ ਅਸ਼ਰਮਾ ਵਿੱਚ ਭੇਜਣ ਦੀ ਤ੍ਰਾਸਦੀ ਦਿਲ ਨੂੰ ਹਲੂਣਦੀ ਹੈ। ਆਮ ਆਦਮੀ ਪਾਰਟੀ ਦੇ ਨਵੇਂ ਵਿਧਾਨਕਾਰਾਂ ਬਾਰੇ ਵੀ ਲਿਖਿਆ ਹੈ ਕਿ ਉਨ੍ਹਾਂ ਨੂੰ ਆਪਣੇ ਅਧਿਕਾਰਾਂ ਅਤੇ ਫਰਜਾਂ ਬਾਰੇ ਜਾਣਕਾਰੀ ਹੀ ਨਹੀਂ। ਝੋਨੇ ਦੀ ਸਿੱਧੀ ਬਿਜਾਈ ਦੇ ਭਗਵੰਤ ਮਾਨ ਸਰਕਾਰ ਦੇ ਦਮਗਜ਼ਿਆਂ ਦੀ ਪੋਲ ਖੋਲ੍ਹੀ ਹੈ। ਕਰਜ਼ੇ ਦੇ ਸਹਾਰੇ ਚਲ ਰਹੀ ਪੰਜਾਬ ਸਰਕਾਰ ਦੀਆਂ ਬੜ੍ਹਕਾਂ ਖੋਖਲੀਆਂ ਸਾਬਤ ਹੋ ਰਹੀਆਂ ਹਨ। ਜੀ.ਡੀ.ਪੀ. 55 ਫ਼ੀ ਸਦੀ ਤੋਂ ਵੱਧਕੇ 60 ਫ਼ੀ ਸਦੀ ਤੱਕ ਪਹੁੰਚਣ ਦੀ ਉਮੀਦ ਹੈ, ਫਿਰ ਸਰਕਾਰ ਨੂੰ ਕਰਜ਼ਾ ਵੀ ਨਹੀਂ ਮਿਲ ਸਕਣਾ। ਹੁਣ ਪੰਜਾਬ ਦੇ ਬਜਟ ਦਾ 15 ਫ਼ੀ ਸਦੀ ਵਿਆਜ ਮੋੜਨ ਤੇ ਖ਼ਰਚ ਹੋ ਰਿਹਾ ਹੈ। ਅਧਿਕਾਰੀਆਂ ਅਤੇ ਸਰਕਾਰ ਵਿੱਚ ਤਾਲਮੇਲ ਨਹੀਂ ਹੈ। ਆਈ.ਏ.ਐਸ.‘ਤੇ ਪੀ.ਸੀ.ਐਸ. ਸਰਕਾਰ ਤੋਂ ਅੱਖੇ ਹਨ। ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਕਾਂਗਰਸ ਜੋੜੋ ਤੱਕ ਸੀਮਤ ਹੋ ਗਈ। ਪੰਜਾਬ ਦੇ ਸੰਸਦ ਅਤੇ ਵਿਧਾਨ ਸਭਾ ਦੇ ਮੈਂਬਰਾਂ ਦੀ ਕਾਰਗੁਜ਼ਾਰੀ ਤੇ ਵੀ ਕਿੰਤੂ ਪ੍ਰੰਤੂ ਕੀਤਾ ਹੈ ਕਿ ਉਹ ਆਪਣੀ ਜ਼ਿੰਮੇਵਾਰੀ ਸਹੀ ਤਰੀਕੇ ਨਾਲ ਨਿਭਾ ਨਹੀਂ ਰਹੇ। ਉਨ੍ਹਾਂ ਨੇ ਸੰਸਦੀ ਪ੍ਰਣਾਲੀ ਦੀ ਮਰਿਆਦਾ ਵੀ ਕਾਇਮ ਨਹੀਂ ਰੱਖੀ, ਦੂਸ਼ਣਬਾਜ਼ੀ ਕਰਦੇ ਰਹੇ। 2022 ਦੇ ਸਾਲ ਬਾਰੇ ਲਿਖਦਿਆਂ ਬਨਵੈਤ ਨੇ ਦੱਸਿਆ ਹੈ ਕਿ ਕੁਝ ਦਿਗਜ਼ ਨੇਤਾਵਾਂ ਦੀ ਕਿਸਮਤ ਲੁੜਕ ਗਈ ਅਤੇ ਸਾਧਾਰਨ ਲੋਕ ਚੋਣਾਂ ਜਿੱਤ ਗਏ ਤੇ ਉਨ੍ਹਾਂ ਦੀ ਕਿਸਮਤ ਚਮਕ ਗਈ। ਆਇਆ ਰਾਮ ਤੇ ਗਿਆ ਰਾਮ ਸਿਆਸੀ ਤਾਕਤ ਦੀ ਭੁੱਖ ਕਰਕੇ ਭਾਰੂ ਰਿਹਾ। ਦੇਸ਼ ਵਿੱਚ ਸਿਆਸੀ ਪਾਰਟੀਆਂ ਵੋਟਾਂ ਵਟੋਰਨ ਲਈ ਔਰਤਾਂ ਨੂੰ 33 ਫ਼ੀ ਸਦੀ ਰਾਖ਼ਵਾਂ ਦੇ ਹੱਕ ਦੇਣ ਦੀ ਗੱਲ ਕਰਦੀਆਂ ਹਨ ਪ੍ਰੰਤੂ ਅਮਲੀ ਤੌਰ ‘ਤੇ ਨਹੀਂ। ਪੰਜਾਬ ਵਿੱਚ ਪ੍ਰਬੰਧਕੀ ਪ੍ਰਣਾਲੀ ਵਿੱਚ ਇਸਤਰੀਆਂ ਨੂੰ ਬਰਾਬਰ ਦੇ ਹੱਕ ਪ੍ਰਾਪਤ ਹਨ। ਬਾ-ਮੁਲਾਹਿਜ਼ਾ ਹੁਸ਼ਿਆਰ ਸਿਰਲੇਖ ਵਾਲੇ ਲੇਖ ਵਿੱਚ ਪੰਜਾਬ ਵਿੱਚ 1978 ਤੋਂ ਸ਼ੁਰੂ ਹੋਈਆਂ ਫ਼ਿਰਕੂ ਘਟਨਾਵਾਂ ਤੋਂ ਬਾਅਦ ਹੁਣ ਠਾਕੁਰਪੁਰ ਚਰਚ ਦੀ ਭੰਨ ਤੋੜ ਦੀ ਘਟਨਾ ‘ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ ਹੈ। ਪੰਜਾਬੀਆਂ ਨੂੰ ਅਜਿਹੀਆਂ ਫ਼ਿਰਕੂ ਗੱਲਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੀ ਰੇਤ ਮਾਫ਼ੀਏ ‘ਤੇ ਨਕੇਲ ਨਹੀਂ ਕਸ ਸਕੀ। ਸਰਹੱਦੀ ਖੇਤਰ ਵਿੱਚ ਮਾਈਨਿੰਗ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਬਣੀ ਹੋਈ ਹੈ। ਦੇਸ਼ ਵਿੱਚ ਖ਼ੁਦਕਸ਼ੀਆਂ ਦਾ ਰੁਝਾਨ ਵੱਧ ਰਿਹਾ ਹੈ। 2020 ਦੇ ਮੁਕਾਬਲੇ 2021 ਵਿੱਚ 7.2 ਫ਼ੀ ਸਦੀ ਵਾਧਾ ਹੋਇਆ ਹੈ, ਜੋ ਚਿੰਤਾ ਵਿਸ਼ਾ ਹੈ। ਬਾਦਲ ਪਰਿਵਾਰ ਬੁਰੀ ਤਰ੍ਹਾਂ ਹਾਰਨ ਤੋਂ ਬਾਅਦ ਵੀ ਅਕਾਲੀ ਦਲ ਤੋਂ ਪਰਿਵਾਰਿਕ ਕਬਜ਼ਾ ਛੱਡਣਾ ਨਹੀਂ ਚਾਹੁੰਦੀ। ਸੈਕੰਡ ਰੈਂਕ ਲੀਡਰਸ਼ਿਪ ਨੂੰ ਉਭਰਨ ਹੀ ਨਹੀਂ ਦਿੰਦਾ। ਦੇਸ਼ ਵਿੱਚ ਹਿਰਾਸਤੀ ਮੌਤਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਪੰਜਾਬ ਦੇਸ਼ ਵਿੱਚੋਂ ਤੀਜੇ ਸਥਾਨ ‘ਤੇ ਹੈ। ਪਿਛਲੇ ਦੋ ਸਾਲਾਂ ਵਿੱਚ 225 ਹਿਰਾਸਤੀ ਮੌਤਾਂ ਹੋਈਆਂ ਹਨ। ਭਗਵੰਤ ਮਾਨ ਦੀ ਸਰਕਾਰ ਦੇ ਰਾਹ ਵਿੱਚ ਔਕੜਾਂ ਪਹਾੜ ਬਣਕੇ ਖੜ੍ਹੀਆਂ ਹਨ, ਰਾਜਪਾਲ ਨੇ ਨਸ਼ਿਆਂ ਦੇ ਮੁੱਦੇ ‘ਤੇ ਆੜੇ ਹੱਥੀਂ ਲਿਆ ਹੈ। ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਦੇ ਉਪ ਕੁਲਪਤੀ ਦਾ ਮਸਲਾ ਲਟਕਦਾ ਆ ਰਿਹਾ ਹੈ। ਐਡਵੋਕੇਟ ਜਨਰਲ ਵਾਰ ਵਾਰ ਸਾਥ ਛੱਡ ਰਹੇ ਹਨ। ਆਪਣਿਆਂ ਵੱਲੋਂ ਮੁਸੀਬਤਾਂ ਖੜ੍ਹੀਆਂ ਕੀਤੀਆਂ ਜਾ ਰਹੀਆਂ ਹਨ।  ਆਮ ਆਦਮੀ ਪਾਰਟੀ ਦੇ ਨਵੇਂ ਵਿਧਾਇਕਾਂ ਨੂੰ ਤਜ਼ਰਬਾ ਨਾ ਹੋਣ ਕਰਕੇ ਮੁੱਖ ਮੰਤਰੀ ਨੂੰ ਉਨ੍ਹਾਂ ਨੂੰ ਸਿਖਿਆ ਦੇਣ ਲਈ ਮੀਟਿੰਗਾਂ ਕਰਨੀਆਂ ਪਈਆਂ। ਹਸਪਤਾਲਾਂ ਵਿੱਚ ਦਵਾਈਆਂ, ਡਾਕਟਰ ਅਤੇ ਹੋਰ ਅਮਲੇ ਦੀ ਘਾਟ ਹੈ। ਬਹੁਤੀਆਂ 50 ਫ਼ੀ ਸਦੀ ਤੋਂ ਵੱਧ ਅਸਾਮੀਆਂ ਖਾਲੀ ਪਈਆਂ ਹਨ। ਮੁਹੱਲਾ ਕਲਿਨਕਾਂ ਲਈ ਹਸਪਤਾਲਾਂ ਵਿੱਚੋਂ ਡਾਕਟਰ ਬਦਲ ਕੇ ਭੇਜ ਦਿੱਤੇ ਹਨ। ਹਸਪਤਾਲ ਖਾਲ੍ਹੀ ਹੋ ਗਏ। ਮਹਿੰਗਾਈ, ਮਹਿੰਗੀਆਂ ਦਵਾਈਆਂ ਕਰਕੇ ਪੰਜਾਬੀ ਮਨੋਰੋਗੀ ਬਣ ਰਹੇ ਹਨ। ਹਸਪਤਾਲਾਂ ਵਿੱਚ ਮਨੋਰੋਗੀ ਡਾਕਟਰ ਨਹੀਂ ਹਨ। ਐਲਾਨ ਜ਼ਿਆਦਾ ਜ਼ਮੀਨੀ ਪੱਧਰ ਤੇ ਕੰਮ ਉਤਨਾ ਨਹੀਂ ਹੋ ਰਿਹਾ। ਬਹਿਬਲ ਕਲਾਂ, ਬਰਗਾੜੀ, ਕੋਟਕਪੂਰਾ ਅਤੇ ਜਵਾਹਰਕੇ ਪਿੰਡ ਵਿੱਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਪੜਤਾਲ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਪਹਿਲੀਆਂ ਦੋ ਸਰਕਾਰਾਂ ਦੀ ਤਰ੍ਹਾਂ ਤਣ ਪੱਤਣ ਨਹੀਂ ਲਾ ਸਕੀ। ਕੈਪਟਨ ਅਮਰਿੰਦਰ ਸਿੰਘ ਅਤੇ ਪਰਕਾਸ਼ ਸਿੰਘ ਬਾਦਲ ਦੀਆਂ ਸਰਕਾਰਾਂ ਦੇ ਵਾਅਦੇ ਵਫਾ ਨਾ ਹੋ ਸਕਣ ਕਰਕੇ ਉਹ ਸਰਕਾਰਾਂ ਬਣਾਉਣ ਤੋਂ ਹੱਥ ਧੋ ਬੈਠੇ ਹਨ। ਇਸ਼ਾਰਾ ਆਮ ਆਦਮੀ ਦੀ ਸਰਕਾਰ ਵਲ ਸਾਫ ਹੈ।  ਭਗਵੰਤ ਮਾਨ ਦੀ ਸਰਕਾਰ ਵੱਲੋਂ ਰਾਜ ਸਭਾ ਦੇ ਬਣਾਏ 7 ਮੈਂਬਰ ਆਪਣੀ ਕਾਰਗੁਜ਼ਾਰੀ ਵਿਖਾਉਣ ਵਿੱਚ ਅਸਫਲ ਰਹੇ ਹਨ।  ਉਚੇਰੀ ਸਿਖਿਆ ਲਈ 31 ਯੂਨੀਵਰਸਿਟੀਆਂ 350 ਕਾਲਜ ਹੋਣ ਦੇ ਬਾਵਜੂਦ ਯੋਗ ਵਿਦਿਆ ਨਹੀਂ ਮਿਲ ਰਹੀ ਕਿਉਂਕਿ ਅਧਿਆਪਕਾਂ ਦੀ ਘਾਟ ਹੈ।  ਮਿਠੱੀਆਂ ਮਿਰਚਾਂ ਵਾਲੇ ਲੇਖ ਵਿੱਚ ਦਰਸਾਇਆ ਗਿਆ ਹੈ ਕਿ ਰਾਜਪਾਲ, ਗ੍ਰਹਿ ਮੰਤਰੀ ਅਤੇ ਰਾਸ਼ਟਰਪਤੀ ਦੇ ਸਮਾਗਮਾ ਵਿੱਚ ਮੁੱਖ ਮੰਤਰੀ ਗਏ ਨਹੀਂ, ਜਿਹੜੇ ਮੰਤਰੀ ਸ਼ਾਮਲ ਹੋਏ ਉਹ ਸਹੀ ਢੰਗ ਨਾਲ ਪੰਜਾਬ ਦੇ ਹਿਤਾਂ ਤੇ ਪਹਿਰਾ ਨਹੀਂ ਦੇ ਸਕੇ। ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਦਾ ਹਾਸਾ ਗੁਮ ਗਿਆ ਹੈ। ਪੰਜਾਬ ਆਰਥਿਕ ਮੰਦਹਾਲੀ, ਵਿਧਾਨਕਾਰਾਂ ਅਤੇ ਮੰਤਰੀਆਂ ਦੀ ਕਾਰਗੁਜ਼ਾਰੀ ਅਤੇ ਮੰਤਰੀ ਮੰਡਲ ਦੇ ਫੇਰ ਬਦਲ ਦਾ ਅਹਿਸਾਸ ਮੁੱਖ ਮੰਤਰੀ ਨੂੰ ਸਤਾ ਰਿਹਾ ਹੈ। ਲੇਖਕ ਨੇ ਪੰਜਾਬ ਦੇ ਹੁਣ ਤੱਕ ਦੇ ਸਾਰੇ ਮੁੱਖ ਮੰਤਰੀਆਂ ਦੀ ਕਾਰਗੁਜ਼ਾਰੀ ਦਾ ਲੇਖਾ ਜੋਖਾ ਕਰਕੇ ਦੱਸਿਆ ਹੈ ਕਿ ਉਹ ਕਿੰਨੇ ਸਫਲ ਤੇ ਅਸਫਲ ਹੋਏ ਹਨ।  ਕਈ ਲੇਖਾਂ ਵਿੱਚ ਦੁਹਰਓ ਹੈ। ਨਵੀਂ ਵਿਧਾਨ ਸਭਾ ਦੀ ਉਸਾਰੀ ਲਈ ਹਰਿਆਣਾ ਦੀ ਤਰ੍ਹਾਂ ਜ਼ਮੀਨ ਦੀ ਮੰਗ ਗ਼ਲਤ ਹੈ। ਢਾਈ ਸੌ ਪੰਜਾਬ ਨਿਤ ਜਹਾਜ਼ ਚੜ੍ਹਨ ਵਾਲੇ ਲੇਖ ਵਿੱਚ ਬੇਰੋਜ਼ਗਾਰੀ ਕਰਕੇ ਬਾਹਰ ਜਾ ਰਹੇ ਵਿਦਿਆਰਥੀਆਂ ਖਾਸ ਤੌਰ ‘ਤੇ 71 ਫ਼ੀ ਸਦੀ ਦਾ ਗ਼ੈਰ ਕਾਨੂੰਨੀ ਢੰਗ ਨਾਲ ਜਾਣਾ ਦੱਸਿਆ ਗਿਆ ਹੈ।  ਬਜ਼ੁਰਗਾਂ ਦੀਆਂ ਪੈਨਸ਼ਨਾ ਦੀ ਦੁਰਵਰਤੋਂ ਤੱਥਾਂ ਸਹਿਤ ਦੱਸਿਆ ਗਿਆ ਹੈ ਕਿ ਕਿਵੇਂ ਬਾਬੂਆਂ ਨੇ ਵੀ ਚਲਦੀ ਗੰਗਾ ਵਿੱਚ ਹੱਥ ਰੰਗ ਲਏ ਹਨ। ਸਰਕਾਰਾਂ ਪੈਨਸ਼ਨਾ ਵਿੱਚ ਵਾਧੇ ਲਈ ਲਾਰੇ ਲਾਉਂਦੇ ਰਹੇ ਹਨ। ਜੰਗ ਅਜੇ ਮੁੱਕੀ ਨਹੀਂ ਲੇਖ ਵਿੱਚ ਸਾਰੀਆਂ ਸਰਕਾਰਾਂ ਵੱਲੋਂ ਭਰਿਸ਼ਟਾਚਾਰ ਖ਼ਤਮ ਕਰਨ ਦੇ ਦਾਅਵੇ ਖੋਖਲੇ ਹੋ ਗਏ ਹਨ। ਪੰਜਾਬ ਵਿੱਚ ਹੋ ਰਹੇ ਸੜਕੀ ਹਾਦਸੇ ਅਨੇਕਾਂ ਜਾਨਾ ਦੀ ਆਹੂਤੀ ਲੈ ਰਹੇ ਹਨ। ਸਰਕਾਰਾਂ ਵਲੋਂ ਕੋਈ ਸਾਰਥਿਕ ਕਦਮ ਨਾ ਚੁੱਕਣ ਕਰਕੇ ਹਾਲਾਤ ਖ਼ਤਰਨਾਕ ਹੋ ਗਏ ਹਨ।
140 ਪੰਨਿਆਂ, 250 ਰੁਪਏ ਕੀਮਤ ਵਾਲੀ ਇਹ ਪੁਸਤਕ ਤਰਲੋਚਨ ਪਬਲਿਸ਼ਰਜ਼, ਚੰਡੀਗੜ੍ਹ ਨੇ ਪ੍ਰਕਾਸ਼ਤ ਕੀਤੀ ਹੈ।

ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ 
    ਮੋਬਾਈਲ-94178 13072
   ujagarsingh48@yahoo.com