ਆਸਾੜੁ ਤਪੰਦਾ ਤਿਸੁ ਲਗੈ - ਸੁਖਪਾਲ ਸਿੰਘ ਗਿੱਲ
ਦੇਸ਼ੀ ਮਹੀਨੇ ਸਾਡੀ ਸੱਭਿਅਤਾ ਅਤੇ ਸੰਸਕ੍ਰਿਤੀ ਨਾਲ ਜੁੜੇ ਹੋਏ ਹਨ। ਇਸ ਪ੍ਰਸੰਗ ਵਿੱਚ ਤਪਸ਼ ਅਤੇ ਤੜਫ ਸਮਾਈ ਬੈਠਾ ਹਾੜ੍ਹ ਮਹੀਨਾ ਚੇਤ ਤੋਂ ਸ਼ੁਰੂ ਬ੍ਰਿਕਮੀ ਸੰਮਤ ਦਾ ਚੌਥਾ ਮਹੀਨਾ ਹੁੰਦਾ ਹੈ। ਇਹ ਮਹੀਨਾ ਵੱਖ-ਵੱਖ ਤਰ੍ਹਾਂ ਦੇ ਧਾਰਮਿਕ, ਸੱਭਿਆਚਾਰਕ ਅਤੇ ਆਰਥਿਕ ਸੁਨੇਹੇ ਦਿੰਦਾ ਹੈ। ਮੌਸਮਾਂ ਦੀ ਤਬਦੀਲੀ ਨੇ ਹਾੜ੍ਹ ਮਹੀਨੇ ਦਾ ਰੁੱਖ ਥੋੜਾ ਬਦਲਿਆ ਜ਼ਰੂਰ ਹੈ। ਇਸ ਬਾਰ ਗਰਮੀ ਭਰਪੂਰ ਪੈ ਰਹੀ ਹੈ। ਪਰ ਹਾੜ੍ਹ ਮਹੀਨੇ ਦੀ ਗਰਮੀ ਦਾ ਪਰਛਾਵਾਂ “ਰੱਸੀ ਜਲ ਜਾਂਦੀ ਪਰ ਵੱਟ ਨਹੀਂ ਜਾਂਦਾ” ਰਹਿੰਦਾ ਹੀ ਹੈ। ਸ਼ਾਇਦ ਕੁਦਰਤ ਨੇ ਹੀ ਇਸ ਨੂੰ ਵਰ ਦਿੱਤਾ ਹੈ ਕਿ ਗਰਮੀ ਨਾਲ ਸਤਾਇਆ ਜ਼ਰੂਰ ਕਰੇਗਾ। ਹਾੜ੍ਹ ਮਹੀਨੇ ਦਾ ਪੇਂਡੂ ਜੀਵਨ ਨਾਲ ਖਾਸ ਰਿਸ਼ਤਾ ਹੈ। ਹੁਣ ਖੇਤੀ ਦੇ ਲਿਹਾਜ਼ ਤੋਂ ਮਸ਼ੀਨੀਕਰਨ ਨਾਲ ਕੁੱਝ ਵੱਖਰਾ ਹੋਇਆ ਹੈ। ਇਹ ਮਹੀਨਾ ਪੇਂਡੂ ਜੀਵਨ ਨੂੰ ਸਿਦਕ ਦੀ ਕਸਵੱਟੀ ਤੇ ਲਾਉਂਦਾ ਹੈ। ਇਸ ਦੇਸੀ ਮਹੀਨੇ ਵਿੱਚ ਸਾਲ ਦਾ ਸਭ ਤੋਂ ਵੱਡਾ ਦਿਨ ਅਤੇ ਸਭ ਤੋਂ ਛੋਟੀ ਰਾਤ ਆਉਂਦੀ ਹੈ। ਹਾੜ੍ਹ ਦੀਆਂ ਗਰਮ ਹਵਾਵਾਂ ਨੂੰ ਗੁਰਭਜਨ ਗਿੱਲ ਜੀ ਨੇ ਆਪਣੀ ਕਵਿਤਾ ਵਿੱਚ ਇਉਂ ਚਿਤਰਿਆ ਹੈ:-
“ਹਾੜ੍ਹ ਮਹੀਨਾ ਸਿਖਰ ਦੁਪਹਿਰਾ ਤੇਜ਼ ਹਵਾ, ਵੇਂਹਦੇ ਵੇਂਹਦੇ ਸਾਵਾਂ ਰੁੱਖ ਸੀ ਝੁਲਸ ਗਿਆ”
ਇਸ ਬਾਰ ਹੱਦਾਂ ਟੱਪੀ ਜੇਠ ਮਹੀਨੇ ਦੀ ਗਰਮੀ ਦੱਸਦੀ ਹੈ ਕਿ ਹਾੜ੍ਹ ਮਹੀਨਾ ਹੋਰ ਤਪਾਏਗਾ। ਸਾਡੇ ਬਜ਼ੁਰਗ ਆਮ ਕਹਿੰਦੇ ਹੁੰਦੇ ਸਨ ਕਿ ਹਾੜ੍ਹ ਦੇ ਦਸ-ਪੰਦਰਾਂ ਪ੍ਰਵਿਸਟੇ ਨੂੰ ਬੱਦਲ ਪੈ ਜਾਂਦਾ ਹੈ। ਅੱਜ ਵੀ ਇਸ ਮਹੀਨੇ ਦੇ ਆਖੀਰ ਵਿੱਚ ਮੀਂਹ ਪੈਂਦਾ ਹੈ। ਇਸ ਮਹੀਨੇ ਪੁਰਾਣੇ ਜ਼ਮਾਨੇ ਕੱਪੜਿਆਂ ਦੀ ਘਾਟ ਕਾਰਨ ਪਿੰਡਾਂ ਦੇ ਲੋਕ ਵਿਆਹ-ਸ਼ਾਦੀ ਵਗੈਰਾ ਆਮ ਕਰਦੇ ਹੁੰਦੇ ਸਨ। ਲੋਕ ਧਾਰਨਾ ਵੀ ਹੈ ਕਿ ਹਾੜ੍ਹ ਮਹੀਨੇ ਵਿਆਹ ਕਰਨ ਨਾਲ ਕੁਲ ਵਿੱਚ ਵਾਧਾ ਹੁੰਦਾ ਹੈ। ਇਸ ਲਈ “ਪੈਂਤੀ ਹਾੜ੍ਹ” ਦੀ ਦੰਦ ਕਥਾ ਵੀ ਜੁੜੀ ਹੋਈ ਹੈ। ਇੱਕ ਲਾਚਾਰ ਅਤੇ ਬੇਵਸੀ ਦਾ ਮਾਰਿਆ ਬੰਦਾ ਘਰਦਿਆਂ ਵੱਲੋਂ ਉਸ ਨੂੰ ਮਗਰ ਲਾ ਕੇ ਰੱਖਣਾ ਕਿ ਤੇਰਾ ਵਿਆਹ ਪੈਂਤੀ ਹਾੜ੍ਹ ਨੂੰ ਕਰਨਾ ਹੈ ਨਾ ਹੀ ਪੈਂਤੀ ਹਾੜ੍ਹ ਆਵੇ ਨਾ ਵਿਆਹ ਹੋਵੇ। ਸਪੱਸ਼ਟ ਹੈ ਕਿ ਉਸ ਸਮੇਂ ਅਨੁਸਾਰ ਇਸ ਮਹੀਨੇ ਵਿਆਹ ਹੁੰਦੇ ਸਨ। ਹਾੜ੍ਹ ਦੇ ਦੂਜੇ ਪੰਦਰਵਾੜੇ ਮੀਂਹ ਸ਼ੁਰੂ ਹੋਣ ਕਰਕੇ ਇਸ ਨੂੰ ਸੱਭਿਆਚਾਰਕ ਵੰਨਗੀ ਦਿੱਤੀ ਗਈ ਹੈ:-
“ਬਰਸੇ ਅੱਧ ਹਾੜ੍ਹ ਤਾਂ ਭਰੇ ਭੰਡਾਰ, ਜੇਠ ਤਾਏ ਤੇ ਹਾੜ੍ਹ ਵਸਾਏ, ਉਸ ਮੁਲਕ ਦੇ ਕਾਲ ਕਿਉਂ ਨੇੜੇ ਆਏ?”
ਕਿਸਾਨ ਦਾ ਪੁੱਤ ਇਸ ਮਹੀਨੇ ਖੇਤੀ ਦੇ ਕੰਮਾਂ ਵਿੱਚ ਸਿਰੜ ਪੁਗਾਉਂਣ ਨਾਲ ਹੀ ਪਰਖਿਆਂ ਜਾਂਦਾ ਹੈ। ਇਸ ਮਹੀਨੇ ਸਿਖਰ ਦੀ ਗਰਮੀ ਤੋਂ ਬਾਅਦ ਮੀਂਹ ਦੀ ਸ਼ੁਰੂਆਤ ਹੋਣ ਕਰਕੇ ਜਿਮੀਂਦਾਰ ਆਪਣੇ ਸੰਦ-ਔਜ਼ਾਰ ਤਿਆਰ ਕਰਕੇ ਜ਼ਮੀਨ ਵਾਹੁਣ ਲਈ ਸਿਰੜ ਪੁਗਾਉਂਦੇ ਹਨ। ਹਾੜ੍ਹ ਖੇਤੀ ਤੇ ਪੇਂਡੂ ਜੀਵਨ ਨਾਲ ਜੁੜੇ ਕੰਮਕਾਰ, ਰੀਤੀ-ਰਿਵਾਜ ਅਤੇ ਸਾਹਿਤ ਬੁੱਕਲ ਵਿੱਚ ਸਾਂਭੀ ਬੈਠਾ ਹੈ। ਸਾਗਰਾਂ ਤੋਂ ਚੱਕਰਵਾਤੀ ਹਵਾਵਾਂ ਚੱਲਦੀਆਂ ਹਨ ਅਤੇ ਭਾਰਤ-ਪਾਕਿਸਤਾਨ ਵਿੱਚ ਬਰਸਾਤ ਦਾ ਸੁਨੇਹਾ ਦਿੰਦੀਆਂ ਹਨ। ਇਸ ਮਹੀਨੇ ਹਲ ਵਾਹੁਣਾ ਅੱਸੂ ਦੇ ਮਹੀਨੇ ਨਾਲੋਂ ਸੌ ਗੁਣਾ ਮੁਸ਼ੱਕਤ ਦਾ ਕੰਮ ਹੈ।
“ਹਾੜ੍ਹ ਦਾ ਇੱਕ ਸਾਵਣ ਦੇ ਦੋ,ਭਾਦੋਂ ਦੇ ਤ੍ਰੈ ਅਤੇ ਅੱਸੂ ਦਾ ਸੌ”
ਕਹਾਣੀਕਾਰ ਕੁਲਵੰਤ ਸਿੰਘ ਵਿਰਕ ਦੀ ਕਹਾਣੀ ਦੁੱਧ ਦਾ ਛੱਪੜ ਵੀ ਇਸੇ ਰੁੱਤ ਵਿੱਚੋਂ ਉਪਜੀ ਸੀ। ਹਾੜ੍ਹ ਤੋਂ ਹਾੜ੍ਹੀ ਹੁੰਦੀ ਹੈ। ਹਾੜ੍ਹ, ਹਾੜ੍ਹੀ ਅਤੇ ਹਾੜੂ ਇੱਕ-ਦੂਜੇ ਦੇ ਪੂਰਕ ਹਨ। ਹਾੜ੍ਹੀ ਦੀਆਂ ਮੁੱਖ ਫਸਲਾਂ ਕਣਕ, ਜੌਂ, ਛੋਲੇ, ਸਰੋਂ, ਮਟਰ, ਮਸਰ ਆਦਿ ਅਗਨੀ ਆਬ ਖਤਮ ਹੋਣ ਤੋਂ ਬਾਅਦ ਭੜੋਲੇ ਵਿੱਚ ਬੰਦ ਹੋ ਜਾਂਦੀਆਂ ਸਨ। ਹਾੜ੍ਹ ਮਹੀਨੇ ਹੀ ਪਸ਼ੂਆਂ ਲਈ ਹਰੇ ਚਾਰੇ ਦੀ ਚਮਕ ਬਹਾਰ ਸ਼ੁਰੂ ਹੋ ਜਾਂਦੀ ਹੈ। ਪਸ਼ੂ ਵੀ ਖੁਸ਼ ਰਹਿੰਦੇ ਹਨ। ਇਸ ਮਹੀਨੇ ਤੱਤੀ ਵਾ ਚੱਲਣ ਨਾਲ ਘੜਿਆਂ ਦਾ ਪਾਣੀ ਸੁੱਕ ਜਾਂਦਾ ਹੈ। ਕਾਂ ਦੀ ਅੱਖ ਫੁੱਟਦੀ ਜਾਂਦੀ ਹੈ। ਗਰਮੀ ਨਾਲ ਹੁੱਟ ਹੁੰਮਸ ਹੁੰਦਾ ਹੈ। ਮੀਂਹ ਦਾ ਛਿੱਟਾ ਵੀ ਵਰਦਾ ਹੈ। ਹਨੇਰੀਆਂ ਆਉਂਦੀਆਂ ਹਨ। ਹਾੜ੍ਹ ਦੇ ਹਨੇਰੇ ਪੱਖ ਦੀ ਅਸ਼ਟਮੀ ਨੂੰ ਬੱਦਲਾਂ ਚੋਂ ਚੰਨ ਨਿਕਲੇ ਤਾਂ ਅਨਾਜ ਬਹੁਤਾ ਹੋਣ ਦੀ ਮਿੱਥ ਅਤੇ ਥਿੱਤ ਵੀ ਹੈ। ਪਹਿਲੇ ਲੋਕ ਹਾੜ੍ਹ ਮਹੀਨੇ ਕੋਠੇ ਤੇ ਸੌਂਦੇ ਸਨ। ਲੋਕ ਮੰਜੇ ਅੰਦਰ-ਬਾਹਰ ਕਰਕੇ ਹਾੜ੍ਹ ਗੁਜਾਰਦੇ ਸਨ। ਹਰ ਦੇਸੀ ਮਹੀਨੇ ਵਾਂਗ ਇਹ ਮਹੀਨਾ ਵੀ ਵੱਖ-ਵੱਖ ਤਰ੍ਹਾਂ ਦੇ ਸੁਨੇਹੇ ਦਿੰਦਾ ਹੈ।
“ਚੜਿਆ ਹਾੜ੍ਹ ਮਹੀਨਾ ਕੜਕਦਾ, ਮੇਰੇ ਅੰਦਰ ਭਾਂਬੜ ਭੜਕਦਾ,
ਇਸ ਬਿਰਹੋਂ ਸੂਰਜ ਚਾੜਿਆ, ਮੈਨੂੰ ਪਿਆਰੇ ਦਿਲੋਂ ਵਿਸਾਰਿਆ,
ਮੈਂ ਮੌਤੋਂ ਗੁਜਰੀ ਲੰਘ ਕੇ, ਕੇਹੀ ਬਰਛੀ ਲਾਈਆਂ ਸਾਰ ਮੈਂ,
ਮੈਨੂੰ ਹਿਜਰੀ ਆਤਸ਼ ਚਾੜਿਆ ਅਤੇ ਤਪਨ ਸਕਨ ਸਾੜਿਆ।”
ਧਾਰਮਿਕਤਾ ਪੱਖੋਂ ਪੋਹ ਮਹੀਨੇ ਦੀ ਸੰਗਰਾਂਦ ਅਤੇ ਪੁੰਨਿਆ ਖਾਸ ਹੁੰਦੇ ਹਨ। ਇਸ ਮਹੀਨੇ ਨੂੰ ਹਾੜ੍ਹ ,ਅਸਾੜ੍ਹ ਅਤੇ ਸੰਸਕ੍ਰਿਤ ਵਿੱਚ ਆਸ਼ੜ ਕਹਿੰਦੇ ਹਨ। ਜਿੰਨਾ ਕੋਲ ਪ੍ਰਮਾਤਮਾ ਦਾ ਨਾਮ ਨਹੀਂ ਉਨ੍ਹਾਂ ਨੂੰ ਹੀ ਹਾੜ੍ਹ ਮਹੀਨਾ ਤਪਾਉਂਦਾ ਹੈ। ਪਵਿੱਤਰ ਗੁਰਬਾਣੀ ਨੇ ਇਸ ਮਹੀਨੇ ਨੂੰ ਇਉਂ ਉਚਾਰਿਆ ਹੈ-
“ਆਸਾੜੁ ਤਪੰਦਾ ਤਿਸੁ ਲਗੈ, ਹਰਿ ਨਾਹੁ ਨ ਜਿਨਾ ਪਾਸਿ”
ਇਸ ਤੋਂ ਇਲਾਵਾ ਪਤੀ ਪਤਨੀ ਦੇ ਵਾਰਤਾਲਾਪ ਵਿੱਚ ਹਾੜ੍ਹ ਮਹੀਨੇ ਦੀ ਵੰਨਗੀ ਵੀ ਮਿਲਦੀ ਹੈ “ਜੇਠ ਨਾ ਜਾਈ ਚੰਗੀਆਂ ਫਸਲਾਂ ਪੱਕੀਆਂ, ਹਾੜ੍ਹ ਨਾ ਜਾਈਂ ਧੁੱਪਾਂ ਡਾਹਢੀਆਂ”। ਪਿੰਡਾਂ ਦੇ ਜੀਵਨ ਨੂੰ ਹਾੜ੍ਹ ਮਹੀਨਾ ਕਠੋਰ ਅਤੇ ਸਿਦਕ ਭਰਪੂਰ ਬਣਾਉਂਦਾ ਹੈ। ਬੈਚੇਨੀ ਪੈਦਾ ਹੋਣ ਦੇ ਬਾਵਜੂਦ ਵੀ ਜੀਵਨ ਪੰਧ ਚਾਲੂ ਰਹਿੰਦਾ ਹੈ। ਪਿੰਡਾਂ ਦੀਆਂ ਪੰਚਾਇਤਾਂ ਕਾਨੂੰਨ ਅਨੁਸਾਰ ਹਾੜ੍ਹੀ ਦਾ ਇਜਲਾਸ ਵੀ ਕਰਦੀਆਂ ਹਨ। ਇਹ ਵੀ ਇਸ ਲਈ ਹੀ ਰੱਖਿਆ ਹੋਵੇਗਾ ਕਿ ਇਨ੍ਹੀ ਦਿਨੀਂ ਲੋਕਾਂ ਨੂੰ ਵਿਹਲ ਹੁੰਦਾ ਹੈ। ਕੋਇਲ ਚੇਤ ਤੋਂ ਸ਼ੁਰੂ ਹੋ ਕੇ ਹਾੜ੍ਹ ਮਹੀਨੇ ਆਪਣੇ ਅਤੀਤ ਵੱਲ ਜਾਂਦੀ ਹੈ। ਮੌਸਮੀ ਤਬਦੀਲੀਆਂ ਕਾਰਨ ਦੇਸੀ ਮਹੀਨੇ ਆਪਣਾ ਪੁਰਾਤਨ ਵਜੂਦ ਤਾਂ ਗਵਾਉਂਦੇ ਹਨ ਪਰ ਇਨ੍ਹਾਂ ਦਾ ਪਰਛਾਵਾਂ ਅਤੇ ਸੁਨੇਹਾ ਉਹੀ ਰਹਿੰਦਾ ਹੈ। ਹਾੜ੍ਹ ਮਹੀਨੇ ਨੇ ਹਾੜ੍ਹੇ ਕਢਾਉਣ ਦੀਆਂ ਆਵਾਜ਼ਾਂ ਦੇਈ ਹੀ ਜਾਣੀਆਂ ਹਨ। ਕਿਸਾਨ ਅੰਦੋਲਨ ਵਿੱਚ ਹਾੜ੍ਹ ਮਹੀਨੇ ਨੂੰ ਇਉਂ ਦਰਸਾਇਆ ਗਿਆ ਸੀ “ਦਰਿਆਵਾਂ ਨੂੰ ਨੱਕੇ ਲਾਉਂਣ ਵਾਲੇ ਡਰਦੇ ਨਹੀਂ ਪਾਣੀ ਦੀਆਂ ਬੁਛਾਰਾਂ ਤੋਂ, ਹਾੜ੍ਹ ਦੀ ਗਰਮੀ ਚ ਝੌਨਾ ਪਾਲਣ ਵਾਲੇ ਦਬਦੇ ਨਹੀਂ ਕਦੇ ਜ਼ਲਮ ਸਰਕਾਰਾਂ ਤੋਂ ”। ਇਸ ਦੇਸੀ ਮਹੀਨੇ ਵਿੱਚ ਮਜਦੂਰ ਨੂੰ ਮੁਸ਼ੱਕਤ ਕਰਕੇ ਰੋਟੀ ਕਮਾਉਂਣ ਦੀ ਚਿੰਤਾ ਰਹਿੰਦੀ ਹੈ। ਮਜਦੂਰ ਵਰਗ ਹਾੜ੍ਹ ਮਹੀਨੇ ਮਜਬੂਰ ਹੁੰਦਾ ਹੈ। ਦੇਸੀ ਰੁੱਤਾਂ ਦੇ ਚੱਕਰ ਵਿੱਚ ਹਾੜ੍ਹ ਮਹੀਨਾ ਆਪਣੀਆਂ ਵੰਨਗੀਆਂ ਦੇ ਪਰਛਾਵੇਂ ਅਤੀਤ ਤੋਂ ਵਰਤਮਾਨ ਤੱਕ ਇਕੋ ਰਫਤਾਰ ਨਾਲ ਪਾ ਰਿਹਾ ਹੈ। ਭੱਵਿਖ ਵਿੱਚ ਵੀ ਹਾੜ੍ਹ ਮਹੀਨਾ ਧਾਰਮਿਕ ਸੱਭਿਆਚਾਰਕ ਅਤੇ ਰੁੱਤਾਂ ਤਿੱਥਾਂ ਅਨੁਸਾਰ ਤਪਸ਼ ਭਰਿਆ ਹੀ ਰਹੇਗਾ।
ਸੁਖਪਾਲ ਸਿੰਘ ਗਿੱਲ
ਅਅਬਿਆਣਾ ਕਲਾਂ
998781-11445