ਸਿੱਖ ਨਸਲਕੁਸ਼ੀ ਦੇ 40ਵੇਂ ਵਰ੍ਹੇ 'ਤੇ ਵਿਸ਼ੇਸ਼ - ਸਿੱਖ ਕੌਮ ਵੱਲੋਂ ਨਸਲਕੁਸ਼ੀ-1984 ਖਿਲਾਫ਼ ਖੂਨਦਾਨ ਦਾ 26 ਸਾਲਾਂ ਦਾ ਸਫ਼ਰ - ਡਾ. ਗੁਰਵਿੰਦਰ ਸਿੰਘ
ਸਿੱਖ ਨਸਲਕੁਸ਼ੀ 1984 ਦੇ ਦੁਖਾਂਤ ਨੂੰ ਯਾਦ ਕਰਦਿਆਂ ਕੈਨੇਡਾ ਵਿਚ ਸਿੱਖਾਂ ਵੱਲੋਂ ਖ਼ੂਨਦਾਨ ਲਹਿਰ ਰਾਹੀਂ ਇਤਿਹਾਸਕ ਸੇਵਾ 26ਵੇਂ ਵਰ੍ਹੇ ਦੀਆਂ ਬਰੂਹਾਂ 'ਤੇ ਪਹੁੰਚ ਚੁੱਕੀ ਹੈ। ਅੱਜ ਬੇਹੱਦ ਫਖ਼ਰ ਵਾਲੀ ਗੱਲ ਹੈ ਕਿ ਕੈਨੇਡਾ ਦੇ ਕੋਨੇ-ਕੋਨੇ 'ਚ ਇਨੀਂ-ਦਿਨੀਂ ਮਾਨਵਵਾਦ ਨੂੰ ਸਮਰਪਿਤ ਮਹਾਨ ਮੁਹਿੰਮ 'ਸਿੱਖ ਕੌਮ ਵੱਲੋਂ ਖੂਨਦਾਨ' ਜ਼ੋਰਾਂ 'ਤੇ ਹੈ। ਦੇਸ਼ ਦੇ ਹਰੇਕ ਵੱਡੇ ਸ਼ਹਿਰ 'ਚ ਸੈਂਕੜੇ ਸਿੱਖ ਇਸਤਰੀਆਂ ਅਤੇ ਆਦਮੀ ਖੂਨਦਾਨ ਕਰਕੇ ਲੋਕਾਂ ਦੀਆਂ ਜਾਨਾਂ ਬਚਾ ਰਹੇ ਹਨ। ਇਸ ਮੁਹਿੰਮ ਨਾਲ ਕੈਨੇਡਾ ਦੀ ਧਰਤੀ 'ਤੇ ਹੁਣ ਤੱਕ ਖ਼ੂਨਦਾਨ ਰਾਹੀਂ 2 ਲੱਖ ਤੋਂ ਵੱਧ ਜਾਨਾਂ ਬਚਾਈਆਂ ਜਾ ਚੁੱਕੀਆਂ ਹਨ! ਕੈਨੇਡੀਅਨ ਬਲੱਡ ਸਰਵਿਸਜ਼ ਵਲੋਂ ਇਸ ਕਾਰਜ ਨੂੰ 'ਦੇਸ਼ 'ਚ ਸਭ ਤੋਂ ਵੱਡੀ ਖੂਨਦਾਨ ਲਹਿਰ' ਕਰਾਰ ਦਿੰਦਿਆਂ ਸਨਮਾਨਿਤ ਕੀਤਾ ਗਿਆ ਹੈ। ਦਰਅਸਲ ਕੈਨੇਡਾ ਭਰ 'ਚ ਇਹ ਉਪਰਾਲਾ 1999 'ਚ ਅਰੰਭ ਹੋਇਆ ਸੀ ਅਤੇ 31 ਅਕਤੂਬਰ 202 ਤੱਕ, 2 ਲੱਖ ਤੋਂ ਵੱਧ ਜਾਨਾਂ ਸਿੱਖ ਕੌਮ ਵਲੋਂ ਕੀਤੇ ਖੂਨਦਾਨ ਰਾਹੀਂ ਬਚਾਈਆਂ ਜਾ ਚੁੱਕੀਆਂ ਹਨ। ਵੈਨਕੂਵਰ, ਟਰਾਂਟੋ, ਮਾਂਟਰੀਅਲ, ਐਡਮਿੰਟਨ, ਕੈਲਗਰੀ, ਵਿਨੀਪੈੱਗ, ਸਰੀ, ਐਬਸਫੋਰਡ, ਕਲੋਨਾ, ਕੈਮਲੂਪਸ, ਵਿਲੀਅਮਸ ਲੇਕ, ਸਸਕੈਚਵਿਨ, ਵਿਕਟੋਰੀਆ ਅਤੇ ਕੈਨੇਡਾ ਦੀ ਰਾਜਧਾਨੀ ਔਟਵਾ ਤੱਕ ਇਸ ਲਹਿਰ 'ਚ ਲੋਕਾਂ ਨੇ ਬੇਮਿਸਾਲ ਉਤਸ਼ਾਹ ਵਿਖਾਇਆ ਹੈ।
ਸੰਸਾਰ ਪੱਧਰ 'ਤੇ ਕੌਮੀ ਅਕਸ ਮਹਾਨ ਰੂਪ 'ਚ ਉਜਾਗਰ ਕਰਨ ਲਈ ਜਿਥੇ ਇਹ ਉਪਰਾਲਾ ਇਤਿਹਾਸਕ ਹੈ, ਉਥੇ 40 ਸਾਲ ਪਹਿਲਾਂ ਹੋਈ ਸਿੱਖ ਨਸਲਕੁਸ਼ੀ ਦੀ ਪੀੜਾ ਨੂੰ ਵੀ ਸੰਸਾਰ ਸਾਹਮਣੇ ਰੱਖਣ ਦਾ ਬਿਹਤਰੀਨ ਤਰੀਕਾ ਹੈ। ਖੂਨ ਡੋਲ੍ਹ ਕੇ ਅਤੇ ਜਾਨਾਂ ਲੈ ਕੇ ਜ਼ੁਲਮ ਕਰਨ ਵਾਲਿਆਂ ਦੀ ਕੋਹਝੀ ਅਸਲੀਅਤ ਦੁਨੀਆ ਅੱਗੇ ਰੱਖਣ ਦਾ ਇਸ ਤੋਂ ਬਿਹਤਰੀਨ ਢੰਗ ਕੀ ਹੋ ਸਕਦਾ ਹੈ ਕਿ ਨਸਲਕੁਸ਼ੀ ਦੀ ਪੀੜ੍ਹਤ ਸਿੱਖ ਕੌਮ ਨਾਲ ਸਬੰਧਤ ਲੋਕ, ਅੱਜ ਵੀ ਜਦੋ-ਜਹਿਦ ਕਰਦੇ ਖ਼ੂਨਦਾਨ ਦੇ ਕੇ ਲੱਖਾਂ ਜਾਨਾਂ ਬਚਾ ਰਹੇ ਹਨ।
ਬ੍ਰਿਟਿਸ਼ ਕੋਲੰਬੀਆ ਸਰਕਾਰ ਵੱਲੋਂ ਦੌਰਾਨ 'ਨਵੰਬਰ ਮਹੀਨੇ ਨੂੰ ਸਿੱਖ ਖੂਨਦਾਨ ਲਹਿਰ' ਵਜੋਂ ਮਾਨਤਾ ਦਿੱਤੀ ਗਈ, ਜੋ ਕਿ ਇਤਿਹਾਸਕ ਕਾਰਜ ਹੈ, ਪਰ ਅਫਸੋਸ ਦੀ ਗੱਲ ਹੈ ਕਿ ਇੰਡੀਅਨ ਸਟੇਟ ਦੇ ਪ੍ਰਭਾਵ ਕਾਰਨ ਇੱਥੇ ਇਸ ਗੱਲ ਦੀ ਘਾਟ ਜ਼ਰੂਰ ਮਹਿਸੂਸ ਹੋਈ ਹੈ ਕਿ ਇਸ ਖੂਨਦਾਨ ਮੁਹਿੰਮ ਦਾ ਅਸਲ ਕਾਰਨ, ਜੋ ਕਿ ਸਿੱਖ ਨਸਲਕੁਸ਼ੀ ਦਾ ਦੁਖਾਂਤ ਹੈ, ਉਸ ਬਾਰੇ ਸਰਕਾਰੀ ਐਲਾਨਨਾਮੇ 'ਚ ਖਾਮੋਸ਼ੀ ਹੈ। ਇਹ ਸਿੱਖ ਨਸਲਕੁਸ਼ੀ ਦੀ ਪੀੜ੍ਹਤ ਸਮੁੱਚੀ ਸਿੱਖ ਕੌਮ ਲਈ ਰੜਕਦਾ ਹੈ। ਨਵੰਬਰ ਚੌਰਾਸੀ ਦੇ ਸਿੱਖ ਕਤਲੇਆਮ ਦੇ ਦੁਖਾਂਤ ਨੂੰ ਸੰਸਾਰ ਸਾਹਮਣੇ ਉਜਾਗਰ ਕਰਨ ਲਈ ਹੀ ਸਿੱਖ ਕੌਮ ਵੱਲੋਂ ਖੂਨਦਾਨ ਮੁਹਿੰਮ ਸ਼ੁਰੂ ਕੀਤੀ ਗਈ ਸੀ ਅਤੇ ਇਸੇ ਕਰਕੇ ਹੀ ਲੱਖਾਂ ਜਾਨਾਂ ਬਚਾਈਆਂ ਗਈਆਂ ਹਨ।
ਕੈਨੇਡੀਅਨ ਲੋਕ ਜਦੋਂ ਦੇਸ਼ 'ਚ ਥਾਂ-ਥਾਂ 'ਤੇ ਲੱਗੇ ਖੂਨਦਾਨ ਕੈਂਪਾਂ 'ਚ ਸਿੱਖਾਂ ਦੇ ਵਲੰਟੀਅਰ ਪਰਿਵਾਰਾਂ, ਯੂਨੀਵਰਸਿਟੀ 'ਚ ਪੜ੍ਹਦੇ ਨੌਜਵਾਨ ਲੜਕੇ-ਲੜਕੀਆਂ ਅਤੇ ਬੁੱਧੀਜੀਵੀਆਂ ਤੋਂ ਏਨੇ ਵੱਡੇ ਹੁੰਗਾਰੇ ਦਾ ਕਾਰਨ ਪੁਛਦੇ ਹਨ, ਤਾਂ ਸਭ ਨੂੰ ਇੱਕੋ ਹੀ ਜਵਾਬ ਮਿਲਦਾ ਹੈ ਕਿ 'ਸਰਬੱਤ ਦਾ ਭਲਾ' ਮੰਗਣ ਵਾਲੀ ਕੌਮ ਖੂਨ ਲੈਣ 'ਚ ਨਹੀਂ, ਖੂਨ ਦੇਣ 'ਚ ਵਿਸ਼ਵਾਸ ਰੱਖਦੀ ਹੈ। ਇਸ ਲਹਿਰ ਨੇ ਕੈਨੇਡਾ ਭਰ ਦੇ ਮੀਡੀਆ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ, ਜਿਸ ਦੌਰਾਨ ਸਿੱਖਾਂ ਨੇ ਵੱਡੀ ਗਿਣਤੀ 'ਚ ਖੂਨਦਾਨ ਕਰਦਿਆਂ ਨਾ ਸਿਰਫ਼ ਜਾਨਾਂ ਹੀ ਬਚਾਈਆਂ ਹਨ, ਸਗੋਂ ਭਾਈ ਘਨ੍ਹਾਈਆ ਅਤੇ ਭਗਤ ਪੂਰਨ ਸਿੰਘ ਦੇ ਮਾਨਵੀ ਸੇਵਾ ਦੇ ਸੁਨੇਹੇ ਨੂੰ ਹੋਰਨਾਂ ਕੌਮਾਂ ਤੱਕ ਵੀ ਪਹੁੰਚਾਇਆ ਹੈ।
ਅਜਿਹੀਆਂ ਅਨੇਕਾਂ ਮਿਸਾਲਾਂ ਹਨ, ਜਿਨ੍ਹਾਂ ਦੌਰਾਨ ਜਿੱਥੇ ਵੀ ਮਨੁੱਖਤਾ ਨੂੰ ਖੂਨ ਦੀ ਲੋੜ ਪਈ, ਤਾਂ ਸਿੱਖ ਕੌਮ ਨੇ ਸਭ ਤੋਂ ਅੱਗੇ ਹੋ ਕੇ ਹੱਦਾਂ-ਸਰਹੱਦਾਂ, ਰੰਗ-ਨਸਲ, ਜਾਤ- ਫ਼ਿਰਕੇ ਨੂੰ ਇਕ ਪਾਸੇ ਰੱਖਦਿਆਂ ਖੂਨਦਾਨ ਦੀ ਲਹਿਰ ਚਲਾਉਂਦਿਆਂ ਹੋਇਆਂ ਅਣਗਿਣਤ ਜਾਨਾਂ ਬਚਾਈਆਂ। ਕੈਨੇਡਾ ਦੇ ਕਈ ਹਾਈਵੇਅ ਅਤੇ ਰਾਸ਼ਟਰੀ ਮਾਰਗਾਂ 'ਤੇ ਨਵੰਬਰ ਮਹੀਨੇ ਖੂਨਦਾਨ ਕਰਕੇ ਜਾਨਾਂ ਬਚਾਉਣ ਦਾ ਸੁਨੇਹਾ ਦੇਣ ਦੀ ਪਿਰਤ ਕਾਫ਼ੀ ਸਮੇਂ ਤੋਂ ਜਾਰੀ ਹੈ। ਇਸ ਉਪਰਾਲੇ ਦਾ ਜ਼ਿਕਰ ਕੈਨੇਡਾ ਦੀ ਪਾਰਲੀਮੈਂਟ ਤੋਂ ਲੈ ਕੇ ਸੂਬਿਆਂ ਦੀਆਂ ਵਿਧਾਨ ਸਭਾਵਾਂ ਤੱਕ, ਮਨੁੱਖੀ ਹੱਕਾਂ ਨਾਲ ਜੁੜੇ ਲੋਕਾਂ ਦੇ ਪ੍ਰਤੀਨਿਧ ਅਕਸਰ ਕਰਦੇ ਹਨ।
ਅੱਜ ਇਹ ਅਤਕਥਨੀ ਨਹੀਂ ਕਿ ਕੈਨੇਡਾ ਤੋਂ ਅਰੰਭ ਹੋਏ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ ਸੰਤਾਪ ਨੂੰ ਕੌਮਾਂਤਰੀ ਮੰਚ ਤੇ ਮਹਾਂ-ਦੁਖਾਂਤ ਦੇ ਰੂਪ ਵਿੱਚ ਪੇਸ਼ ਕਰਨ ਵਾਲੀ ਖੂਨਦਾਨ ਲਹਿਰ ਅਸਟ੍ਰੇਲੀਆ, ਅਮਰੀਕਾ, ਫਰਾਂਸ, ਇੰਗਲੈਂਡ ਅਤੇ ਦੁਨੀਆ ਦੇ ਕਰੀਬ 122 ਦੇਸ਼ਾਂ 'ਚ ਫੈਲ ਚੁੱਕੀ ਹੈ। ਉਹ ਦਿਨ ਦੂਰ ਨਹੀਂ ਜਦੋਂ ਯੂਨਾਇਟਡ ਨੇਸ਼ਨ 'ਚ ਮਨੁੱਖੀ ਅਧਿਕਾਰਾਂ ਲਈ ਸਮਰਪਿਤ ਕਾਰਜਾਂ ਦੀ ਸੂਚੀ 'ਚ ਸਿੱਖ ਕੌਮ ਦੀ ਖੂਨਦਾਨ ਲਹਿਰ ਦਾ ਜ਼ਿਕਰਯੋਗ ਥਾਂ ਹੋਵੇਗਾ। ਸਯੰਕਤ ਰਾਸ਼ਟਰ 'ਚ ਜਦੋਂ ਕਿਤੇ ਮਾਨਵਵਾਦੀ ਸੇਵਾ ਦੇ ਮਹਾਨ ਕਾਰਜ ਦੀ ਗੱਲ ਤੁਰੇਗੀ, ਉਦੋਂ ਹੀ ਨਵੰਬਰ ਉਨੀ ਸੌ ਚੁਰਾਸੀ ਵਿੱਚ ਭਾਰਤ ਅੰਦਰ ਹਜ਼ਾਰਾਂ ਬੇਕਸੂਰ ਸਿੱਖਾਂ ਦੇ ਲਹੂ ਡੋਲਣ ਵਾਲਿਆਂ ਨੂੰ ਲਾਹਣਤਾਂ ਵੀ ਪਾਈਆਂ ਜਾਣਗੀਆਂ ਅਤੇ 40 ਸਾਲਾਂ ਮਗਰੋਂ ਵੀ ਕਾਤਲਾਂ ਨੂੰ ਸਜ਼ਾਵਾਂ ਨਾ ਦੇਣ ਲਈ ਭਾਰਤ ਦੀਆਂ ਹੁਣ ਤੱਕ ਦੀਆਂ ਸਰਕਾਰਾਂ ਨੂੰ ਸ਼ਰਮਸਾਰ ਹੋਣਾ ਪਵੇਗਾ। ਸਿਤਮਜ਼ਰੀਫੀ ਦੀ ਇਸ ਤੋਂ ਵੱਡੀ ਮਿਸਾਲ ਕੀ ਹੋਵੇਗੀ ਕਿ ਹਜ਼ਾਰਾਂ ਬੇਕਸੂਰ ਸਿੱਖਾਂ ਦੇ ਕਤਲੇਆਮ ਦੀ ਕਾਂਗਰਸ ਆਗੂ ਤੇ ਦੇਸ਼ ਦਾ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਵੱਡੇ ਦਰਖਤ ਦੇ ਡਿਗਣ 'ਤੇ ਧਰਤੀ ਕੰਬਣ ਨਾਲ ਤੁਲਣਾ ਕਰ ਰਿਹਾ ਹੋਵੇ।
ਦੂਜੇ ਪਾਸੇ ਦੇਸ਼ ਦੀ ਫਿਰਕੂ ਜਥੇਬੰਦੀ ਆਰਐਸਐਸ ਦਾ ਵੱਡਾ ਆਗੂ ਨਾਨਾ ਜੀ ਦੇਸ਼ਮੁੱਖ ਸਿੱਖ ਕਤਲੇਆਮ ਦੇ ਦੋਸ਼ ਸਿੱਖਾਂ ਦੇ ਹੀ ਸਿਰ ਮੜਦਾ ਹੋਇਆ ਸਿੱਖ ਕੌਮ ਨੂੰ 'ਸਬਕ ਲੈਣ' ਦੀ ਨਸੀਹਤ ਦੇ ਰਿਹਾ ਹੋਵੇ ਅਤੇ ਅਜਿਹੀ ਨਸਲਕੁਸ਼ੀ ਨੂੰ ਆਪਣੀ ਸੌੜੀ ਸੋਚ ਅਧੀਨ ਜਾਇਜ਼ ਠਹਿਰਾ ਰਿਹਾ ਹੋਵੇ। ਜੇਕਰ ਅਜਿਹੇ ਲੋਕ 'ਭਾਰਤ ਰਤਨ' ਵਰਗੇ ਦੇਸ਼ ਦੇ ਸਭ ਤੋਂ ਵੱਡੇ ਅਖੌਤੀ ਪੁਰਸਕਾਰਾਂ ਨਾਲ ਸਨਮਾਨੇ ਜਾਂਦੇ ਹਨ, ਤਾਂ ਫਿਰ ਸਭ ਤੋਂ ਵੱਧ ਫਾਂਸੀ ਚੜ੍ਹਨ ਵਾਲੇ, ਕਾਲੇਪਾਣੀ ਦੀਆਂ ਸਜ਼ਾ ਕੱਟਣ ਵਾਲੇ, ਉਮਰ ਕੈਦਾਂ ਭੋਗਣ ਵਾਲੇ ਅਤੇ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦ ਸਿੱਖ ਅਤੇ ਸੱਚੇ ਸੁੱਚੇ ਸੂਰਬੀਰ ਤਾਂ 'ਦੇਸ਼ ਧਰੋਹੀ' ਹੀ ਕਹੇ ਜਾ ਸਕਦੇ ਹਨ। ਅਫ਼ਸੋਸ ਇਸ ਗੱਲ ਦਾ ਹੈ ਕਿ ਇਸ ਹਮਾਮ 'ਚ ਸਾਰੇ ਹੀ ਨੰਗੇ ਹਨ।
ਜੇਕਰ ਕਾਂਗਰਸ ਨੇ ਦਰਬਾਰ ਸਾਹਿਬ 'ਤੇ ਹਮਲਾ ਕੀਤਾ, ਤਾਂ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਹਲਾਸ਼ੇਰੀ ਦਿੱਤੀ। ਜੇ ਕਾਂਗਰਸ ਦੇ ਰਾਜ 'ਚ ਸਿੱਖ ਕਤਲੇਆਮ ਹੋਇਆ, ਤਾਂ ਭਾਜਪਾ ਦੇ ਰਾਜ 'ਚ ਮੁਸਲਿਮ ਵਿਰੋਧੀ ਕਤਲੇਆਮ ਹੋਇਆ। ਕੈਨੇਡਾ ਦੀ ਧਰਤੀ 'ਤੇ ਖੂਨਦਾਨ ਦੀ ਮੁਹਿੰਮ ਚਲਾਉਣ ਵਾਲੀ ਮਹਾਨ ਵਿਚਾਰਧਾਰਾ ਉਕਤ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਲਈ ਦ੍ਰਿੜ ਹੈ। ਇੱਕ ਦਿਨ ਜ਼ਰੂਰ ਆਵੇਗਾ, ਜਦੋਂ ਕੌਮਾਂਤਰੀ ਭਾਈਚਾਰਾ ਇਨਸਾਫ਼ ਲਈ 'ਹਾਅ ਦਾ ਨਾਅਰਾ' ਮਾਰੇਗਾ। ਅੱਜ ਲੋੜ ਇਸ ਗੱਲ ਦੀ ਹੈ ਕਿ ਕੌਮ ਦੇ ਚਿੰਤਕ ਅਤੇ ਵਿਦਵਾਨ ਆਪਣਾ ਫਰਜ਼ ਪਛਾਣਦੇ ਹੋਏ ਮਹਾਨ ਉਪਰਾਲਿਆਂ ਨੂੰ ਉਤਸ਼ਾਹਿਤ ਕਰਨ ਅਤੇ ਸਥਾਪਤੀ ਦੀ ਧੱਕੇਸ਼ਾਹੀ ਖਿਲਾਫ਼ ਲਿਖਣ। ਸਿੱਖ ਕੌਮ ਦੇ ਅਕਸ ਨੂੰ ਜੇਕਰ ਸਾਡਾ ਮੀਡੀਆ ਦੁਨੀਆ ਸਾਹਮਣੇ ਸਹੀ ਰੂਪ ਵਿੱਚ ਪੇਸ਼ ਕਰੇਗਾ, ਤਾਂ ਕੌਮ ਦੀ ਪਨੀਰੀ ਇਸ ਪਾਸੇ ਵੱਲ ਹੋਰ ਵੀ ਰੁਚਿਤ ਹੋਵੇਗੀ। ਅਜਿਹੇ ਮੌਕੇ 'ਤੇ ਸਹਿਣ ਸ਼ਕਤੀ, ਪਰਉਪਕਾਰ ਅਤੇ ਮਾਨਵੀ ਹੱਕਾਂ ਪ੍ਰਤੀ ਚੇਤਨਾ ਮੂਲ ਸਰੋਕਾਰ ਬਣ ਕੇ ਕੌਮ ਦੀ ਸਰਬੱਤ ਦੇ ਭਲੇ ਦੀ ਅਰਦਾਸ ਮਨਜ਼ੂਰ ਕਰਵਾਉਣਗੇ।
ਜਦੋਂ ਸੰਸਾਰ ਭਰ ਵਿੱਚ ਸਿੱਖ ਕੌਮ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੀ ਚੌਥੀ ਸ਼ਤਾਬਦੀ ਦਾ ਪੁਰਬ ਮਨਾਉਂਦਿਆਂ, ਜ਼ੁਲਮ ਖਿਲਾਫ ਗੁਰੂ ਸਾਹਿਬ ਵੱਲੋਂ ਉਠਾਈ ਆਵਾਜ਼ ਅਤਿ ਧਾਰਮਿਕ ਆਜ਼ਾਦੀ ਲਈ ਦਿੱਤੀ ਸ਼ਹਾਦਤ ਨੂੰ ਮਾਨਵਵਾਦ ਅਤੇ ਸਰਬੱਤ ਦੇ ਭਲੇ ਦਾ ਮੈਨੀਫੈਸਟੋ ਬਣਾ ਰਹੀ ਹੈ, ਉਦੋਂ ਸਾਰਿਆਂ ਨੂੰ ਮਿਲ ਕੇ ਭਾਰਤੀ ਹੁਕਮਰਾਨਾਂ ਦੇ ਹਿਟਲਰਸ਼ਾਹੀ ਅਤੇ ਨਾਜ਼ੀਵਾਦੀ ਹਿੰਦੂਤਵੀ ਏਜੰਡੇ ਖ਼ਿਲਾਫ਼ ਲੜਨ ਦੀ ਲੋੜ ਹੈ।
ਸਿੱਖ ਨਸਲਕੁਸ਼ੀ ਖ਼ਿਲਾਫ਼ ਖੂਨਦਾਨ ਮੁਹਿੰਮ ਕੇਵਲ ਸਿੱਖਾਂ ਲਈ ਇਨਸਾਫ਼ ਦੀ ਮੁਦਈ ਨਹੀਂ, ਬਲਕਿ ਦੇਸ਼ ਅੰਦਰ ਹੋਰਨਾਂ ਘੱਟ ਗਿਣਤੀਆਂ, ਮੂਲ ਵਾਸੀਆਂ, ਦੱਬੇ ਕੁਚਲੇ ਲੋਕਾਂ ਅਤੇ ਸਰਕਾਰੀ ਜਬਰ ਦਾ ਸ਼ਿਕਾਰ ਬਣ ਰਹੇ ਭਾਈਚਾਰਿਆਂ ਨਾਲ ਖੜ੍ਹਨ ਲਈ ਵੀ ਦ੍ਰਿੜ੍ਹ ਇਰਾਦੇ ਦੀ ਅਲੰਬਰਦਾਰ ਹੈ। ਇੱਥੋਂ ਤੱਕ ਕਿ ਸੰਸਾਰ ਦੇ ਕਿਸੇ ਵੀ ਕੋਨੇ 'ਚ ਹੋ ਰਹੇ ਜਬਰ-ਜ਼ੁਲਮ ਖਿਲਾਫ਼ ਸਿੱਖ ਕੌਮ ਵਲੋਂ ਆਵਾਜ਼ ਬੁਲੰਦ ਕਰਨਾ ਇਸ ਮੁਹਿੰਮ ਦਾ ਕੇਂਦਰ-ਬਿੰਦੂ ਹੈ। ਸਿੱਖ ਕੌਮ ਵੱਲੋਂ ਬੀਤੇ ਸਾਲ ਨਵੰਬਰ ਮਹੀਨੇ ਦੌਰਾਨ ਕੈਨੇਡਾ ਭਰ ਵਿਚ ਅਨੇਕ ਥਾਵਾਂ 'ਤੇ ਖੂਨਦਾਨ ਮੁਹਿੰਮ ਵਿੱਚ ਭਾਰੀ ਸਹਿਯੋਗ ਕਾਰਨ ਹੀ, ਸਰੀ ਸਿਟੀ ਕੌਂਸਲ ਅਤੇ ਸਾਬਕਾ ਮੇਅਰ ਵੱਲੋਂ ਬੀਤੇ ਵਰ੍ਹੇ ਨਵੰਬਰ ਮਹੀਨੇ ਨੂੰ ਸਿੱਖ ਨਸਲਕੁਸ਼ੀ ਖ਼ਿਲਾਫ਼ ਖੂਨਦਾਨ ਮੁਹਿੰਮ ਦੇ ਯਾਦਗਾਰੀ ਮਹੀਨੇ ਵਜੋਂ ਐਲਾਨਿਆ ਗਿਆ, ਜਦਕਿ ਕੈਨੇਡੀਅਨ ਬਲੱਡ ਸਰਵਿਸਜ਼ ਵੱਲੋਂ ਸਿੱਖ ਕੌਮ ਦੀ ਇਸ ਖੂਨਦਾਨ ਮੁਹਿੰਮ ਨੂੰ ਦੇਸ਼ ਦੀ ਸਭ ਤੋਂ ਵੱਡੀ ਮੁਹਿੰਮ ਵਜੋਂ ਸਨਮਾਨਿਆ ਗਿਆ।
ਆਓ, ਇਨਸਾਨੀਅਤ ਦਾ ਘਾਣ ਕਰਨ ਵਾਲੀਆਂ ਸਰਕਾਰਾਂ ਅਤੇ ਨਸਲਕੁਸ਼ੀ ਦੇ ਦੋਸ਼ੀਆਂ ਖਿਲਾਫ਼, ਸਿੱਖ ਕੌਮ ਵੱਲੋਂ ਆਰੰਭੀ ਖੂਨਦਾਨ ਮੁਹਿੰਮ ਦਾ ਹਿੱਸਾ ਬਣੀਏ ਅਤੇ ਸੰਸਾਰ ਵਿੱਚ 'ਨਾ ਡਰੋ ਨਾ ਡਰਾਓ' ਅਤੇ 'ਜੀਓ ਅਤੇ ਜਿਓਣ ਦਿਓ' ਦੇ ਮਹਾਨ ਸੰਕਲਪ ਦੇ ਧਾਰਨੀ ਹੋ ਕੇ, ਮਨੁੱਖੀ ਹੱਕਾਂ ਸਮੇਤ 'ਸਰਬੱਤ' ਦੇ ਹੱਕਾਂ ਦੇ ਪਹਿਰੇਦਾਰ ਬਣੀਏ। ਇਹ ਨਸਲਕੁਸ਼ੀ ਕਿਉਂ ਅਤੇ ਕਿਵੇਂ ਹੈ, ਇਸ ਬਾਰੇ ਕਾਵਿਕ ਸ਼ਬਦਾਂ ਨਾਲ ਵਿਸ਼ਾ ਸਮੇਟਦੇ ਹਾਂ;
"ਨਸਲਕੁਸ਼ੀ"
ਜਦ ਸੱਤਾ ਦੇ ਸਿੰਘਾਸਣ ਉੱਪਰ
ਆ ਬੈਠਣ ਆਦਮਖ਼ੋਰ
ਦਹਾੜਨ ਲਹੂ ਪਿਆਸੇ ਮੁਕੱਦਮ
ਆਦਮ-ਬੋ ਕਰ ਰਹੀ ਹੋਵੇ ਜਨੂੰਨੀ ਭੀੜ
ਸਭ ਸ਼ੈਤਾਨ ਟੁੱਟ ਪੈਣ ਬੇਗੁਨਾਹਾਂ 'ਤੇ
ਖੇਡਣ ਲਾਚਾਰ ਅਤੇ ਬੇਵੱਸਾਂ ਦੀ
ਖ਼ੂਨ ਦੀ ਹੋਲੀ
ਅਤੇ ਧਰਤ ਭਾਰਤ ਦੀ
ਥਾਂ-ਥਾਂ ਹੋ ਜਾਏ ਲਹੂ-ਲੁਹਾਣ....
ਹੋਰ ਕਿਸਨੂੰ ਆਖੋਗੇ ਨਸਲਕੁਸ਼ੀ?
ਜਦ ਰੱਖਿਅਕ ਹੀ ਬਣ ਜਾਣ ਭੱਖਿਅਕ
ਘੜਨ ਸਾਜਿਸ਼ ਖੁਰਾ-ਖੋਜ ਮਿਟਾਉਣ ਦੀ
ਕਰਨ ਜਨੂੰਨੀਆਂ ਦੀ ਪੁਸ਼ਤ-ਪਨਾਹੀ
ਦੇਣ ਖੁੱਲ੍ਹ ਮੌਤ ਦੇ ਤਾਂਡਵ ਦੀ
ਦਿਸੇ ਜਿਥੇ ਵੀ 'ਖਾਸ' ਨਸਲ ਦਾ ਸ਼ਖਸ
ਜਿਉਂਦੇ-ਜੀ ਸਾੜਨ ਸ਼ਰੇ-ਬਾਜ਼ਾਰ
ਨਾ ਬਖ਼ਸ਼ਣ ਉਸਦਾ ਘਰ ਪਰਿਵਾਰ...
ਹੋਰ ਕਿਸਨੂੰ ਆਖੋਗੇ ਨਸਲਕੁਸ਼ੀ?
ਜਦ ਸਰਕਾਰੀ ਅੱਤਵਾਦ ਦਾ ਹੋਵੇ ਨੰਗਾ-ਨਾਚ
ਆਕਾਸ਼ ਨੂੰ ਛੂਹ ਜਾਣ ਜਨੂੰਨੀ ਨਾਹਰਿਆਂ ਦੇ ਭਾਂਬੜ
'ਮਖੌਟਾਧਾਰੀ ਨਕਲਚੀ' ਪਾਵੇ ਬਲਦੀ 'ਤੇ ਤੇਲ
ਤੇ ਚੀਖ- ਚੀਖ ਆਖੇ 'ਖੂਨ ਦਾ ਬਦਲਾ ਖੂਨ'
ਇੱਕ- ਦੋ ਨਹੀਂ ਸੈਂਕੜੇ -ਹਜ਼ਾਰਾਂ ਦਾ ਖੂਨ
ਬੁੱਢੀ ਮਾਂ ਦਾ ਖੂਨ
ਬਿਰਧ ਬਾਪ ਦਾ ਖੂਨ
ਜਵਾਨ ਪੁੱਤ ਦਾ ਖੂਨ
ਮੁਟਿਆਰ ਧੀ ਦਾ ਖੂਨ
ਅਣਜੰਮੇ ਜੀਅ ਦਾ ਖੂਨ....
'ਇਕੋ ਸ਼ਕਲ' ਦਾ ਖੂਨ,
'ਇਕੋ ਨਸਲ' ਦਾ ਖੂਨ...
ਦੱਸੋ ਹੋਰ ਕਿਸਨੂੰ ਆਖੋਗੇ ਨਸਲਕੁਸ਼ੀ?
ਜਦ ਨਿਸ਼ਾਨਾ ਬਣੇ 'ਇੱਕ ਹੀ ਕੌਮ'
ਅਰਥਹੀਣ ਹੋ ਜਾਏ ਇਹ ਤਰਕ ਕਿ
ਕਿਹੜੀ ਹੈ ਉਸਦੀ ਸਿਆਸੀ ਜਮਾਤ?
ਕਿਹੜੀ ਹੈ ਉਸਦੀ ਵਿਚਾਰਧਾਰਾ?
ਕਿਹੜਾ ਹੈ ਉਸਦਾ ਵਪਾਰ-ਕਾਰੋਬਾਰ?
ਕੀ ਉਹ ਹੈ ਆਸਤਿਕ ਜਾਂ ਨਾਸਤਿਕ?
ਕੀ ਉਹ ਹੈ ਅਕਾਲੀ ਜਾਂ ਕਾਂਗਰਸੀ?
ਕੀ ਉਹ ਹੈ ਸੱਜੇਪੱਖੀ ਜਾਂ ਖੱਬੇਪੱਖੀ?
ਕੀ ਉਹ ਹੈ ਕਲੀਨਸ਼ੇਵ ਜਾਂ ਅੰਮ੍ਰਿਤਧਾਰੀ?
ਕੀ ਉਹ ਹੈ ਮਿਸ਼ਨਰੀ ਜਾਂ ਟਕਸਾਲੀ?
ਕੀ ਉਹ ਹੈ ਫੰਡਮੈਂਟਲਿਸਟ ਜਾਂ ਮਾਡਰੇਟ?
ਉਹ ਹੋਏ ਚਾਹੇ ਕਿਸੇ ਵੀ ਸ਼ਕਲ-ਸੂਰਤ 'ਚ
ਉਸ ਦੀ ਹੋਂਦ ਮਿਟਾਉਣ ਲਈ ਬੱਸ ਏਨਾ ਹੀ ਕਾਫੀ
ਕਿ ਉਹ ਹੈ ਸਰਬੱਤ ਦਾ ਭਲਾ ਮੰਗਣ ਵਾਲਾ 'ਸਿੱਖ'
ਉਸ ਦੀ ਅਲਖ ਮੁਕਾਉਣ ਲਈ ਬੱਸ ਏਨਾ ਹੀ ਬਹੁਤ ਕਿ
ਉਹ ਹੈ ਪੰਜਾਬ ਦਾ ਜਾਇਆ, ਗੁਰਮੁੱਖੀ ਦਾ ਪੁੱਤਰ
ਉਸ ਦੇ ਕਤਲ ਲਈ ਬੱਸ ਏਨੀ ਪਛਾਣ ਹੀ ਬਹੁਤ ਕਿ
ਉਸਨੇ ਹੱਥ 'ਚ ਪਹਿਨਿਆ ਹੈ 'ਕੜਾ'...
ਹੋਰ ਕਿਸਨੂੰ ਆਖੋਗੇ ਨਸਲਕੁਸ਼ੀ?
ਜਦ ਇੱਕ ਨਸਲ 'ਤੇ ਆ ਝਪਟਣ ਸਾਰੇ ਸ਼ੈਤਾਨ'
ਹੋਏ ਸਭ ਦਾ ਇਕ ਨਿਸ਼ਾਨਾ ਇਕ ਐਲਾਨ
ਹੈ ਮਿਟਾਉਣਾ ਸਿੱਖ ਕੌਮ ਦਾ ਨਾਮੋ-ਨਿਸ਼ਾਨ
ਇਕ ਕਹੇ 'ਜਦ ਡਿੱਗੇ ਵੱਡਾ ਰੁੱਖ,
ਤਾਂ ਕੰਬਦੀ ਹੈ ਧਰਤੀ'
ਦੂਜਾ ਕਹੇ 'ਪੀੜਤ ਖ਼ੁਦ ਹੀ ਹੈ ਦੋਸ਼ੀ
ਤੇ ਪੀੜਤ ਲਈ ਹੈ 'ਸਬਕ' ਵੱਡਾ ਰੁੱਖ ਡੇਗਣ ਦਾ
ਜਦ ਬਘਿਆੜਾਂ ਦੀ ਇੱਕ ਢਾਣੀ ਵਲੋਂ
ਲਹੂ ਪਿਆਸਾ ਭਿਅੰਕਰ ਰਾਜੀਵ
ਐਲਾਨ ਦਿੱਤਾ ਜਾਏ 'ਭਾਰਤ ਰਤਨ'
ਤੇ ਬਘਿਆੜਾਂ ਦੀ ਦੂਜੀ ਢਾਣੀ ਵਲੋਂ
ਕੱਟੜਪੰਥੀ ਨਾਨਾ ਦੇਸ਼ਮੁਖ
ਐਲਾਨ ਦਿੱਤਾ ਜਾਏ 'ਭਾਰਤ ਰਤਨ'
ਤੇ ਜਿਹੜੇ ਚੜ੍ਹ ਗਏ ਫਾਂਸੀਆਂ,
ਭੇਜੇ ਗਏ ਕਾਲੇਪਾਣੀਆਂ ਨੂੰ,
ਉਡਾਏ ਗਏ ਤੋਪਾਂ ਸਾਹਵੇਂ,
ਡੱਕੇ ਗਏ ਜੇਲ੍ਹਾਂ ਦੀਆਂ ਸਲਾਖਾਂ ਪਿਛੇ,
ਸ਼ਹੀਦ ਹੋਏ ਹੱਦਾ-ਸਰਹੱਦਾਂ ਦੀ ਰਾਖੀ ਕਰਦਿਆਂ,
ਉਨ੍ਹਾਂ ਨੂੰ ਮਿਲੇ ਇਹ 'ਇਨਾਮ'..
ਨਸਲਕੁਸ਼ੀ! ਨਸਲਕੁਸ਼ੀ!! ਨਸਲਕੁਸ਼ੀ!!!
ਡਾ. ਗੁਰਵਿੰਦਰ ਸਿੰਘ
ਕੋਆਰਡੀਨੇਟਰ, ਪੰਜਾਬੀ ਸਾਹਿਤ ਸਭਾ ਮੁੱਢਲੀ (ਰਜਿ.)
ਐਬਸਫੋਰਡ, ਕੈਨੇਡਾ।