MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਪੰਜ ਸੂਬਿਆਂ 'ਚ ਚੋਣ ਹਾਰ ਦਾ ਅਸਰ : ਸੋਨੀਆ, ਰਾਹੁਲ ਤੇ ਪ੍ਰਿਅੰਕਾ ਗਾਂਧੀ ਦੇ ਸਕਦੇ ਹਨ ਅਸਤੀਫਾ


ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਉੱਤਰ ਪ੍ਰਦੇਸ਼, ਪੰਜਾਬ, ਉੱਤਰਾਖੰਡ, ਗੋਆ ਅਤੇ ਮਨੀਪੁਰ ਵਿੱਚ ਹੋਈਆਂ ਚੋਣਾਂ ਵਿੱਚ ਪਾਰਟੀ ਦੀ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਸਤੀਫੇ ਦੀ ਪੇਸ਼ਕਸ਼ ਕਰ ਸਕਦੇ ਹਨ। ਸੂਤਰਾਂ ਮੁਤਾਬਕ ਐਤਵਾਰ ਸ਼ਾਮ 4 ਵਜੇ ਸ਼ੁਰੂ ਹੋਣ ਵਾਲੀ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਤਿੰਨਾਂ ਨੇਤਾਵਾਂ ਵਲੋਂ ਆਪਣੇ ਅਸਤੀਫੇ ਦਿੱਤੇ ਜਾਣ ਦੀ ਸੰਭਾਵਨਾ ਹੈ। ਇਹ ਮੀਟਿੰਗ ਦਿੱਲੀ ਸਥਿਤ ਏ.ਆਈ.ਸੀ.ਸੀ. ਦੇ ਦਫ਼ਤਰ ਵਿੱਚ ਹੋਣ ਜਾ ਰਹੀ ਹੈ। ਬੈਠਕ 'ਚ ਪੰਜ ਰਾਜਾਂ 'ਚ ਚੋਣ ਹਾਰ ਅਤੇ ਮੌਜੂਦਾ ਸਿਆਸੀ ਸਥਿਤੀ 'ਤੇ ਚਰਚਾ ਕੀਤੀ ਜਾਵੇਗੀ।
ਦੱਸ ਦੇਈਏ ਕਿ ਪੰਜ ਰਾਜਾਂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਉੱਤਰ ਪ੍ਰਦੇਸ਼ ਵਿੱਚ 403 ਸੀਟਾਂ ਲਈ ਹੋਈਆਂ ਚੋਣਾਂ ਵਿੱਚ ਕਾਂਗਰਸ ਨੂੰ ਸਿਰਫ਼ ਦੋ ਸੀਟਾਂ ਮਿਲੀਆਂ ਹਨ। ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਸੀ। ਮੁੱਖ ਮੰਤਰੀ ਉਮੀਦਵਾਰ ਬਣਨ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਾਲੇ ਕਾਫੀ ਤਕਰਾਰ ਹੋ ਗਈ। ਆਮ ਆਦਮੀ ਪਾਰਟੀ (ਆਪ) ਦੀ ਅਜਿਹੀ ਲਹਿਰ ਸੀ ਕਿ ਕਾਂਗਰਸ 18 ਤੱਕ ਸਿਮਟ ਗਈ। ਪੰਜਾਬ ਦੀਆਂ 117 ਸੀਟਾਂ ਲਈ ਚੋਣਾਂ ਹੋਈਆਂ ਸਨ। ਉੱਤਰਾਖੰਡ ਵਿੱਚ 70 ਸੀਟਾਂ ਲਈ ਹੋਈਆਂ ਚੋਣਾਂ ਵਿੱਚ ਕਾਂਗਰਸ ਨੂੰ ਸਿਰਫ਼ 19 ਸੀਟਾਂ ਮਿਲੀਆਂ ਹਨ। ਗੋਆ ਦੀਆਂ 40 ਵਿਧਾਨ ਸਭਾ ਸੀਟਾਂ ਵਿੱਚੋਂ ਕਾਂਗਰਸ ਸਿਰਫ਼ 11 ਸੀਟਾਂ ਹੀ ਜਿੱਤ ਸਕੀ। ਮਨੀਪੁਰ ਵਿੱਚ ਕਾਂਗਰਸ ਨੂੰ 60 ਵਿੱਚੋਂ ਸਿਰਫ਼ 5 ਸੀਟਾਂ ਮਿਲੀਆਂ ਹਨ।