
ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਮਿਤੀ 08-04-2025 ਨੂੰ ਲਗਾਇਆ ਜਾਵੇਗਾ- ਮੁੱਖ ਖੇਤੀਬਾੜੀ ਅਫਸਰ
ਫਰੀਦਕੋਟ , 07 ਅਪ੍ਰੈਲ ( ਧਰਮ ਪ੍ਰਵਾਨਾਂ ) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਿਲ੍ਹਾ ਫਰੀਦਕੋਟ ਵੱਲੋਂ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਮਾਡਲ ਐਗਰੀਕਲਚਰ ਫਾਰਮ, ਫਰੀਦਕੋਟ ਵਿਖੇ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਕੁਲਵੰਤ ਸਿੰਘ ਨੇ ਦੱਸਿਆ ਕਿ ਜਿਲ੍ਹਾ ਫਰੀਦਕੋਟ ਦੇ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਖਾਸ ਕਰਕੇ ਨਰਮਾ/ਕਪਾਹ, ਝੋਨਾ ਅਤੇ ਬਾਸਮਤੀ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਮਿਤੀ 08-04-2025 ਦਿਨ ਮੰਗਲਵਾਰ ਨੂੰ ਮਾਡਲ ਐਗਰੀਕਲਚਰ ਫਾਰਮ ਫਰੀਦਕੋਟ ਵਿਖੇ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਇਸ ਮੇਲੇ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕ ਕਰਨਾ ਹੋਵੇਗਾ। ਉਹਨਾਂ ਦੱਸਿਆ ਕਿ ਮੇਲੇ ਦੌਰਾਨ ਖੇਤੀਬਾੜੀ, ਬਾਗਬਾਨੀ, ਪਸ਼ੂਪਾਲਣ, ਸਿਹਤ ਵਿਭਾਗ, ਡੇਅਰੀ ਵਿਭਾਗ, ਮੱਛੀ ਪਾਲਣ, ਸਹਿਕਾਰਤਾ ਵਿਭਾਗ, ਨਿੱਜੀ ਅਦਾਰੇ ਅਤੇ ਅਗਾਂਹਵਧੂ ਕਿਸਾਨਾਂ ਵੱਲੋਂ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਅਤੇ ਸ. ਗੁਰਦਿੱਤ ਸਿੰਘ ਸੇਖੋਂ, ਐਮ.ਐਲ.ਏ. ਫਰੀਦਕੋਟ, ਸ. ਅਮੋਲਕ ਸਿੰਘ ਐਮ.ਐਲ.ਏ. ਜੈਤੋ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀਮਤੀ ਪੂਨਮਦੀਪ ਕੌਰ ਵੱਲੋਂ ਕੀਤਾ ਜਾਵੇਗਾ। ਉਹਨਾਂ ਕਿਸਾਨ ਵੀਰਾਂ ਖਾਸ ਤੌਰ ਤੇ ਨੌਜਵਾਨ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਵੱਲੋਂ ਲਗਾਏ ਜਾ ਰਹੇ ਮੇਲੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰ ਹੋਣ।