
ਖਾਲਸਾ ਪੰਥ ਦੀ ਸਾਜਨਾ ਦਿਹਾੜੇ ਮੌਕੇ ਗੁਰਮਤਿ ਸਮਾਗਮ ਆਯੋਜਿਤ, ਗਿਆਨੀ ਕੁਲਦੀਪ ਸਿੰਘ ਗੜਗੱਜ ਸਨਮਾਨਿਤ

ਸ੍ਰੀ ਅਨੰਦਪੁਰ ਸਾਹਿਬ, 7 ਅਪ੍ਰੈਲ (ਸਤਵਿੰਦਰ ਸਿੰਘ ਮਨੈਲਾ): ਸ੍ਰੀ ਅਨੰਦਪੁਰ ਸਾਹਿਬ ਵਿਖੇ ਬਾਬਾ ਸੰਗਤ ਸਿੰਘ ਜੀ, ਨੇੜੇ ਸਿੱਖ ਮਿਸ਼ਨਰੀ ਕਾਲਜ, ਵਿਖੇ ਖਾਲਸਾ ਪੰਥ ਦੀ ਸਾਜਨਾ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਸਵੇਰੇ 11 ਵਜੇ ਵਿਦਿਆਰਥੀਆਂ ਵੱਲੋਂ ਕੀਰਤਨ ਰਾਹੀਂ ਹੋਈ। ਇਸ ਤੋਂ ਬਾਅਦ ਵੱਖ-ਵੱਖ ਮਿਸ਼ਨਰੀ ਕਾਲਜਾਂ ਦੇ ਵਿਦਵਾਨਾਂ ਵੱਲੋਂ ਗੁਰਮਤਿ ਵਿਚਾਰ ਪ੍ਰਸਤੁਤ ਕੀਤੇ ਗਏ। ਸਮਾਗਮ ਦੌਰਾਨ ਸਿੱਖ ਮਿਸ਼ਨਰੀ ਕਾਲਜ, ਲੁਧਿਆਣਾ, ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ, ਚੌਂਤਾ ਕਲਾਂ, ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਜਵੱਦੀ, ਅਤੇ ਗੁਰੂ ਨਾਨਕ ਮਿਸ਼ਨਰੀ ਐਜੂਕੇਸ਼ਨਲ ਟ੍ਰੱਸਟ, ਲੁਹਾਰਾ ਭੋਗਪੁਰ ਵੱਲੋਂ ਸਾਂਝੀ ਤੌਰ 'ਤੇ ਹਿੱਸਾ ਲਿਆ ਗਿਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਕਾਰਜਕਾਰੀ ਜਥੇਦਾਰ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਨੂੰ ਖ਼ਾਸ ਤੌਰ 'ਤੇ ਸਨਮਾਨਿਤ ਕੀਤਾ ਗਿਆ। ਮਿਸ਼ਨਰੀ ਕਾਲਜਾਂ ਵੱਲੋਂ ਉਨ੍ਹਾਂ ਦੀਆਂ ਗੁਰਮਤਿ ਸੇਵਾਵਾਂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੂੰ ਵਿਸ਼ੇਸ਼ ਮਾਨਤਾ ਦਿੱਤੀ ਗਈ। ਸਮਾਗਮ ਦੌਰਾਨ ਵੱਖ-ਵੱਖ ਕੀਰਤਨੀ ਜਥਿਆਂ ਅਤੇ ਬੁਲਾਰਿਆਂ ਨੇ ਸੰਗਤ ਨੂੰ ਗੁਰਮਤਿ ਸਿਧਾਂਤਾਂ ਨਾਲ ਜੋੜਿਆ। ਸਮਾਪਤੀ ਸਮੇਂ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨਾਲ ਗੁਰੂ ਗ੍ਰੰਥ ਸਾਹਿਬ ਤੇ ਗੁਰੂ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਸਮਾਗਮ ਵਿੱਚ ਚਾਰਾਂ ਮਿਸ਼ਨਰੀ ਕਾਲਜਾਂ ਦੇ ਮੈਂਬਰਾਂ, ਵਿਦਿਆਰਥੀਆਂ ਅਤੇ ਸਥਾਨਕ ਸੰਗਤ ਨੇ ਭਾਰੀ ਗਿਣਤੀ ਵਿੱਚ ਹਾਜ਼ਰੀ ਭਰੀ ਅਤੇ ਖਾਲਸਾ ਪੰਥ ਪ੍ਰਤੀ ਆਪਣੀ ਨਿਸ਼ਠਾ ਦਾ ਪ੍ਰਗਟਾਵਾ ਕੀਤਾ।