*ਜਿਲਾ ਪੁਲਿਸ ਮੁਖੀ ਨੇ ਦੋ ਵਿਅਕਤੀਆਂ ਨਾਲ ਕੁੱਟਮਾਰ ਕਰਨ ਵਾਲੇ ਪੁਲਿਸ ਮੁਲਾਜ਼ਮ ਕੀਤੇ ਸਸਪੈਂਡ*
ਮਾਮਲੇ ਦੀ ਡੁੰਘਾਈ ਨਾਲ ਜਾਂਚ ਕਰਨ ਲਈ ਸਿੱਟ ਦਾ ਕੀਤਾ ਗਿਆ ਗਠਨ
ਫ਼ਤਹਿਗੜ੍ਹ ਸਾਹਿਬ, 12 ਅਪ੍ਰੈਲ (ਹਰਪ੍ਰੀਤ ਕੌਰ ਟਿਵਾਣਾ)ਬੀਤੇ ਦਿਨੀ ਖੇੜਾ ਪੁਲਿਸ ਚੌਂਕੀ ਵਿੱਚ ਪੁਲਿਸ ਵੱਲੋਂ 02 ਵਿਅਕਤੀਆਂ ਤੇ ਕੀਤੇ ਤਸ਼ਦਦ ਦੇ ਮਾਮਲੇ ਤੇ ਫੌਰੀ ਕਾਰਵਾਈ ਕਰਦਿਆਂ ਜ਼ਿਲਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਵੱਲੋਂ ਸਿੱਟ ਦਾ ਗਠਨ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿੱਚ ਸ਼ਾਮਲ 02 ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਕਥਿਤ ਦੋਸ਼ੀਆਂ ਵਿਰੁੱਧ ਸ਼ਿਕਾਇਤ ਕਰਤਾ ਦੇ ਬਿਆਨਾਂ ਦੇ ਆਧਾਰ ਤੇ ਐਫਆਈਆਰ ਵੀ ਦਰਜ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਐਸਪੀ (ਡੀ) ਰਾਕੇਸ਼ ਯਾਦਵ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਉਹਨਾਂ ਕਿਹਾ ਕਿ ਇਸ ਮਾਮਲੇ ਬਾਰੇ ਪਹਿਲਾਂ ਕਿਸੇ ਵੀ ਧਿਰ ਵੱਲੋਂ ਪੁਲਿਸ ਨੂੰ ਕੋਈ ਸ਼ਿਕਾਇਤ ਨਹੀਂ ਦਿੱਤੀ ਗਈ ਸੀ ਅਤੇ ਅੱਜ ਜਦੋਂ ਇਸ ਮਾਮਲੇ ਬਾਰੇ ਸ਼ਿਕਾਇਤ ਕਰਤਾ ਨੇ ਮਾਮਲਾ ਜ਼ਿਲਾ ਪੁਲਿਸ ਮੁਖੀ ਦੇ ਧਿਆਨ ਵਿੱਚ ਲਿਆਂਦਾ ਤਾਂ ਉਹਨਾਂ ਵੱਲੋਂ ਉਹਨਾਂ ਗੱਲ ਸੁਣਨ ਉਪਰੰਤ ਇਹ ਫੈਸਲਾ ਲਿਆ ਗਿਆ ਹੈ। ਐਸਪੀ ਯਾਦਵ ਨੇ ਕਿਹਾ ਕਿ ਪੁਲਿਸ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਨਹੀਂ ਬਖਸ਼ੇਗੀ ਅਤੇ ਇਸ ਮਾਮਲੇ ਵਿੱਚ ਸ਼ਾਮਿਲ ਪੁਲਿਸ ਮੁਲਾਜ਼ਮਾ ਵਿਰੁੱਧ ਨਿਯਮਾਂ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਪੁਲਿਸ ਆਮ ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਲਈ ਪੂਰੀ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਤੇ ਲੋਕਾਂ ਨਾਲ ਧੱਕਾ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ।